
ਚੰਡੀਗੜ੍ਹ, 01 ਸਤੰਬਰ (ਹਿੰ.ਸ.)| ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਕਕਰਾਲਾ ਵਿੱਚ ਦੋ ਦਲਿਤ ਨੌਜਵਾਨਾਂ ਨਾਲ ਕਥਿਤ ਪੁਲਿਸ ਤਸ਼ੱਦਦ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਪੰਜਾਬ ਸਰਕਾਰ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ ਹਨ। ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪਿੰਡ ਕਕਰਾਲਾ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਪੱਧਰ ’ਤੇ ਆਵਾਜ਼ ਉਠਾਉਣ ਦਾ ਭਰੋਸਾ ਦਿੱਤਾ।
ਪੀੜਤ ਐਸ.ਸੀ. ਨੌਜਵਾਨਾਂ ਸੰਦੀਪ ਸਿੰਘ ਅਤੇ ਰਜੰਤ ਸਿੰਘ ਰਾਜ਼ੀ ਨੇ ਕੈਂਥ ਨੂੰ ਦੱਸਿਆ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦੇ ਹਨ। ਉਨ੍ਹਾਂ ਮੁਤਾਬਕ ਉਹ ਪਿੰਡ ਵਿੱਚ ਬਘੇਲ ਸਿੰਘ ਦੇ ਘਰ ਵਿੱਚ ਕੰਮ ਕਰ ਰਹੇ ਸਨ। ਇਸ ਦੌਰਾਨ ਰਾਤ ਸਮੇਂ ਘਰ ਵਿੱਚ ਚੋਰੀ ਹੋਣ ਤੋਂ ਬਾਅਦ ਉਨ੍ਹਾਂ ’ਤੇ ਚੋਰੀ ਦਾ ਦੋਸ਼ ਲਗਾ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਨੌਜਵਾਨਾਂ ਨੇ ਦੋਸ਼ ਲਗਾਇਆ ਕਿ ਪੁਲਿਸ ਚੌਕੀ ਛੀਂਟਾਂਵਾਲਾ ਦੇ ਇੰਚਾਰਜ ਅਤੇ ਹੋਰ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਕਥਿਤ ਤੌਰ ’ਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੀੜਤਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਨੰਗਾ ਕਰਕੇ ਕਰੰਟ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਤਸ਼ੱਦਦ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ।ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ, ਪੁਲਿਸ ਰਾਜ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਨੌਜਵਾਨਾਂ ਵੱਲੋਂ ਲਗਾਏ ਗਏ ਦੋਸ਼ ਜਾਂਚ ਵਿੱਚ ਸਹੀ ਪਾਏ ਜਾਂਦੇ ਹਨ ਤਾਂ ਇਹ ਬੇਹੱਦ ਗੰਭੀਰ ਮਾਮਲਾ ਹੋਵੇਗਾ ਅਤੇ ਇਸ ਨਾਲ ਪੁਲਿਸ ਪ੍ਰਣਾਲੀ ਦੀ ਜਵਾਬਦੇਹੀ ’ਤੇ ਵੀ ਸਵਾਲ ਖੜ੍ਹੇ ਹੋਣਗੇ। ਕੈਂਥ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨਾਂ ਦਾ ਮੈਡੀਕਲ ਕਰਵਾਇਆ ਜਾਵੇ ਅਤੇ ਉਨ੍ਹਾਂ ਦੇ ਬਿਆਨ ਨਿਰਪੱਖ ਢੰਗ ਨਾਲ ਦਰਜ ਕੀਤੇ ਜਾਣ। ਜੇਕਰ ਜਾਂਚ ਦੌਰਾਨ ਕੋਈ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਜੇਕਰ ਆਮ ਨਾਗਰਿਕ ਪੁਲਿਸ ਕੋਲ ਸੁਰੱਖਿਆ ਦੀ ਬਜਾਏ ਤਸ਼ੱਦਦ ਦੇ ਡਰ ਨਾਲ ਜਾਣ ਲੱਗੇ ਤਾਂ ਸਰਕਾਰ ਦੇ ਸੁਸ਼ਾਸਨ ਅਤੇ ਕਾਨੂੰਨ-ਵਿਵਸਥਾ ਸਬੰਧੀ ਦਾਅਵੇ ਖੋਖਲੇ ਸਾਬਤ ਹੁੰਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਜਾਂ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਭਾਜਪਾ ਐਸ.ਸੀ. ਮੋਰਚਾ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਏਗਾ। ਇਸ ਮੌਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਗਵੰਤ ਸਿੰਘ ਰਾਮਗੜੀਆ, ਸਰਬਜੀਤ ਸਿੰਘ ਬਾਂਸਲ, ਜਸਪ੍ਰੀਤ ਸਿੰਘ, ਜੱਗੀ ਮਿਸਤਰੀ, ਧੀਰਾ ਸਿੰਘ, ਗੁਰਦੇਵ ਸਿੰਘ, ਸੰਜੂ ਸਿੰਘ, ਬੱਗੜ ਸਿੰਘ, ਦਵਿੰਦਰ ਸਿੰਘ, ਨਾਜਰ ਸਿੰਘ ਅਤੇ ਕ੍ਰਿਪਾਲ ਸਿੰਘ (ਕਾਕਾ ਠੇਕੇਦਾਰ) ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ।
ਹਿੰਦੂਸਥਾਨ ਸਮਾਚਾਰ / GURSHARAN SINGH