
ਜਲੰਧਰ, 09 ਅਗਸਤ (ਹਿੰ.ਸ.)| ਆਜ਼ਾਦੀ ਦਿਵਸ 2026 ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ, ਪੀਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ, ਨਾਕਾਬੰਦੀ, ਗਸ਼ਤ ਅਤੇ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ।ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਖੁਦ ਜ਼ਮੀਨੀ ਪੱਧਰ ’ਤੇ ਸੁਰੱਖਿਆ ਪ੍ਰਬੰਧਾਂ, ਪੁਲਿਸ ਤਾਇਨਾਤੀ ਅਤੇ ਚੈਕਿੰਗ ਮੁਹਿੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਟੀਮਾਂ ਨੂੰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਚੌਕਸੀ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਜਲੰਧਰ ਦਿਹਾਤੀ ਦੇ ਸਾਰੇ ਸਬ-ਡਵੀਜ਼ਨਾਂ ਵਿੱਚ ਪੁਲਿਸ ਦੀ ਮੌਜੂਦਗੀ ਵਧਾਈ ਗਈ ਹੈ। ਕਰਤਾਰਪੁਰ, ਨਕੋਦਰ, ਫਿਲੌਰ, ਸ਼ਾਹਕੋਟ ਅਤੇ ਆਦਮਪੁਰ ਇਲਾਕਿਆਂ ਵਿੱਚ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਮੁਹਿੰਮਾਂ ਦੀ ਨਿਗਰਾਨੀ ਡੀਐੱਸਪੀ ਨਰਿੰਦਰ ਸਿੰਘ ਔਜਲਾ, ਡੀਐੱਸਪੀ ਓਂਕਾਰ ਸਿੰਘ ਬਰਾੜ, ਡੀਐੱਸਪੀ ਭਾਰਤ ਮਸੀਹ ਲੱਧੜ, ਡੀਐੱਸਪੀ ਸਰਵਣ ਸਿੰਘ ਬੱਲ ਅਤੇ ਡੀਐੱਸਪੀ ਰਾਜੀਵ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ।ਪੁਲਿਸ ਟੀਮਾਂ ਵੱਲੋਂ ਮੁੱਖ ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਦਾਖਲਾ ਅਤੇ ਨਿਕਾਸ ਮਾਰਗਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਅਤੇ ਸ਼ੱਕੀ ਵਿਅਕਤੀਆਂ ਦੀ ਤਸਦੀਕ ਕੀਤੀ ਜਾ ਰਹੀ ਹੈ।ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰਾਤ ਸਮੇਂ ਨਾਈਟ ਡੋਮੀਨੇਸ਼ਨ ਮੁਹਿੰਮ ਨੂੰ ਵੀ ਤੇਜ਼ ਕੀਤਾ ਗਿਆ ਹੈ। ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਅਤੇ ਸਮਾਜ ਵਿਰੋਧੀ ਤੇ ਅਪਰਾਧਿਕ ਤੱਤਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।ਇਸ ਤੋਂ ਇਲਾਵਾ ਇਮਰਜੈਂਸੀ ਰਿਸਪਾਂਸ ਵਹੀਕਲਜ਼ ਨੂੰ 24 ਘੰਟੇ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਤੱਕ ਤੁਰੰਤ ਪੁਲਿਸ ਸਹਾਇਤਾ ਪਹੁੰਚਾਈ ਜਾ ਸਕੇ।ਜਲੰਧਰ ਦਿਹਾਤੀ ਪੁਲਿਸ ਨੇ ਆਮ ਲੋਕਾਂ ਨੂੰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਚੇਤ ਅਤੇ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਐਮਰਜੈਂਸੀ ਪੁਲਿਸ ਸਹਾਇਤਾ ਲਈ 112 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਆਜ਼ਾਦੀ ਦਿਵਸ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਮਾਹੌਲ ਵਿੱਚ ਮਨਾਉਣ ਲਈ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਗਏ ਹਨ। ਜਲੰਧਰ ਦਿਹਾਤੀ ਪੁਲਿਸ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH