
ਚੰਡੀਗੜ੍ਹ, 09 ਅਗਸਤ (ਹਿੰ.ਸ.)| ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਲਿਖੇ ਪੱਤਰ ਦਾ ਸਵਾਗਤ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਸਿਰਫ਼ 10 ਦਿਨਾਂ ਦੀ ਪੈਰੋਲ ਦੀ ਸਿਫ਼ਾਰਸ਼ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਹੈ।
ਭਾਈ ਪਾਲ ਸਿੰਘ ਫ਼ਰਾਂਸ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਪਹਿਲ ਕੀਤੀ ਗਈ ਹੈ ਤਾਂ ਇਸ ਨੂੰ ਵੱਧ ਸਮੇਂ ਲਈ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਮੁਲਾਕਾਤ ਅਤੇ ਹੋਰ ਜ਼ਰੂਰੀ ਕਾਰਜਾਂ ਲਈ 10 ਦਿਨਾਂ ਦਾ ਸਮਾਂ ਕਾਫ਼ੀ ਨਹੀਂ ਹੈ। ਇਸ ਲਈ ਪੈਰੋਲ ਦੀ ਮਿਆਦ ਵਧਾਈ ਜਾਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 7 ਜਨਵਰੀ 2023 ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਮੋਰਚਾ ਲਗਾ ਕੇ ਬੈਠੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨਾਲ ਮੁਲਾਕਾਤ ਲਈ 10 ਦਿਨਾਂ ਦੀ ਪੈਰੋਲ ਦੇਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਨੇ ਪੱਤਰ ਵਿੱਚ ਕਿਹਾ ਕਿ ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੈਰੋਲ ’ਤੇ ਰਿਹਾਈ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਹਾਈ ਕੋਰਟ ਵੱਲੋਂ ਵੀ ਉਸ ਦੀ ਪੈਰੋਲ ਅਰਜ਼ੀ ’ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਭਗਵੰਤ ਮਾਨ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਦੇਖਦਿਆਂ ਮਨੁੱਖੀ ਅਤੇ ਹਮਦਰਦੀ ਦੇ ਆਧਾਰ ’ਤੇ 10 ਦਿਨਾਂ ਦੀ ਪੈਰੋਲ ਦੇਣ ਸਬੰਧੀ ਜਲਦ ਫ਼ੈਸਲਾ ਕੀਤਾ ਜਾਵੇ। ਦੂਜੇ ਪਾਸੇ ਭਾਈ ਪਾਲ ਸਿੰਘ ਫ਼ਰਾਂਸ ਨੇ ਸਰਕਾਰ ਦੇ ਇਸ ਕਦਮ ਨੂੰ ਸਕਾਰਾਤਮਕ ਪਹਿਲ ਕਰਾਰ ਦਿੰਦਿਆਂ ਪੈਰੋਲ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH