
ਲੁਧਿਆਣਾ, 05 ਅਗਸਤ (ਹਿੰ.ਸ.)| ਲੁਧਿਆਣਾ ਵਿੱਚ ਰਾਹਗੀਰਾਂ ਤੋਂ ਮੋਬਾਈਲ ਫੋਨ ਝਪਟਣ ਵਾਲੇ ਗਿਰੋਹ ਖ਼ਿਲਾਫ਼ ਥਾਣਾ ਸਦਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਕੰਪਨੀਆਂ ਦੇ 49 ਮੋਬਾਈਲ ਫੋਨ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਏਐਸਆਈ ਹਰਬੰਸ ਸਿੰਘ ਨੇ ਦੱਸਿਆ ਕਿ 4 ਅਗਸਤ 2026 ਨੂੰ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇੱਕ ਖ਼ਾਸ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਕੁਝ ਵਿਅਕਤੀ ਝਪਟੇ ਹੋਏ ਮੋਬਾਈਲ ਫੋਨ ਵੇਚਣ ਲਈ ਡੀ-ਮਾਰਟ, ਪਿੰਡ ਸੰਗੋਵਾਲ ਦੇ ਪਿੱਛੇ ਸਥਿਤ ਇੱਕ ਸੁੰਨੇ ਮਕਾਨ ਵਿੱਚ ਬੈਠੇ ਹਨ ਅਤੇ ਗਾਹਕ ਦੀ ਭਾਲ ਕਰ ਰਹੇ ਹਨ।ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਏਐਸਆਈ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਮੌਕੇ ’ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਉੱਥੇ ਮੌਜੂਦ ਚਾਰਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਮਾਰਕਾ ਦੇ ਕੁੱਲ 49 ਮੋਬਾਈਲ ਫੋਨ ਬਰਾਮਦ ਹੋਏ।ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪੁਨੀਤ ਕੁਮਾਰ ਅਤੇ ਰਾਜੀਵ ਕੁਮਾਰ, ਵਾਸੀ ਕਾਸਾਬਾਦ ਚੌਕ, ਲੁਧਿਆਣਾ (ਕਿਰਾਏਦਾਰ), ਅਤੇ ਅਤਾਉਲ ਸ਼ੇਖ, ਵਾਸੀ ਪਿੰਡ ਬਿਸ਼ਨਪੁਰ ਆਧਾ, ਜ਼ਿਲ੍ਹਾ ਸੀਤਾਮੜੀ, ਬਿਹਾਰ ਅਤੇ ਉਮੇਸ਼ ਕੁਮਾਰ, ਵਾਸੀ ਪਿੰਡ ਇਨਰਵਾ, ਜ਼ਿਲ੍ਹਾ ਸੀਤਾਮੜੀ, ਬਿਹਾਰ ਵਜੋਂ ਹੋਈ ਹੈ।ਥਾਣਾ ਸਦਰ ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹੁਣ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਇਹ ਮੋਬਾਈਲ ਫੋਨ ਉਨ੍ਹਾਂ ਨੇ ਲੁਧਿਆਣਾ ਦੇ ਕਿਹੜੇ-ਕਿਹੜੇ ਇਲਾਕਿਆਂ ਤੋਂ ਝਪਟੇ ਸਨ ਅਤੇ ਇਸ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਪੁਲਿਸ ਨੂੰ ਉਮੀਦ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਸ਼ਹਿਰ ਵਿੱਚ ਹੋਈਆਂ ਮੋਬਾਈਲ ਸਨੈਚਿੰਗ ਦੀਆਂ ਕਈ ਹੋਰ ਵਾਰਦਾਤਾਂ ਨੂੰ ਸੁਲਝਾਉਣ ਵਿੱਚ ਵੀ ਮਦਦ ਮਿਲੇਗੀ। ਮਾਮਲੇ ਦੀ ਅਗਲੇਰੀ ਜਾਂਚ ਏਐਸਆਈ ਹਰਬੰਸ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH