‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਚੌਥਾ ਸੀਜ਼ਨ 5 ਸਤੰਬਰ ਤੋਂ, 10 ਲੱਖ ਖਿਡਾਰੀਆਂ ਦੀ ਸ਼ਮੂਲੀਅਤ ਦੀ ਉਮੀਦ: ਮੁੱਖ ਮੰਤਰੀ ਮਾਨ
ਚੰਡੀਗੜ੍ਹ, 01 ਸਤੰਬਰ (ਹਿੰ.ਸ.)| ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਚੌਥਾ ਸੀਜ਼ਨ 5 ਸਤੰਬਰ ਤੋਂ ਸ਼ੁਰੂ ਹੋਵੇਗਾ। ਇਸ ਦੀ ਸ਼ੁਰੂਆਤ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਕੀਤੀ ਜਾਵੇਗੀ। ਮੁੱਖ ਮੰਤਰ
Chief Minister Bhagwant Singh Mann review preparations meeting


ਚੰਡੀਗੜ੍ਹ, 01 ਸਤੰਬਰ (ਹਿੰ.ਸ.)| ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਚੌਥਾ ਸੀਜ਼ਨ 5 ਸਤੰਬਰ ਤੋਂ ਸ਼ੁਰੂ ਹੋਵੇਗਾ। ਇਸ ਦੀ ਸ਼ੁਰੂਆਤ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਰ ਲਗਭਗ 10 ਲੱਖ ਖਿਡਾਰੀਆਂ ਦੇ ਇਨ੍ਹਾਂ ਖੇਡਾਂ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਮੁਕਾਬਲੇ ਪੰਜਾਬ ਦੇ ਸਾਰੇ 153 ਬਲਾਕਾਂ, 23 ਜ਼ਿਲ੍ਹਿਆਂ ਅਤੇ ਸੂਬਾ ਪੱਧਰ ’ਤੇ ਕਰਵਾਏ ਜਾਣਗੇ। ਸੂਬਾ ਪੱਧਰੀ ਮੁਕਾਬਲੇ 16 ਜ਼ਿਲ੍ਹਿਆਂ ਵਿੱਚ ਹੋਣਗੇ, ਜਦਕਿ ਖੇਡਾਂ ਦਾ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿੱਚ ਹੋਵੇਗਾ।

ਇਸ ਸੀਜ਼ਨ ਵਿੱਚ ਕੁੱਲ 38 ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਾਰ ਪੈਰਾ-ਖੇਡਾਂ ਐਥਲੇਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ ਵੀ ਕਰਵਾਏ ਜਾਣਗੇ। 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀਆਂ ਲਈ ਕੁੱਲ 9 ਉਮਰ ਵਰਗ ਰੱਖੇ ਗਏ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਦੀ ਸਹੂਲਤ ਲਈ ਪਹਿਲੀ ਵਾਰ ਕਿਉਆਰ ਕੋਡ ਆਧਾਰਿਤ ਰਜਿਸਟ੍ਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਪੰਜਾਬ ਸਪੋਰਟਸ ਪੋਰਟਲ ਰਾਹੀਂ ਵੀ ਕੀਤੀ ਜਾ ਸਕਦੀ ਹੈ ਅਤੇ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਮੁਫ਼ਤ ਰੱਖੀ ਗਈ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਡਾਂ ਦਾ ਮਕਸਦ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਉੱਭਰ ਰਹੀ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਸ ਨੂੰ ਤਰਾਸ਼ਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਅਤੇ ਨੌਜਵਾਨਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਇਸ ਵਾਰ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

ਸੂਬਾ ਪੱਧਰੀ ਜੇਤੂ ਖਿਡਾਰੀਆਂ ਲਈ ਨਕਦ ਇਨਾਮ ਵੀ ਰੱਖੇ ਗਏ ਹਨ। ਸੋਨ ਤਗਮਾ ਜੇਤੂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂ ਨੂੰ 5,000 ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਖਿਡਾਰੀਆਂ ਲਈ ਬਿਹਤਰ ਸਹੂਲਤਾਂ, ਸੁਚਾਰੂ ਪ੍ਰਬੰਧ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande