ਮੀਰੀ-ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਲੁਧਿਆਣਾ, 01 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਅੱਜ ਆਪਣੇ ਦੂਜੇ ਪੜਾਅ ਤਹਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਸਾਹਿਬ ਲੁਧਿਆਣਾ ਤੋਂ ਪੰਥਕ ਰਵਾਇਤਾਂ ਨਾਲ ਗੁਰਦੁਆਰਾ ਦੇਗਸਰ ਸਾਹਿਬ, ਕਟਾਣਾ ਸਾਹਿਬ ਲਈ ਰਵਾਨਾ ਹੋਇਆ। ਮਾਰਚ ਦੀ ਰਵਾਨਗੀ ਮੌਕ
ਅਗਲੇ ਪੜਾਅ ਲਈ ਰਵਾਨਾ ਹੁੰਦਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ


ਲੁਧਿਆਣਾ, 01 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਅੱਜ ਆਪਣੇ ਦੂਜੇ ਪੜਾਅ ਤਹਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਸਾਹਿਬ ਲੁਧਿਆਣਾ ਤੋਂ ਪੰਥਕ ਰਵਾਇਤਾਂ ਨਾਲ ਗੁਰਦੁਆਰਾ ਦੇਗਸਰ ਸਾਹਿਬ, ਕਟਾਣਾ ਸਾਹਿਬ ਲਈ ਰਵਾਨਾ ਹੋਇਆ। ਮਾਰਚ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

ਇਸ ਮੌਕੇ ਸਜੇ ਧਾਰਮਿਕ ਦੀਵਾਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਕਥਾ-ਵਿਚਾਰ ਸਾਂਝੇ ਕੀਤੇ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕਰਕੇ ਸਿੱਖ ਕੌਮ ਨੂੰ ਮੀਰੀ-ਪੀਰੀ ਦੇ ਸਿਧਾਂਤ ਨਾਲ ਜੋੜਿਆ ਸੀ। ਇਸੇ ਸਿਧਾਂਤ ਦੀ ਚੇਤਨਾ ਸੰਗਤਾਂ ਤੱਕ ਪਹੁੰਚਾਉਣ ਲਈ ਮੀਰੀ-ਪੀਰੀ ਖਾਲਸਾ ਮਾਰਚ ਸਜਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਖਾਲਸਾ ਪੰਥ ਕੌਮੀ ਮਸਲਿਆਂ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਵੇ। ਬੰਦੀ ਸਿੰਘਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਲੰਮੇ ਸਮੇਂ ਤੋਂ ਫਾਂਸੀ ਦੀ ਸਜ਼ਾ ਸਬੰਧੀ ਨਜ਼ਰਬੰਦ ਹਨ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਨਾ ਮਿਲਣਾ ਵੀ ਚਿੰਤਾ ਦਾ ਵਿਸ਼ਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਸਾਹਮਣੇ ਇਕਜੁੱਟ ਹੋਣਾ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਨ, ਤਾਂ ਜੋ ਨੌਜਵਾਨ ਪੀੜ੍ਹੀ ਮਾੜੀ ਸੰਗਤ ਅਤੇ ਨਸ਼ਿਆਂ ਤੋਂ ਬਚੀ ਰਹੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਖਾਲਸਾ ਪੰਥ ਨੇ ਔਖੇ ਸਮਿਆਂ ਦਾ ਹਮੇਸ਼ਾ ਗੁਰੂ ’ਤੇ ਭਰੋਸਾ ਰੱਖਦਿਆਂ ਚੜ੍ਹਦੀ ਕਲਾ ਵਿੱਚ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਜ ਅੰਦਰ ਵਧ ਰਹੇ ਨਸ਼ੇ ਅਤੇ ਸਿੱਖ ਸਿਧਾਂਤਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਵੱਡੀਆਂ ਚੁਣੌਤੀਆਂ ਹਨ।

ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਦੀਆਂ ਗੋਲਕਾਂ ਅਤੇ ਸੇਵਾਵਾਂ ਬਾਰੇ ਬੇਲੋੜੇ ਸ਼ੰਕੇ ਪੈਦਾ ਕਰਨ ਵਾਲੀ ਸੋਚ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਸੰਭਾਲਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਵਿਦੇਸ਼ਾਂ ਵਿੱਚ ਵੱਸਦੇ ਪਰਿਵਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਜਾਇਦਾਦਾਂ ਨਾ ਵੇਚਣ ਅਤੇ ਪੰਜਾਬ ਨੂੰ ਪੱਕੇ ਤੌਰ ’ਤੇ ਛੱਡਣ ਬਾਰੇ ਨਾ ਸੋਚਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੀ ਬੋਲੀ, ਵਿਰਾਸਤ ਅਤੇ ਨੌਜਵਾਨੀ ਨੂੰ ਬਚਾਉਣਾ ਸਾਂਝਾ ਫ਼ਰਜ਼ ਹੈ।

ਮੀਰੀ-ਪੀਰੀ ਖਾਲਸਾ ਮਾਰਚ ਨੂੰ ਲੈ ਕੇ ਸੰਗਤਾਂ ਵਿੱਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ। ਲੁਧਿਆਣਾ ਵਿੱਚ ਨੌਜਵਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਬੰਧੀ ਤਖ਼ਤੀਆਂ ਲੈ ਕੇ ਮੋਟਰਸਾਈਕਲਾਂ ’ਤੇ ਮਾਰਚ ਵਿੱਚ ਸ਼ਮੂਲੀਅਤ ਕੀਤੀ।

ਇਸ ਦੌਰਾਨ ਕਈ ਨੌਜਵਾਨਾਂ ਨੇ ਸਾਬਤ-ਸੂਰਤ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਵੀ ਕੀਤਾ। ਖਾਲਸਾ ਮਾਰਚ ਦੇ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਵੱਖ-ਵੱਖ ਮੈਂਬਰ, ਅਕਾਲੀ ਆਗੂ, ਧਾਰਮਿਕ ਸ਼ਖ਼ਸੀਅਤਾਂ, ਪ੍ਰਚਾਰਕਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande