
ਪਟਿਆਲਾ, 10 ਸਤੰਬਰ (ਹਿੰ.ਸ.)| ਪਟਿਆਲਾ ਜੇਲ੍ਹ ਸਰਕਲ ਦੇ ਨਵੇਂ ਡੀਆਈਜੀ ਸੂਬਾ ਸਿੰਘ ਰੰਧਾਵਾ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕਰਦਿਆਂ ਜੇਲ੍ਹ ਪ੍ਰਸ਼ਾਸਨ, ਕੈਦੀਆਂ ਦੇ ਹੁਨਰ ਵਿਕਾਸ ਅਤੇ ਭਲਾਈ ਨਾਲ ਸਬੰਧਤ ਉਪਰਾਲਿਆਂ ਦਾ ਜਾਇਜ਼ਾ ਲਿਆ। ਇਹ ਦੌਰਾ ਏਡੀਜੀਪੀ ਜੇਲ੍ਹਾਂ, ਪੰਜਾਬ ਦੇ ਨਿਰਦੇਸ਼ਾਂ ਤਹਿਤ ਕੀਤਾ ਗਿਆ। ਜੇਲ੍ਹ ਪਹੁੰਚਣ ’ਤੇ ਡੀਆਈਜੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਦੌਰੇ ਦੌਰਾਨ ਡੀਆਈਜੀ ਨੇ ਪਟਿਆਲਾ ਸਰਕਲ ਅਧੀਨ ਆਉਂਦੀਆਂ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਜੇਲ੍ਹਾਂ ਦੇ ਰੋਜ਼ਾਨਾ ਕੰਮਕਾਜ, ਪ੍ਰਸ਼ਾਸਨਿਕ ਪ੍ਰਬੰਧਾਂ, ਸੁਰੱਖਿਆ ਅਤੇ ਹੋਰ ਅਹਿਮ ਮਾਮਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਣ ਅਤੇ ਜੇਲ੍ਹ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਸੂਬਾ ਸਿੰਘ ਰੰਧਾਵਾ ਨੇ ਕੈਦੀਆਂ ਦੇ ਹੁਨਰ ਵਿਕਾਸ ਅਤੇ ਉਨ੍ਹਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੈਦੀਆਂ ਨੂੰ ਅਜਿਹੇ ਹੁਨਰ ਸਿਖਾਉਣ ਦੇ ਮੌਕੇ ਮਿਲਣੇ ਚਾਹੀਦੇ ਹਨ, ਜਿਨ੍ਹਾਂ ਦੀ ਵਰਤੋਂ ਉਹ ਰਿਹਾਈ ਤੋਂ ਬਾਅਦ ਸਨਮਾਨਜਨਕ ਅਤੇ ਬਿਹਤਰ ਜੀਵਨ ਜਿਊਣ ਲਈ ਕਰ ਸਕਣ। ਉਨ੍ਹਾਂ ਜੇਲ੍ਹ ਸਟਾਫ਼ ਅਤੇ ਕੈਦੀਆਂ ਦੀ ਭਲਾਈ ਤੇ ਤੰਦਰੁਸਤੀ ਨੂੰ ਵੀ ਤਰਜੀਹ ਦੇਣ ਦੀ ਲੋੜ ਦੱਸੀ।
ਡੀਆਈਜੀ ਨੇ ਅਧਿਕਾਰੀਆਂ ਨੂੰ ਜੇਲ੍ਹਾਂ ਅੰਦਰ ਅਨੁਸ਼ਾਸਿਤ, ਸੁਰੱਖਿਅਤ ਅਤੇ ਸਕਾਰਾਤਮਕ ਮਾਹੌਲ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਭਲਾਈ ਅਤੇ ਮੁੜ ਵਸੇਬੇ ਨਾਲ ਜੁੜੇ ਉਪਰਾਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੰਦਿਆਂ ਰੋਜ਼ਾਨਾ ਕੰਮਕਾਜ ਵਿੱਚ ਸੁਧਾਰ ਦੀਆਂ ਸੰਭਾਵਨਾਵਾਂ ਦੀ ਪਛਾਣ ਕਰਨ ਲਈ ਵੀ ਕਿਹਾ।
ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਡੀਆਈਜੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਦੇ ਪ੍ਰਬੰਧ, ਕੈਦੀਆਂ ਦੀ ਗਿਣਤੀ ਅਤੇ ਕੈਦੀਆਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤੇ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਡੀਆਈਜੀ ਨੇ ਜੇਲ੍ਹ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪਟਿਆਲਾ ਜੇਲ੍ਹ ਸਰਕਲ ਵਿੱਚ ਪ੍ਰਸ਼ਾਸਨਿਕ ਪ੍ਰਬੰਧਾਂ, ਸੁਰੱਖਿਆ, ਕੈਦੀਆਂ ਦੇ ਮੁੜ ਵਸੇਬੇ ਅਤੇ ਭਲਾਈ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH