
ਬਟਾਲਾ, 09 ਅਗਸਤ (ਹਿੰ.ਸ.)| ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪਾਰਟੀ ਦੇ ਆਈਟੀ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਕਰਨਪ੍ਰੀਤ ਸਿੰਘ ਅਤੇ ਸੰਦੀਪ ਸਿੰਘ ਲਾਂਬਾ ਨੂੰ ਗੁਰਦਾਸਪੁਰ ਦਿਹਾਤੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੋਵਾਂ ਨੌਜਵਾਨ ਆਗੂਆਂ ਦੀ ਨਿਯੁਕਤੀ ਦਾ ਬਟਾਲਾ ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ।
ਇਸ ਮੌਕੇ ਵਿਧਾਨ ਸਭਾ ਹਲਕਾ ਬਟਾਲਾ ਦੇ ਅਹੁਦੇਦਾਰਾਂ ਪ੍ਰਿਥੀਪਾਲ ਸਿੰਘ ਬਟਾਲਾ, ਕਾਰਜਕਾਰਨੀ ਕਮੇਟੀ ਮੈਂਬਰ ਅਤੇ ਇੰਚਾਰਜ ਹਲਕਾ ਬਟਾਲਾ, ਜਗਜੀਤ ਸਿੰਘ ਬਟਾਲਾ, ਜਤਿੰਦਰ ਸਿੰਘ ਭੱਟੀ, ਦਿਲਬਾਗ ਸਿੰਘ ਗੋਬਿੰਦ ਨਗਰ, ਜੱਜ ਵੋਹਰਾ, ਸਤਨਾਮ ਸਿੰਘ, ਹਰਪਾਲ ਸਿੰਘ, ਬੀਬੀ ਪ੍ਰਭਜੋਤ ਕੌਰ ਬਟਾਲਾ, ਬੀਬੀ ਸੁਖਰਾਜ ਕੌਰ ਅਤੇ ਬੀਬੀ ਸ਼ਾਈਨ ਕੌਰ ਸਮੇਤ ਹੋਰ ਸੀਨੀਅਰ ਆਗੂਆਂ ਨੇ ਦੋਵਾਂ ਨਵ-ਨਿਯੁਕਤ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।
ਪਾਰਟੀ ਆਗੂਆਂ ਨੇ ਕਿਹਾ ਕਿ ਕਰਨਪ੍ਰੀਤ ਸਿੰਘ ਅਤੇ ਸੰਦੀਪ ਸਿੰਘ ਲਾਂਬਾ ਦੀ ਨਿਯੁਕਤੀ ਨਾਲ ਪਾਰਟੀ ਦੇ ਆਈਟੀ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਪਾਰਟੀ ਦੀ ਵਿਚਾਰਧਾਰਾ, ਗਤੀਵਿਧੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਆਈਟੀ ਵਿੰਗ ਅਹਿਮ ਭੂਮਿਕਾ ਨਿਭਾਏਗਾ। ਆਗੂਆਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ, ਮੈਂਬਰ ਪਾਰਲੀਮੈਂਟ ਸ੍ਰੀ ਖਡੂਰ ਸਾਹਿਬ ਅਤੇ ਮੁੱਖ ਸੇਵਾਦਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਪੱਖ ਅਤੇ ਸੁਨੇਹਾ ਘਰ-ਘਰ ਪਹੁੰਚਾਉਣ ਲਈ ਆਈਟੀ ਵਿੰਗ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੇ ਖ਼ਿਲਾਫ਼ ਕੀਤੇ ਜਾ ਰਹੇ ਕਥਿਤ ਭੰਡੀ ਅਤੇ ਕੂੜ ਪ੍ਰਚਾਰ ਦਾ ਤੱਥਾਂ ਦੇ ਆਧਾਰ ’ਤੇ ਜਵਾਬ ਦੇਣ ਵਿੱਚ ਵੀ ਆਈਟੀ ਵਿੰਗ ਦੀ ਭੂਮਿਕਾ ਮਹੱਤਵਪੂਰਨ ਹੋਵੇਗੀ।
ਇਸ ਮੌਕੇ ਬਟਾਲਾ ਦੇ ਆਗੂਆਂ ਨੇ ਕਿਹਾ ਕਿ ਸੰਦੀਪ ਸਿੰਘ ਲਾਂਬਾ ਅਤੇ ਕਰਨਪ੍ਰੀਤ ਸਿੰਘ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਵੱਖ-ਵੱਖ ਸਰਗਰਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਸਰਗਰਮੀ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਦੋਵਾਂ ਨਵ-ਨਿਯੁਕਤ ਇੰਚਾਰਜਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਆਈਟੀ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਹਿੰਦੂਸਥਾਨ ਸਮਾਚਾਰ / GURSHARAN SINGH