
ਪਾਤੜਾਂ, 10 ਸਤੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪਾਤੜਾਂ ਦੀ ਅਨਾਜ ਮੰਡੀ ਵਿੱਚ ਐਤਵਾਰ ਦੇਰ ਰਾਤ 500 ਡਰੋਨਾਂ ਦਾ ਵਿਸ਼ੇਸ਼ ਸ਼ੋਅ ਕਰਵਾਇਆ ਗਿਆ। ਰਾਤ ਦੇ ਆਸਮਾਨ ਵਿੱਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਫਲਸਫੇ ਨੂੰ ਵੱਖ-ਵੱਖ ਆਕਰਸ਼ਕ ਦ੍ਰਿਸ਼ਾਂ ਰਾਹੀਂ ਪੇਸ਼ ਕੀਤਾ ਗਿਆ। ਡਰੋਨ ਸ਼ੋਅ ਦੇਖਣ ਲਈ ਵੱਡੀ ਗਿਣਤੀ ਵਿੱਚ ਸਥਾਨਕ ਸੰਗਤ ਅਤੇ ਇਲਾਕਾ ਵਾਸੀ ਪਹੁੰਚੇ।
ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਪੂਰੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਦੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖ ਨੂੰ ਚੰਗੇ ਕਰਮਾਂ ਅਤੇ ਉੱਚੇ ਆਚਰਣ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ।
ਵਿਧਾਇਕ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।
ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਨੂੰ ਅੱਗੇ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ’ਤੇ ਲਗਭਗ 37 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਮੁਤਾਬਕ ਜ਼ਮੀਨ ਲਈ 11 ਕਰੋੜ ਰੁਪਏ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਲਈ 60 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਐਸਡੀਐਮ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਪੰਜਾਬ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਆਧੁਨਿਕ ਡਿਜੀਟਲ ਤਕਨਾਲੋਜੀ ਦੀ ਵਰਤੋਂ ਕਰਕੇ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਆਸਮਾਨ ਵਿੱਚ ਦ੍ਰਿਸ਼ਮਾਨ ਰੂਪ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਵਿੱਚ ਸਹਾਇਕ ਹੋਣਗੇ।
ਸਮਾਗਮ ਦੌਰਾਨ ਢਾਡੀ ਤਰਸੇਮ ਸਿੰਘ ਖੇਤਲਾ ਦੇ ਜਥੇ ਵੱਲੋਂ ਇਤਿਹਾਸ ਅਤੇ ਢਾਡੀ ਵਾਰਾਂ ਪੇਸ਼ ਕਰਕੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਿਆ ਗਿਆ। ਇਸ ਮੌਕੇ ਐਸਸੀ ਵਿੰਗ ਦੇ ਹਲਕਾ ਪ੍ਰਧਾਨ ਲਾਭ ਸਿੰਘ, ਕੁਲਦੀਪ ਸਿੰਘ ਥਿੰਦ, ਯੂਥ ਪ੍ਰਧਾਨ ਮਨਵੀਰ ਸਿੰਘ ਸੰਧੂ, ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਸਮੇਤ ਵੱਖ-ਵੱਖ ਆਗੂ, ਕੌਂਸਲਰ, ਪੰਚ-ਸਰਪੰਚ, ਧਾਰਮਿਕ ਸਭਾਵਾਂ, ਸੁਸਾਇਟੀਆਂ ਅਤੇ ਕਲੱਬਾਂ ਦੇ ਨੁਮਾਇੰਦੇ ਹਾਜ਼ਰ ਸਨ। ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਵੀ ਡਰੋਨ ਸ਼ੋਅ ਦਾ ਆਨੰਦ ਮਾਣਿਆ।
ਹਿੰਦੂਸਥਾਨ ਸਮਾਚਾਰ / GURSHARAN SINGH