

ਅੰਮ੍ਰਿਤਸਰ, ਪਟਿਆਲਾ, ਬਠਿੰਡਾ ਤੇ ਲੁਧਿਆਣਾ ’ਚ ਵੀ ਹੋਣਗੀਆਂ ਮੈਰਾਥਨ: ਮਨਜਿੰਦਰ ਸਿੰਘ ਲਾਲਪੁਰਾਮੋਹਾਲੀ, 09 ਅਗਸਤ (ਹਿੰ.ਸ.)| ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਤੇ ਫਿਟਨੈੱਸ ਨਾਲ ਜੋੜਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਹਾਲੀ ਵਿੱਚ 5.5 ਕਿਲੋਮੀਟਰ ‘ਪੰਜਾਬ ਯੂਥ ਰਨ 2026’ ਦਾ ਆਯੋਜਨ ਕੀਤਾ ਗਿਆ। ਮੈਰਾਥਨ ਵਿੱਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਔਰਤਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਮੈਰਾਥਨ ਦੀ ਸ਼ੁਰੂਆਤ ਸਵੇਰੇ ਤੜਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਹੋਈ। ਇਸ ਦੌਰਾਨ ਭਾਗੀਦਾਰਾਂ ਨੇ ਖੇਡਾਂ, ਫਿਟਨੈੱਸ ਅਤੇ ਨਸ਼ਾ ਮੁਕਤ ਜੀਵਨ ਦਾ ਸੁਨੇਹਾ ਦਿੱਤਾ। ਭਾਗ ਲੈਣ ਵਾਲਿਆਂ ਨੂੰ ਟੀ-ਸ਼ਰਟਾਂ ਅਤੇ ਮੈਡਲ ਦਿੱਤੇ ਗਏ, ਜਦਕਿ ਜੇਤੂਆਂ ਨੂੰ 11 ਹਜ਼ਾਰ ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਗਏ।ਆਪ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਮੈਰਾਥਨ ਨੂੰ ਮਿਲਿਆ ਭਰਵਾਂ ਹੁੰਗਾਰਾ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਦੀ ਪਹਿਲਕਦਮੀ ਹੈ।ਉਨ੍ਹਾਂ ਦੱਸਿਆ ਕਿ ਯੂਥ ਵਿੰਗ ਵੱਲੋਂ ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਸਮੇਤ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੇ ਮੈਰਾਥਨ ਸਮਾਗਮ ਕਰਵਾਏ ਜਾਣਗੇ। ਇਸ ਦਾ ਉਦੇਸ਼ ਫਿਟਨੈੱਸ, ਖੇਡਾਂ ਅਤੇ ਨਸ਼ਾ ਮੁਕਤ ਪੰਜਾਬ ਦਾ ਸੁਨੇਹਾ ਸੂਬੇ ਦੇ ਹਰ ਕੋਨੇ ਤੱਕ ਪਹੁੰਚਾਉਣਾ ਹੈ। ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਯੂਥ ਵਿੰਗ ਦੀ ਟੀਮ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਫਿਟਨੈੱਸ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਲੜਾਈ ਦਾ ਅਹਿਮ ਹਿੱਸਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਦਾ ਖੇਡ ਬਜਟ, ਜੋ ਉਨ੍ਹਾਂ ਦੇ ਖੇਡ ਵਿਭਾਗ ਦਾ ਅਹੁਦਾ ਸੰਭਾਲਣ ਸਮੇਂ ਲਗਭਗ 150 ਕਰੋੜ ਰੁਪਏ ਸੀ, ਹੁਣ ਵਧ ਕੇ ਕਰੀਬ 1,800 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਸੈਰ, ਦੌੜ ਅਤੇ ਕਸਰਤ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਫਿਟਨੈੱਸ ਅਤੇ ਸਰੀਰਕ ਗਤੀਵਿਧੀਆਂ ਹਰ ਵਿਅਕਤੀ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ। ਉਨ੍ਹਾਂ ਮੈਰਾਥਨ ਵਿੱਚ ਸ਼ਾਮਲ ਹੋਏ ਹਜ਼ਾਰਾਂ ਭਾਗੀਦਾਰਾਂ ਦੀ ਸ਼ਲਾਘਾ ਕੀਤੀ।ਕੰਗ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਲਿਆਉਣ ਵਾਲੇ ਅਜਿਹੇ ਉਪਰਾਲੇ ਮਜ਼ਬੂਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਮਹੱਤਵਪੂਰਨ ਹਨ।ਆਪ ਆਗੂਆਂ ਨੇ ਕਿਹਾ ਕਿ ਖੇਡਾਂ, ਫਿਟਨੈੱਸ, ਸਿਹਤਮੰਦ ਜੀਵਨ ਅਤੇ ਨਸ਼ਾ ਮੁਕਤ ਪੰਜਾਬ ਦੇ ਸਾਂਝੇ ਸੰਕਲਪ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH