
ਹੁਸ਼ਿਆਰਪੁਰ, 09 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ 3 ਲੱਖ ਪ੍ਰਵਾਸੀਆਂ ਦੇ ਰਾਸ਼ਨ ਕਾਰਡ ਬਣਾਉਣ ਦੇ ਐਲਾਨ ਦੇ ਵਿਰੋਧ ਵਿੱਚ ਵੱਖ-ਵੱਖ ਸਿੱਖ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਗੁਰਦੁਆਰਾ ਸਿੰਘ ਸਭਾ, ਰੇਲਵੇ ਰੋਡ ਤੋਂ ਇਕੱਠੇ ਹੋ ਕੇ ਬੱਸ ਸਟੈਂਡ ਹੁਸ਼ਿਆਰਪੁਰ ਤੱਕ ਪਹੁੰਚੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪ੍ਰਵਾਸੀਆਂ ਦੀ ਵਧ ਰਹੀ ਗਿਣਤੀ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦੇਣ ਦੀਆਂ ਨੀਤੀਆਂ ਪੰਜਾਬ ਦੇ ਮੂਲ ਵਸਨੀਕਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਆਗੂਆਂ ਨੇ ਕਿਹਾ ਕਿ ਮਾਮਲਾ ਸਿਰਫ਼ ਰਾਸ਼ਨ ਕਾਰਡ ਬਣਾਉਣ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਦੇ ਸਾਧਨਾਂ ਅਤੇ ਸਰੋਤਾਂ ’ਤੇ ਪੈ ਰਹੇ ਦਬਾਅ ਨਾਲ ਵੀ ਜੁੜਿਆ ਹੋਇਆ ਹੈ।
ਪ੍ਰਦਰਸ਼ਨਕਾਰੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ’ਤੇ ਵੀ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਇਨ੍ਹਾਂ ਨੀਤੀਆਂ ਕਾਰਨ ਪੰਜਾਬ ਦੇ ਆਰਥਿਕ, ਸਮਾਜਿਕ, ਸੱਭਿਆਚਾਰਕ ਅਤੇ ਰਾਜਨੀਤਿਕ ਹਿੱਤ ਪ੍ਰਭਾਵਿਤ ਹੋ ਰਹੇ ਹਨ। ਹਾਲਾਂਕਿ, ਇਹ ਦਾਅਵੇ ਪ੍ਰਦਰਸ਼ਨਕਾਰੀ ਜਥੇਬੰਦੀਆਂ ਵੱਲੋਂ ਕੀਤੇ ਗਏ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਪ੍ਰਵਾਸੀ ਆਬਾਦੀ ਦੇ ਵਾਧੇ ਨੂੰ ਲੈ ਕੇ ਉਹ ਚਿੰਤਤ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਵਾਸੀਆਂ ਦੇ ਰਾਸ਼ਨ ਕਾਰਡ ਬਣਾਉਣ ਅਤੇ ਉਨ੍ਹਾਂ ਨਾਲ ਸਬੰਧਤ ਹੋਰ ਨੀਤੀਆਂ ’ਤੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਜਥੇਬੰਦੀਆਂ ਨੂੰ ਇਕੱਠਾ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ “ਪ੍ਰਵਾਸੀਆਂ ਦੇ ਰਾਸ਼ਨ ਕਾਰਡ ਬਣਾਉਣੇ ਬੰਦ ਕਰੋ”, “ਪ੍ਰਵਾਸੀਆਂ ਦੀਆਂ ਵੋਟਾਂ ਬਣਾਉਣੀਆਂ ਬੰਦ ਕਰੋ” ਅਤੇ ਹੋਰ ਨਾਅਰੇ ਲਗਾਏ ਗਏ।
ਇਸ ਮੌਕੇ ਮਿਸਲ ਪੰਜ-ਆਬ ਤੋਂ ਗੁਰਪ੍ਰੀਤ ਸਿੰਘ ਖੁੱਡਾ, ਜਸਵੀਰ ਸਿੰਘ ਸੀਕਰੀ, ਆਵਾਜ਼-ਏ-ਕੌਮ ਤੋਂ ਨੋਬਲਜੀਤ ਸਿੰਘ ਬੁੱਲ੍ਹੋਵਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਗੁਰਦੀਪ ਸਿੰਘ ਖੁਣਖੁਣ, ਗੁਰਨਾਮ ਸਿੰਘ ਸਿੰਗੜੀਵਾਲਾ, ਹਰਵਿੰਦਰ ਸਿੰਘ ਹੀਰਾ, ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਤੋਂ ਰਵਿੰਦਰ ਸਿੰਘ ਕਾਹਲੋਂ, ਡਾ. ਹਰਲੀਨ ਸਿੰਘ, ਅਮਰਜੀਤ ਸਿੰਘ ਨਿੱਝਰ, ਬਾਬਾ ਬੂਟਾ ਸਿੰਘ ਮਸਾਣੀਆਂ, ਬਾਬਾ ਉਂਕਾਰ ਸਿੰਘ, ਕਮਲਜੀਤ ਸਿੰਘ ਦਿਉਵਾਲ, ਪਰਮਜੀਤ ਸਿੰਘ ਪਿੰਕੂ, ਅਮਰਜੀਤ ਸਿੰਘ ਹੁਸ਼ਿਆਰਪੁਰ, ਪਰਮਜੀਤ ਸਿੰਘ ਹੁਸ਼ਿਆਰਪੁਰ, ਗੁਰਬਾਜ਼ ਸਿੰਘ ਦਸੂਹਾ, ਜਸਪਾਲ ਸਿੰਘ ਬਾਕਰਪੁਰ ਅਤੇ ਹਰਜਿੰਦਰ ਸਿੰਘ ਗਿੱਲਾਂ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH