ਅੰਮ੍ਰਿਤਸਰ ਦੀ ਚਾਰਦੀਵਾਰੀ ਅੰਦਰ ਪਾਨ, ਤੰਬਾਕੂ ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ-ਸਟੋਰੇਜ ’ਤੇ ਪਾਬੰਦੀ
ਅੰਮ੍ਰਿਤਸਰ, 10 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ ਸਮੇਤ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਅਤੇ ਬਠਿੰਡਾ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਤੋਂ ਬਾਅਦ ਇਨ੍ਹਾਂ ਥਾਵਾਂ ਦੀ ਧਾਰਮਿਕ ਮਰਿਆਦਾ ਨੂੰ ਕਾਇਮ ਰੱਖਣ ਲਈ ਪ੍ਰਸ਼ਾਸਨ ਵੱਲੋਂ ਪਾਬੰਦੀਆਂ
ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਪੱਲਵੀ ਮਿਸ਼ਰਾ


ਅੰਮ੍ਰਿਤਸਰ, 10 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ ਸਮੇਤ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਅਤੇ ਬਠਿੰਡਾ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਤੋਂ ਬਾਅਦ ਇਨ੍ਹਾਂ ਥਾਵਾਂ ਦੀ ਧਾਰਮਿਕ ਮਰਿਆਦਾ ਨੂੰ ਕਾਇਮ ਰੱਖਣ ਲਈ ਪ੍ਰਸ਼ਾਸਨ ਵੱਲੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਦਿਆਂ ਅੰਮ੍ਰਿਤਸਰ ਦੀ ਚਾਰਦੀਵਾਰੀ ਅੰਦਰ ਪਾਨ, ਬੀੜੀ, ਸਿਗਰਟ, ਤੰਬਾਕੂ ਆਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਅਧਿਸੂਚਨਾ ਅਨੁਸਾਰ ਪਵਿੱਤਰ ਸ਼ਹਿਰਾਂ ਵਿੱਚ ਨਿਰਧਾਰਤ ਥਾਵਾਂ ’ਤੇ ਸ਼ਰਾਬ, ਮੀਟ, ਪਾਨ, ਬੀੜੀ-ਸਿਗਰਟ, ਤੰਬਾਕੂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਤੇ ਵਿਕਰੀ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ ਵਿੱਚ ਇਸ ਸਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮਾਮਲੇ ਦੀ ਤੁਰੰਤਤਾ ਅਤੇ ਧਾਰਮਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਹੁਕਮ ਇਕਤਰਫਾ ਤੌਰ ’ਤੇ ਜਾਰੀ ਕੀਤਾ ਗਿਆ ਹੈ। ਹੁਕਮ 7 ਨਵੰਬਰ 2026 ਤੱਕ ਲਾਗੂ ਰਹੇਗਾ। ਇਸ ਦੌਰਾਨ ਨਿਰਧਾਰਤ ਖੇਤਰ ਵਿੱਚ ਪਾਬੰਦੀਸ਼ੁਦਾ ਪਦਾਰਥਾਂ ਦੀ ਵਰਤੋਂ, ਵਿਕਰੀ ਜਾਂ ਸਟੋਰੇਜ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਿਵਲ ਸਰਜਨ, ਅੰਮ੍ਰਿਤਸਰ ਨੂੰ ਸੌਂਪੀ ਗਈ ਹੈ। ਪ੍ਰਸ਼ਾਸਨ ਨੇ ਸਬੰਧਤ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਪਵਿੱਤਰ ਸ਼ਹਿਰ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਜਾਰੀ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande