ਡੀ.ਏ. ਦੇ ਬਕਾਏ ਲਈ ਮੁਲਾਜ਼ਮਾਂ ਨੂੰ ਕਿਉਂ ਤਰਸਾ ਰਹੀ ਹੈ ‘ਆਪ’ ਸਰਕਾਰ: ਬਲਬੀਰ ਸਿੰਘ ਸਿੱਧੂ
ਮੋਹਾਲੀ, 10 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਡ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ


ਮੋਹਾਲੀ, 10 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਡੀ.ਏ. ਕੋਈ ਖੈਰਾਤ ਨਹੀਂ, ਸਗੋਂ ਉਨ੍ਹਾਂ ਦਾ ਜਾਇਜ਼ ਹੱਕ ਹੈ ਅਤੇ ਸਰਕਾਰ ਨੂੰ ਇਸ ਦੀ ਅਦਾਇਗੀ ਬਾਰੇ ਸਪੱਸ਼ਟ ਸਮਾਂ-ਸੀਮਾ ਦੱਸਣੀ ਚਾਹੀਦੀ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲਗਭਗ ਸਾਢੇ ਛੇ ਲੱਖ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਸਾਲਾਂ ਤੋਂ ਡੀ.ਏ. ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਸਰਕਾਰ ’ਤੇ ਹਜ਼ਾਰਾਂ ਕਰੋੜ ਰੁਪਏ ਦੀ ਵਿੱਤੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਕਰਨਾ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ।

ਸਾਬਕਾ ਮੰਤਰੀ ਨੇ ਸਵਾਲ ਕੀਤਾ ਕਿ ਜੇ ਸਰਕਾਰ ਕੋਲ ਇਸ਼ਤਿਹਾਰਾਂ ਅਤੇ ਸਮਾਗਮਾਂ ਲਈ ਪੈਸਾ ਹੈ ਤਾਂ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਸਮੇਂ ਖਜ਼ਾਨਾ ਖਾਲੀ ਕਿਉਂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਅਦਾਲਤ ਦਾ ਰੁਖ ਕਰਨ ਅਤੇ ਹੱਕ ਵਿੱਚ ਫ਼ੈਸਲੇ ਆਉਣ ਦੇ ਬਾਵਜੂਦ ਮਾਮਲੇ ਨੂੰ ਲਟਕਾਉਣਾ ਸਮਝ ਤੋਂ ਬਾਹਰ ਹੈ।

ਸਿੱਧੂ ਨੇ ਕਿਹਾ ਕਿ ਕਾਂਗਰਸ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਾਇਜ਼ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਡਰਾਉਣ ਜਾਂ ਧਮਕਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਤੋਂ ਸਿੱਧਾ ਸਵਾਲ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ.ਏ. ਬਕਾਇਆ ਆਖ਼ਰ ਕਦੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਹਾਨਿਆਂ ਦੀ ਬਜਾਏ ਹੁਣ ਅਦਾਇਗੀ ਦੀ ਤਾਰੀਖ਼ ਦੱਸਣੀ ਚਾਹੀਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande