
ਚੰਡੀਗੜ੍ਹ, 05 ਅਗਸਤ (ਹਿੰ.ਸ.)| ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥਕ ਏਕਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਰਸਮੀ ਅਪੀਲ ਕੀਤੀ ਹੈ। ਕੌਂਸਲ ਨੇ ਕਿਹਾ ਹੈ ਕਿ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਸਮਾਜਿਕ ਹਾਲਾਤ ਨੂੰ ਦੇਖਦਿਆਂ ਜਥੇਦਾਰ ਸਾਹਿਬ ਨੂੰ ਸਿੱਖ ਪੰਥ ਦੀ ਸਿੱਧੀ ਅਗਵਾਈ ਆਪਣੇ ਹੱਥਾਂ ਵਿੱਚ ਲੈ ਕੇ ਵੱਖ-ਵੱਖ ਪੰਥਕ ਧਿਰਾਂ ਨੂੰ ਇਕ ਮੰਚ ’ਤੇ ਲਿਆਉਣ ਲਈ ਪਹਿਲ ਕਰਨੀ ਚਾਹੀਦੀ ਹੈ।
ਦੁਨੀਆ ਦੇ ਕਰੀਬ 30 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਗਲੋਬਲ ਸਿੱਖ ਕੌਂਸਲ ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਅਪੀਲ ਪ੍ਰਵਾਨ ਕੀਤੀ। ਕੌਂਸਲ ਨੇ ‘ਮੀਰੀ-ਪੀਰੀ’ ਅਤੇ ‘ਗੁਰੂ ਗ੍ਰੰਥ-ਗੁਰੂ ਪੰਥ’ ਦੇ ਸਿਧਾਂਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਪੰਥ ਦੇ ਸਾਂਝੇ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਭੂਮਿਕਾ ਰਹੀ ਹੈ।
ਕੌਂਸਲ ਨੇ ਪੰਜਾਬ ਦੀ ਅਕਾਲੀ ਸਿਆਸਤ ਵਿੱਚ ਹੋਏ ਵੱਡੇ ਪੱਧਰ ਦੇ ਖਿੰਡਾਅ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ‘ਅਕਾਲੀ ਦਲ’ ਨਾਮ ਨਾਲ ਕਈ ਰਜਿਸਟਰਡ ਸਿਆਸੀ ਪਾਰਟੀਆਂ ਮੌਜੂਦ ਹਨ, ਪਰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੀ ਸੀਟਾਂ ਜਿੱਤ ਸਕਿਆ ਸੀ ਅਤੇ ਉਸ ਦੇ ਹਿੱਸੇ ਸਿਰਫ਼ 3 ਸੀਟਾਂ ਆਈਆਂ ਸਨ। ਕੌਂਸਲ ਮੁਤਾਬਕ ਇਸ ਵੰਡ ਕਾਰਨ ਪੰਥ ਨੂੰ ਪ੍ਰਭਾਵਸ਼ਾਲੀ ਸਿਆਸੀ ਨੁਮਾਇੰਦਗੀ ਤੋਂ ਨੁਕਸਾਨ ਹੋਇਆ ਹੈ।
ਗਲੋਬਲ ਸਿੱਖ ਕੌਂਸਲ ਨੇ ਸੁਝਾਅ ਦਿੱਤਾ ਹੈ ਕਿ ਜਥੇਦਾਰ ਸਾਹਿਬ ਸਾਰੇ ਸਰਗਰਮ ਅਕਾਲੀ ਦਲਾਂ ਨੂੰ ਇਕਜੁੱਟ ਹੋਣ ਲਈ ਰਸਮੀ ਸੱਦਾ ਦੇਣ। ਇਨ੍ਹਾਂ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ, ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਸ਼ਾਮਲ ਹਨ।
ਕੌਂਸਲ ਨੇ ਇਨ੍ਹਾਂ ਧਿਰਾਂ ਨੂੰ ਆਪਸੀ ਸਹਿਮਤੀ ਨਾਲ ਸੀਟਾਂ ਦੀ ਵੰਡ ਦਾ ਫਾਰਮੂਲਾ ਤੈਅ ਕਰਕੇ ਸਾਂਝੇ ਮੰਚ ਤੋਂ ਚੋਣਾਂ ਲੜਨ ਦੀ ਤਜਵੀਜ਼ ਦਿੱਤੀ ਹੈ। ਜੇਕਰ ਸਾਂਝੀ ਲੀਡਰਸ਼ਿਪ ’ਤੇ ਸਹਿਮਤੀ ਨਾ ਬਣੇ ਤਾਂ ਪੰਜ ਮੈਂਬਰੀ ਪ੍ਰਧਾਨਗੀ ਕਮੇਟੀ ਬਣਾਉਣ ਜਾਂ ਸਰਗਰਮ ਸਿਆਸਤ ਤੋਂ ਬਾਹਰ ਕਿਸੇ ਸਤਿਕਾਰਤ ਪੇਸ਼ੇਵਰ ਸ਼ਖ਼ਸੀਅਤ ਨੂੰ ਸਾਂਝੇ ਗੱਠਜੋੜ ਦੀ ਅਗਵਾਈ ਦੇਣ ਦਾ ਸੁਝਾਅ ਦਿੱਤਾ ਗਿਆ ਹੈ।
ਕੌਂਸਲ ਨੇ ਇਹ ਵੀ ਕਿਹਾ ਕਿ ਏਕਤਾ ਦੀ ਮੁਹਿੰਮ ਸਿਰਫ਼ ਅਕਾਲੀ ਧਿਰਾਂ ਤੱਕ ਸੀਮਤ ਨਾ ਰਹੇ, ਸਗੋਂ ਦਲਿਤਾਂ ਅਤੇ ਹੋਰ ਸਿੱਖ ਸਿਆਸੀ ਧਿਰਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਵੋਟਰ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਸੀਨੀਅਰ ਵਕੀਲਾਂ ਦੀ ਕਮੇਟੀ ਬਣਾਉਣ ਦੀ ਤਜਵੀਜ਼ ਵੀ ਰੱਖੀ ਗਈ ਹੈ। ਗਲੋਬਲ ਸਿੱਖ ਕੌਂਸਲ ਨੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ, ਜਿਵੇਂ ਨਸ਼ਿਆਂ ਦੀ ਸਮੱਸਿਆ, ਦਰਿਆਈ ਪਾਣੀਆਂ, ਵਧ ਰਹੇ ਕਰਜ਼ੇ ਅਤੇ ਜਨਸੰਖਿਆ ਨਾਲ ਸਬੰਧਤ ਚਿੰਤਾਵਾਂ ’ਤੇ ਵੀ ਧਿਆਨ ਦੇਣ ਦੀ ਮੰਗ ਕੀਤੀ ਹੈ। ਕੌਂਸਲ ਨੇ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਅਤੇ ਪੰਜਾਬ ਹਿੱਤਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਨੂੰ ਇਸ ਪਹਿਲ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਕੌਂਸਲ ਨੇ ਕਿਹਾ ਕਿ ਉਹ ਪੰਥਕ ਏਕਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਪਹਿਲ ਨੂੰ ਪੂਰਨ ਸਹਿਯੋਗ ਦੇਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH