
ਬਰਨਾਲਾ, 09 ਅਗਸਤ (ਹਿੰ.ਸ.)| ਬਰਨਾਲਾ ਜ਼ਿਲ੍ਹੇ ਦੇ ਭਦੌੜ ਕਸਬੇ ਵਿੱਚ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਦੀਆਂ ਪੰਜ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਮਹਿਰੋਕ ਨੇ ਦੱਸਿਆ ਕਿ ਏਐਸਆਈ ਸੰਤੋਸ਼ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਤਿਕੋਨੀ ਭਦੌੜ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਭਦੌੜ ਵਾਸੀ ਬਲਜਿੰਦਰ ਸਿੰਘ, ਮਨਿੰਦਰ ਸਿੰਘ ਅਤੇ ਸੁਖਦੀਪ ਸਿੰਘ ਕਥਿਤ ਤੌਰ ’ਤੇ ਵਾਹਨ ਚੋਰੀ ਕਰਨ ਦੇ ਆਦੀ ਹਨ ਅਤੇ ਦਾਣਾ ਮੰਡੀ ਵਿੱਚ ਚੋਰੀ ਕੀਤੀਆਂ ਮੋਟਰਸਾਈਕਲਾਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ।
ਪੁਲਿਸ ਅਨੁਸਾਰ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਤੁਰੰਤ ਦਾਣਾ ਮੰਡੀ ਵਿੱਚ ਛਾਪੇਮਾਰੀ ਕੀਤੀ ਅਤੇ ਤਿੰਨਾਂ ਮੁਲਜ਼ਮਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ। ਮੁੱਢਲੀ ਜਾਂਚ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਬਿਨਾਂ ਨੰਬਰ ਵਾਲੀਆਂ ਤਿੰਨ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕੀਤੀਆਂ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਪੁਲਿਸ ਅਨੁਸਾਰ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਬਿਨਾਂ ਨੰਬਰ ਵਾਲੀਆਂ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕੀਤੀਆਂ ਗਈਆਂ। ਇਸ ਤਰ੍ਹਾਂ ਪੁਲਿਸ ਵੱਲੋਂ ਬਰਾਮਦ ਕੀਤੀਆਂ ਮੋਟਰਸਾਈਕਲਾਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀਆਂ ਪੰਜੋਂ ਮੋਟਰਸਾਈਕਲਾਂ ਦੇ ਇੰਜਣ ਅਤੇ ਚੈਸੀ ਨੰਬਰਾਂ ਦੇ ਆਧਾਰ ’ਤੇ ਉਨ੍ਹਾਂ ਦੇ ਅਸਲ ਮਾਲਕਾਂ ਦੀ ਪਛਾਣ ਕਰਨ ਲਈ ਆਰਟੀਓ ਦਫ਼ਤਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH