
ਸੈਕਟਰ-17 ’ਚ ਨਸ਼ਾ ਮੁਕਤ ਚੰਡੀਗੜ੍ਹ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 10 ਸਤੰਬਰ (ਹਿੰ.ਸ.)| ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਗੈਰ-ਕਾਨੂੰਨੀ ਨਸ਼ਾ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ਸਾਰੇ ਸਥਾਨਾਂ ਅਤੇ ਘਰਾਂ ਦੀ ਜਾਂਚ ਕਰੇਗੀ, ਜਿੱਥੋਂ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਚੱਲਣ ਦੀ ਸੂਚਨਾ ਮਿਲੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕਟਾਰੀਆ ਸੈਕਟਰ-17 ਵਿੱਚ ਨਗਰ ਨਿਗਮ ਚੰਡੀਗੜ੍ਹ ਵੱਲੋਂ ਸ਼ੁਰੂ ਕੀਤੀ ਗਈ ‘ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ ਮੁਕਤ ਚੰਡੀਗੜ੍ਹ’ ਸਮੁਦਾਇਕ ਜਾਗਰੂਕਤਾ ਮੁਹਿੰਮ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਪ੍ਰਸ਼ਾਸਨ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਰਾਜਪਾਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਦੋਸਤਾਂ ਜਾਂ ਜਾਣਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਤੇ ਆਮ ਜੀਵਨ ਵੱਲ ਵਾਪਸ ਆਉਣ ਵਿੱਚ ਮਦਦ ਕਰਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੀ ਭੂਮਿਕਾ ਵੀ ਬੇਹੱਦ ਮਹੱਤਵਪੂਰਨ ਹੈ।
ਕਟਾਰੀਆ ਨੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਵੀ ਗੰਭੀਰ ਚੁਣੌਤੀ ਦੱਸਦਿਆਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਖਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਲੋਕਾਂ ਦੀ ਸਾਂਝੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਮੁਹਿੰਮ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਬਿਹਤਰ ਭਵਿੱਖ ਚੁਣਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਨਗਰ ਨਿਗਮ ਵੱਲੋਂ ‘ਰਾਸ਼ਟਰੀ ਪੋਸ਼ਣ ਮਹੀਨਾ’ ਵੀ ਸ਼ੁਰੂ ਕੀਤਾ ਗਿਆ। ਇਸ ਤਹਿਤ ਪੋਸ਼ਣ, ਸਿਹਤ, ਬਾਲ ਵਿਕਾਸ ਅਤੇ ਸਮਾਜਿਕ ਜ਼ਿੰਮੇਵਾਰੀ ਸਬੰਧੀ ਜਾਗਰੂਕਤਾ ਵਧਾਈ ਜਾਵੇਗੀ। ਬੱਚਿਆਂ, ਮਾਵਾਂ ਅਤੇ ਪਰਿਵਾਰਾਂ ਦੀ ਸਿਹਤ ਵਿੱਚ ਆਂਗਣਵਾੜੀ ਕੇਂਦਰਾਂ ਦੀ ਭੂਮਿਕਾ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਪ੍ਰੋਗਰਾਮ ਵਿੱਚ ਮੇਅਰ ਸੌਰਭ ਜੋਸ਼ੀ, ਚੰਡੀਗੜ੍ਹ ਵਪਾਰ ਮੰਡਲ ਦੇ ਪ੍ਰਧਾਨ ਸੰਜੀਵ ਚੱਢਾ, ਵਪਾਰੀ ਅਤੇ ਨਗਰ ਨਿਗਮ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH