
ਮਾਨਸਾ, 08 ਅਗਸਤ (ਹਿੰ.ਸ.)| ਮਾਨਸਾ ਦੇ ਪਿੰਡ ਖਿਆਲੀ ਚਹਿਲਾਂਵਾਲੀ ਵਿੱਚ ਸਾਬਕਾ ਫੌਜੀ ਬਲਜਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾਸ਼ ਸ਼ੁੱਕਰਵਾਰ ਦੇਰ ਰਾਤ ਘਰ ਵਿੱਚੋਂ ਬਰਾਮਦ ਹੋਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਦੂਲਗੜ੍ਹ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।ਜਾਣਕਾਰੀ ਮੁਤਾਬਕ 40 ਸਾਲਾ ਬਲਜਿੰਦਰ ਸਿੰਘ ਇੱਕ ਨਿੱਜੀ ਫੈਕਟਰੀ ਵਿੱਚ ਕੰਮ ਕਰਦਾ ਸੀ। ਪਿੰਡ ਵਾਸੀਆਂ ਅਤੇ ਸਥਾਨਕ ਆਗੂਆਂ ਅਨੁਸਾਰ ਬਲਜਿੰਦਰ ਸਿੰਘ ਅਤੇ ਉਸ ਦੀ ਪਤਨੀ ਵਿਚਕਾਰ ਲੰਬੇ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਕਾਰ ਕਈ ਵਾਰ ਝਗੜਾ ਇੰਨਾ ਵੱਧ ਜਾਂਦਾ ਸੀ ਕਿ ਪੁਲਿਸ ਨੂੰ 112 ਨੰਬਰ ’ਤੇ ਸੂਚਨਾ ਦੇਣੀ ਪੈਂਦੀ ਸੀ।ਪਿੰਡ ਦੇ ਸਰਪੰਚ ਅਮਰਜੀਤ ਸਿੰਘ ਅਤੇ ਕਿਸਾਨ ਆਗੂ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਪੰਚਾਇਤ ਵੱਲੋਂ ਕਈ ਵਾਰ ਦੋਵਾਂ ਪਤੀ-ਪਤਨੀ ਵਿਚਕਾਰ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਮੁਤਾਬਕ ਦੋਵਾਂ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਹੁਣ ਬਲਜਿੰਦਰ ਸਿੰਘ ਦੀ ਸ਼ੱਕੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਬੱਚੇ ਛੱਡ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH