
ਪਟਿਆਲਾ, 10 ਸਤੰਬਰ (ਹਿੰ.ਸ.)| ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਦਾਦੇ ਤੋਂ ਲੈ ਕੇ ਪੋਤੇ ਤੱਕ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦਾ ਕੰਮ ਕੀਤਾ ਹੈ।
ਪਟਿਆਲਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-4’ ਦੇ ਚੌਥੇ ਸੀਜ਼ਨ ਦੀਆਂ ਤਿਆਰੀਆਂ ਅਤੇ ਰਜਿਸਟ੍ਰੇਸ਼ਨ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾ ਕੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਟਿਆਲਾ ਨੂੰ ਇਸ ਵਾਰ ਖੇਡਾਂ ਵਿੱਚ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਸਮੂਹ ਵਿਭਾਗਾਂ ਅਤੇ ਖੇਡ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਇਸ ਵਾਰ 14 ਸਾਲ ਤੋਂ ਲੈ ਕੇ 60 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਖਿਡਾਰੀਆਂ ਲਈ ਵੱਖ-ਵੱਖ ਉਮਰ ਵਰਗਾਂ ਵਿੱਚ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਬਠਿੰਡਾ ਵਿਖੇ ਖੇਡਾਂ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੀਤੀ ਹੈ, ਜਦਕਿ ਇਨ੍ਹਾਂ ਖੇਡਾਂ ਦਾ ਸਮਾਪਤੀ ਸਮਾਗਮ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਲੱਖਾਂ ਲੋਕਾਂ ਨੇ ਹਿੱਸਾ ਲਿਆ ਹੈ ਅਤੇ ਇਸ ਵਾਰ 10 ਲੱਖ ਤੱਕ ਦੀ ਸ਼ਮੂਲੀਅਤ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਹਾਸਲ ਕਰਨ ਲਈ ਪਟਿਆਲਾ ਜ਼ਿਲ੍ਹੇ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਖੇਡ ਅਤੇ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਖੇਡ ਅਕੈਡਮੀਆਂ, ਐਸੋਸੀਏਸ਼ਨਾਂ, ਫੈਡਰੇਸ਼ਨਾਂ, ਸਕੂਲਾਂ ਅਤੇ ਕਾਲਜਾਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਵੱਖ-ਵੱਖ ਉਮਰ ਵਰਗਾਂ ਲਈ 38 ਖੇਡਾਂ ਤੋਂ ਇਲਾਵਾ ਪੈਰਾ ਖੇਡਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਬਲਾਕ ਪੱਧਰ ਦੇ ਮੁਕਾਬਲੇ 18 ਸਤੰਬਰ ਤੱਕ, ਜ਼ਿਲ੍ਹਾ ਪੱਧਰ ਦੇ ਮੁਕਾਬਲੇ 20 ਤੋਂ 30 ਸਤੰਬਰ ਤੱਕ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਹੋਣਗੇ। ਜੇਤੂ ਖਿਡਾਰੀਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਅਤੇ ਗਰੇਡੇਸ਼ਨ ਸਰਟੀਫਿਕੇਟ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਮਕਸਦ ਸਿਰਫ਼ ਮੁਕਾਬਲੇ ਕਰਵਾਉਣਾ ਨਹੀਂ, ਸਗੋਂ ਹਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ।
ਹਿੰਦੂਸਥਾਨ ਸਮਾਚਾਰ / GURSHARAN SINGH