ਕਿਰਤੀ ਕਿਸਾਨ ਯੂਨੀਅਨ ਗੁਰਦਾਸਪੁਰ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਸੰਪੰਨ, ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ
ਗੁਰਦਾਸਪੁਰ, 09 ਅਗਸਤ (ਹਿੰ.ਸ.)| ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਇਤਿਹਾਸਿਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ, ਰਾਮਪੁਰ ਵਿਖੇ ਹੋਇਆ। ਇਜਲਾਸ ਦੌਰਾਨ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਮੇਸ਼
ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਚੁਣੇ ਗਏ ਨਵੇਂ ਅਹੁਦੇਦਾਰ ਤੇ ਹੋਰ।


ਗੁਰਦਾਸਪੁਰ, 09 ਅਗਸਤ (ਹਿੰ.ਸ.)| ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਇਤਿਹਾਸਿਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ, ਰਾਮਪੁਰ ਵਿਖੇ ਹੋਇਆ। ਇਜਲਾਸ ਦੌਰਾਨ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਮੇਸ਼ ਸਿੰਘ ਢੇਸੀ ਬਤੌਰ ਅਬਜ਼ਰਵਰ ਹਾਜ਼ਰ ਰਹੇ।

ਇਜਲਾਸ ਦੀ ਸ਼ੁਰੂਆਤ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਉਪਰੰਤ ਪੁਰਾਣੀ ਜ਼ਿਲ੍ਹਾ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ। ਜ਼ਿਲ੍ਹਾ ਸਕੱਤਰ ਅਨੋਖ ਸਿੰਘ ਘੋੜੇਵਾਹ ਵੱਲੋਂ ਪਿਛਲੇ ਸਾਲਾਂ ਦੌਰਾਨ ਕੀਤੀਆਂ ਗਈਆਂ ਸੰਘਰਸ਼ੀ ਸਰਗਰਮੀਆਂ ਸਬੰਧੀ ਰਿਪੋਰਟ ਪੇਸ਼ ਕੀਤੀ ਗਈ, ਜਿਸ ’ਤੇ ਡੈਲੀਗੇਟਾਂ ਵੱਲੋਂ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਰਿਪੋਰਟ ਨੂੰ ਪਾਸ ਕੀਤਾ ਗਿਆ।

ਇਸ ਤੋਂ ਬਾਅਦ ਅਬਜ਼ਰਵਰ ਰਮੇਸ਼ ਸਿੰਘ ਢੇਸੀ ਦੀ ਹਾਜ਼ਰੀ ਵਿੱਚ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਇਸ ਵਿੱਚ ਤਰਲੋਕ ਸਿੰਘ ਬਹਿਰਾਮਪੁਰ ਨੂੰ ਜ਼ਿਲ੍ਹਾ ਪ੍ਰਧਾਨ, ਅਨੋਖ ਸਿੰਘ ਘੋੜੇਵਾਹ ਨੂੰ ਜ਼ਿਲ੍ਹਾ ਸਕੱਤਰ ਅਤੇ ਅਜੀਤ ਸਿੰਘ ਮੱਲੀਆ ਨੂੰ ਜ਼ਿਲ੍ਹਾ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਮਨਜੀਤ ਸਿੰਘ ਖੁਸ਼ਹਾਲਪੁਰ, ਜਰਨੈਲ ਸਿੰਘ ਝਬਕਰਾ, ਪਲਵਿੰਦਰ ਸਿੰਘ ਕਿਲ੍ਹਾ ਨੱਥੂ ਸਿੰਘ ਵਾਲਾ, ਦਲਜੀਤ ਸਿੰਘ ਤਲਵੰਡੀ ਦੀਨਾਨਾਥ, ਸਤਨਾਮ ਸਿੰਘ ਮਾਨੇਪੁਰ, ਹਰਜਿੰਦਰ ਸਿੰਘ ਘੋੜੇਵਾਹ ਅਤੇ ਸਤਬੀਰ ਸਿੰਘ ਸੁਲਤਾਨੀ ਨੂੰ ਕਮੇਟੀ ਮੈਂਬਰ ਚੁਣਿਆ ਗਿਆ।

ਨਵੀਂ ਚੁਣੀ ਜ਼ਿਲ੍ਹਾ ਕਮੇਟੀ ਨੇ ਕਿਸਾਨ ਲਹਿਰ ਨੂੰ ਜਥੇਬੰਦ ਕਰਨ ਅਤੇ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਨੂੰ ਅੱਗੇ ਵਧਾਉਣ ਲਈ ਸਰਗਰਮੀ ਨਾਲ ਕੰਮ ਕਰਨ ਦਾ ਅਹਿਦ ਕੀਤਾ।

ਇਜਲਾਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਅਤੇ ਜ਼ਿਲ੍ਹਾ ਸਕੱਤਰ ਅਨੋਖ ਸਿੰਘ ਘੋੜੇਵਾਹ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਸੂਬਾਈ ਇਜਲਾਸ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਭਰ ਵਿੱਚ ਇਕਾਈਆਂ ਦੀਆਂ ਚੋਣਾਂ, ਇਲਾਕਾ ਇਜਲਾਸ ਅਤੇ ਜ਼ਿਲ੍ਹਾ ਇਜਲਾਸ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਗੁਰਦਾਸਪੁਰ ਜ਼ਿਲ੍ਹੇ ਦਾ ਡੈਲੀਗੇਟ ਇਜਲਾਸ ਕਰਵਾਇਆ ਗਿਆ।

ਆਗੂਆਂ ਨੇ ਕਿਹਾ ਕਿ ਭਾਰਤ ਦੀ ਕਿਸਾਨੀ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਕਿਸਾਨ ਖੁਦਕੁਸ਼ੀਆਂ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਹਰੇ ਇਨਕਲਾਬ ਦਾ ਸਾਮਰਾਜੀ ਮਾਡਲ ਕਿਸਾਨੀ ਲਈ ਨੁਕਸਾਨਦਾਇਕ ਸਾਬਤ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਕਿਸਾਨ ਨੀਤੀਆਂ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਕਾਰਨ ਕਿਸਾਨੀ ਦਾ ਸੰਕਟ ਹੋਰ ਗੰਭੀਰ ਹੋ ਰਿਹਾ ਹੈ।

ਆਗੂਆਂ ਨੇ ਕਰ-ਮੁਕਤ ਵਪਾਰ ਸਮਝੌਤਿਆਂ ਦੇ ਸੰਭਾਵਿਤ ਪ੍ਰਭਾਵਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਕਿਸਾਨੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਜ਼ਬੂਤ ਜਥੇਬੰਦਕ ਤਾਕਤ ਰਾਹੀਂ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਇਫਟੂ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ, ਜੋਗਿੰਦਰ ਪਾਲ ਪਨਿਆੜ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਅਮਰ ਕ੍ਰਾਂਤੀ ਵੱਲੋਂ ਵੀ ਡੈਲੀਗੇਟਾਂ ਨੂੰ ਭਰਾਤਰੀ ਸੰਦੇਸ਼ ਦਿੱਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande