
ਬਟਾਲਾ, 09 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁੰਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਸਮੁੱਚੇ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੀ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਹਿੱਤ ਵਿੱਚ ਕਈ ਅਹਿਮ ਫ਼ੈਸਲੇ ਲਏ ਹਨ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਦਮ ਚੁੱਕੇ ਗਏ ਹਨ।ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਦੇ ਸਮੇਂ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ।ਸ਼ੈਰੀ ਕਲਸੀ ਨੇ ਕਿਹਾ ਕਿ ਬਿਮਾਰੀ ਦੀ ਸਥਿਤੀ ਵਿੱਚ ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖਰਚਿਆਂ ਤੋਂ ਰਾਹਤ ਦੇਣ ਲਈ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਵੱਖ-ਵੱਖ ਜਾਂਚ ਟੈਸਟਾਂ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵੀ ਵੱਡੇ ਪੱਧਰ ’ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ, ਸਿਹਤ, ਬਿਜਲੀ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।ਵਿਧਾਇਕ ਨੇ ਕਿਹਾ ਕਿ ਲੋਕ ਮਿਲਣੀ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰ ’ਤੇ ਸੁਣਨਾ ਅਤੇ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਦਾ ਜਲਦ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਵਾਸੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਉਹ ਲਗਾਤਾਰ ਉਪਰਾਲੇ ਕਰਦੇ ਰਹਿਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH