
ਚੰਡੀਗੜ੍ਹ, 09 ਅਗਸਤ (ਹਿੰ.ਸ.)| ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਵੱਲੋਂ ਨਿਯੁਕਤ ਕੀਤੇ ਗਏ 13 ਮਲਟੀ ਪਰਪਜ਼ ਹੈਲਥ ਵਰਕਰਾਂ ਵਿੱਚੋਂ 10 ਉਮੀਦਵਾਰਾਂ ਦੇ ਹਰਿਆਣਾ ਨਾਲ ਸਬੰਧਤ ਹੋਣ ਦਾ ਦਾਅਵਾ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ।
ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਸਰਕਾਰੀ ਨੌਕਰੀਆਂ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਅਤੇ ਸਰਕਾਰ ਇਸ ਮੁੱਦੇ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਰਕਾਰੀ ਨੌਕਰੀਆਂ ਵਿੱਚ ਸਥਾਨਕ ਨੌਜਵਾਨਾਂ ਦੇ ਹੱਕਾਂ ਅਤੇ ਮੌਕਿਆਂ ਨੂੰ ਤਰਜੀਹ ਮਿਲਣੀ ਚਾਹੀਦੀ ਹੈ ਅਤੇ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਨਿਰਪੱਖ ਹੋਣੀ ਚਾਹੀਦੀ ਹੈ।
ਕਾਂਗਰਸ ਸੰਸਦ ਮੈਂਬਰ ਨੇ ਕਿਹਾ ਕਿ ਜੇਕਰ ਗੁਆਂਢੀ ਸੂਬਿਆਂ ਦੇ ਨੌਜਵਾਨ ਹੀ ਪੰਜਾਬ ਦੀਆਂ ਸਰਕਾਰੀ ਨੌਕਰੀਆਂ ਹਾਸਲ ਕਰਨਗੇ ਤਾਂ ਪੰਜਾਬ ਦੇ ਨੌਜਵਾਨਾਂ ਲਈ ਮੌਕੇ ਕਿੱਥੇ ਰਹਿ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨਾਲ ਕਿਸੇ ਵੀ ਕੀਮਤ ’ਤੇ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ। ਰੰਧਾਵਾ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਵੱਲੋਂ ਕਰਵਾਈਆਂ ਜਾਂ ਇਸ ਨਾਲ ਸਬੰਧਤ ਭਰਤੀ ਪ੍ਰੀਖਿਆਵਾਂ ਅਤੇ ਚੋਣ ਪ੍ਰਕਿਰਿਆਵਾਂ ਦੀ ਸੁਤੰਤਰ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਫਾਰਮਾਸਿਸਟ ਅਫਸਰ ਭਰਤੀ ਪ੍ਰੀਖਿਆ ਵਿੱਚ ਕਥਿਤ ਨਕਲ ਅਤੇ ਬਲੂਟੁੱਥ ਡਿਵਾਈਸਾਂ ਦੀ ਵਰਤੋਂ ਦੇ ਮਾਮਲੇ ਪਹਿਲਾਂ ਹੀ ਭਰਤੀ ਪ੍ਰਣਾਲੀ ਦੀ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਕਰ ਚੁੱਕੇ ਹਨ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸਰਕਾਰੀ ਨੌਕਰੀਆਂ ਦੀ ਭਰਤੀ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸਪੱਸ਼ਟ ਨੀਤੀ ਬਣਾਈ ਜਾਵੇ। ਇਸ ਦੇ ਨਾਲ ਹੀ ਭਰਤੀ ਪ੍ਰੀਖਿਆਵਾਂ ਦੀ ਨਿਰਪੱਖਤਾ ਯਕੀਨੀ ਬਣਾਉਣ ਅਤੇ ਜਿੱਥੇ ਵੀ ਸ਼ਿਕਾਇਤਾਂ ਜਾਂ ਸ਼ੱਕ ਹੋਣ, ਉੱਥੇ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸਾਲਾਂ ਤੱਕ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਜੇਕਰ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਹੀ ਸਵਾਲ ਉੱਠਣ ਲੱਗ ਪੈਣ ਤਾਂ ਇਹ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋਵੇਗਾ। ਉਨ੍ਹਾਂ ਸਰਕਾਰ ਤੋਂ ਜਵਾਬ ਮੰਗਿਆ ਕਿ ਪੰਜਾਬ ਦੀਆਂ ਸਰਕਾਰੀ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਹੱਕ ਅਤੇ ਮੌਕੇ ਕਦੋਂ ਯਕੀਨੀ ਬਣਾਏ ਜਾਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH