
ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼
ਚੰਡੀਗੜ੍ਹ, 11 ਸਤੰਬਰ (ਹਿੰ.ਸ.)| ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਸਰਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ (ਬੀਸੀ) ਦੇ ਸਮਾਜਿਕ ਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚਾਇਆ ਜਾਵੇ।
ਚੇਅਰਮੈਨ ਮਲਕੀਤ ਥਿੰਦ ਨੇ ਸਰਕਟ ਹਾਊਸ ਵਿਖੇ ਏਡੀਸੀ (ਜ) ਅਨੁਪ੍ਰਿਤਾ ਜੌਹਲ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਸਬੰਧੀ ਵਿਸਥਾਰਪੂਰਵਕ ਜਾਇਜ਼ਾ ਮੀਟਿੰਗ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਨਿਰਦੇਸ਼ ਦਿੱਤੇ ਕਿ ਪੱਛੜੀਆਂ ਸ੍ਰੇਣੀਆਂ ਦੇ ਸਰਟੀਫਿਕੇਟ ਜਾਰੀ ਕਰਨ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਆਮਦਨ ਅਤੇ ਕਰੀਮੀ ਲੇਅਰ ਸਬੰਧੀ ਨਿਯਮਾਂ ਤੇ ਜਾਣਕਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਕਿਹਾ।
ਮਲਕੀਤ ਥਿੰਦ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਉਦੇਸ਼ ਉਦੋਂ ਹੀ ਪੂਰਾ ਹੁੰਦਾ ਹੈ ਜਦੋਂ ਇਨ੍ਹਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਬਿਨਾਂ ਕਿਸੇ ਦੇਰੀ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਬੀਸੀ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਯੋਗਤਾ ਅਨੁਸਾਰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ।
ਮੀਟਿੰਗ ਦੌਰਾਨ ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵੱਲੋਂ ਪੱਛੜੀਆਂ ਸ੍ਰੇਣੀਆਂ ਲਈ ਲਾਗੂ ਕੀਤੀਆਂ ਜਾ ਰਹੀਆਂ ਯੋਜਨਾਵਾਂ ਤਹਿਤ ਹੁਣ ਤੱਕ ਦਿੱਤੇ ਗਏ ਲਾਭਾਂ ਦੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਉਪਲਬਧ ਅੰਕੜਿਆਂ ਦੇ ਆਧਾਰ ’ਤੇ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਦੌਰਾਨ ਸਾਹਮਣੇ ਆ ਰਹੀਆਂ ਕਮੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਦੂਰ ਕਰਨ ਦੇ ਨਿਰਦੇਸ਼ ਦਿੱਤੇ।
ਇਸ ਤੋਂ ਪਹਿਲਾਂ ਮਲਕੀਤ ਥਿੰਦ ਨੇ ਪੱਛੜੀਆਂ ਸ੍ਰੇਣੀਆਂ ਨਾਲ ਸਬੰਧਤ ਲੋਕਾਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਿੱਧਾ ਸੰਵਾਦ ਕੀਤਾ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਗਿਆ।
ਇਸ ਮੌਕੇ ਏਡੀਸੀ (ਜ) ਅਨੁਪ੍ਰਿਤਾ ਜੌਹਲ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਭਲਾਈ ਯੋਜਨਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ, ਤਹਿਸੀਲਦਾਰ ਹਰਸਿਮਰਨ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰਜੀਤ ਸਿੰਘ ਟਿਵਾਣਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਅਤੇ ਪੱਛੜੀਆਂ ਸ੍ਰੇਣੀਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH