
ਮੋਹਾਲੀ, 11 ਸਤੰਬਰ (ਹਿੰ.ਸ.)| ਮੋਹਾਲੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਕਾਰਵਾਈ ਐਸ.ਏ.ਐਸ. ਨਗਰ ਦੇ ਐਸਐਸਪੀ ਵਰੁਣ ਸ਼ਰਮਾ, ਐਸ.ਪੀ. (ਦਿਹਾਤੀ) ਜਸਪਿੰਦਰ ਸਿੰਘ ਅਤੇ ਡੀਐਸਪੀ ਸਬ-ਡਿਵੀਜ਼ਨ ਖਰੜ-1 ਈਸ਼ਾਨ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਬਲੌਂਗੀ ਪੁਲਿਸ ਵੱਲੋਂ ਕੀਤੀ ਗਈ।
ਪੁਲਿਸ ਅਨੁਸਾਰ ਥਾਣਾ ਬਲੌਂਗੀ ਦੀ ਪੁਲਿਸ ਪਾਰਟੀ ਪਿੰਡ ਝਾਮਪੁਰ ਵਿੱਚ ਚੈਕਿੰਗ ਅਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਵਿਸ਼ਾਤ ਉਰਫ਼ ਮਕੇਸ਼, ਵਾਸੀ ਮਕਾਨ ਨੰਬਰ 3081, ਸੈਕਟਰ-25 ਡੀ, ਚੰਡੀਗੜ੍ਹ, ਕਥਿਤ ਤੌਰ ’ਤੇ ਚਿੱਟਾ/ਹੈਰੋਇਨ ਵੇਚਣ ਦਾ ਕੰਮ ਕਰਦਾ ਹੈ।
ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਰੇਡ ਕੀਤੀ ਅਤੇ ਵਿਸ਼ਾਤ ਉਰਫ਼ ਮਕੇਸ਼ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਕੁੱਲ 20 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਪੁਲਿਸ ਨੇ ਦਾਅਵਾ ਕੀਤਾ ਹੈ।
ਇਸ ਸਬੰਧੀ ਥਾਣਾ ਬਲੌਂਗੀ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸੰਭਾਵਿਤ ਹੋਰ ਬਰਾਮਦਗੀਆਂ ਸਬੰਧੀ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH