
ਫਰੀਦਕੋਟ, 10 ਸਤੰਬਰ (ਹਿੰ.ਸ.)| ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕਥਿਤ ਯੋਜਨਾ ਬਣਾ ਰਹੇ ਪੰਜ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੋਟਕਪੂਰਾ ਵਾਸੀ ਸੈਮੂਅਲ ਮਸੀਹ ਉਰਫ਼ ਬਿੱਲਾ, ਗੁਰਤੇਜ ਸਿੰਘ ਉਰਫ਼ ਅਰਸ਼, ਗੋਰਾ ਸਿੰਘ ਉਰਫ਼ ਗੋਲਡੀ, ਸੁਖਦੇਵ ਸਿੰਘ ਉਰਫ਼ ਗਿਆਨੀ ਅਤੇ ਹਰਮਿੰਦਰ ਸਿੰਘ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਾਪਾ, ਇੱਕ ਕਿਰਪਾਨ, ਦੋ ਖੰਡੇ ਅਤੇ ਇੱਕ ਗਰਾਰੀ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਅਨੁਸਾਰ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਏ.ਐੱਸ.ਆਈ. ਗੁਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਤਿਕੋਣੀ ਚੌਕ ਨੇੜੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮੋਗਾ ਰੋਡ ਸਥਿਤ ਦਾਣਾ ਮੰਡੀ ਦੇ ਇੱਕ ਸੁੰਨਸਾਨ ਸਥਾਨ ’ਤੇ ਕੁਝ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮੌਕੇ ’ਤੇ ਛਾਪੇਮਾਰੀ ਕਰਕੇ ਪੰਜਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਉਕਤ ਤੇਜ਼ਧਾਰ ਹਥਿਆਰ ਬਰਾਮਦ ਹੋਏ।
ਡੀਐੱਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿੱਚੋਂ ਚਾਰ ਖ਼ਿਲਾਫ਼ ਪਹਿਲਾਂ ਵੀ ਛੇ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਉਨ੍ਹਾਂ ਤੋਂ ਪਿਛਲੇ ਸਮੇਂ ਵਿੱਚ ਕੀਤੀਆਂ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕਰਕੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH