
ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਣ ਸੈੱਲ ਦਾ ਗਠਨ, ਯੋਗ ਰਾਹ-ਵੀਰਾਂ ਨੂੰ 25 ਹਜ਼ਾਰ ਰੁਪਏ ਅਤੇ ਪ੍ਰਸ਼ੰਸਾ ਪੱਤਰਫ਼ਰੀਦਕੋਟ, 11 ਸਤੰਬਰ (ਹਿੰ.ਸ.)| ਸੜਕ ਹਾਦਸਿਆਂ ਦੌਰਾਨ ਪੀੜਤਾਂ ਦੀ ਜਾਨ ਬਚਾਉਣ ਅਤੇ ਉਨ੍ਹਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਦਿਵਾਉਣ ਲਈ ਅੱਗੇ ਆਉਣ ਵਾਲੇ ਵਿਅਕਤੀਆਂ, ਜਿਨ੍ਹਾਂ ਨੂੰ ‘ਰਾਹ-ਵੀਰ’ ਕਿਹਾ ਜਾਂਦਾ ਹੈ, ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸੁਰੱਖਿਆ, ਸਹਿਯੋਗ ਅਤੇ ਸਨਮਾਨ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੋਟਰ ਵਹੀਕਲ ਐਕਟ, 1988 ਦੀ ਧਾਰਾ 134ਏ ਤਹਿਤ ਹਾਦਸਾ ਪੀੜਤਾਂ ਨੂੰ ਐਮਰਜੈਂਸੀ ਸਹਾਇਤਾ ਦੇਣ ਵਾਲੇ ਰਾਹ-ਵੀਰਾਂ ਨੂੰ ਕਾਨੂੰਨੀ ਸੁਰੱਖਿਆ ਪ੍ਰਾਪਤ ਹੈ। ਇਸ ਸੁਰੱਖਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਨੂੰ ਕਿਸੇ ਵੀ ਬੇਲੋੜੀ ਪਰੇਸ਼ਾਨੀ ਤੋਂ ਬਚਾਉਣ ਲਈ ਜ਼ਿਲ੍ਹਾ ਗੁੱਡ ਸਮੈਰੀਟਨ/ਰਾਹ-ਵੀਰ ਸ਼ਿਕਾਇਤ ਨਿਵਾਰਣ ਸੈੱਲ ਦਾ ਗਠਨ ਕੀਤਾ ਗਿਆ ਹੈ। ਇਹ ਸੈੱਲ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਚੇਅਰਮੈਨ, ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਨਿਗਰਾਨੀ ਹੇਠ ਕੰਮ ਕਰੇਗਾ। ਮੁੱਖ ਮੰਤਰੀ ਫੀਲਡ ਅਫ਼ਸਰ, ਫ਼ਰੀਦਕੋਟ ਨੂੰ ਸੈੱਲ ਦਾ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਰਾਹ-ਵੀਰ ਆਪਣੀ ਸ਼ਿਕਾਇਤ rta.faridkot04@punjab.gov.in ’ਤੇ ਈ-ਮੇਲ ਰਾਹੀਂ ਦਰਜ ਕਰਵਾ ਸਕਦੇ ਹਨ, ਜਦਕਿ 01639-263045 ’ਤੇ ਵੀ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਰ ਸ਼ਿਕਾਇਤ ਨੂੰ ਹਵਾਲਾ ਨੰਬਰ ਦਿੱਤਾ ਜਾਵੇਗਾ ਅਤੇ ਤਰਜੀਹੀ ਤੌਰ ’ਤੇ ਤਿੰਨ ਕੰਮਕਾਜੀ ਦਿਨਾਂ ਅੰਦਰ ਸ਼ਿਕਾਇਤ ਪ੍ਰਾਪਤ ਹੋਣ ਦੀ ਪੁਸ਼ਟੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਲਿਸ, ਸਿਹਤ, ਆਰ.ਟੀ.ਓ. ਅਤੇ ਹੋਰ ਵਿਭਾਗਾਂ ਵੱਲੋਂ ਨੋਡਲ ਅਧਿਕਾਰੀ ਨਿਯੁਕਤ ਕਰਕੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਪੰਜਾਬ ਸਰਕਾਰ ਦੀ ‘ਰਾਹ-ਵੀਰ ਸਕੀਮ’ ਤਹਿਤ ਯੋਗ ਵਿਅਕਤੀ ਨੂੰ 25 ਹਜ਼ਾਰ ਰੁਪਏ ਦੀ ਵਿੱਤੀ ਮਾਨਤਾ ਦੇ ਨਾਲ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ ਅਤੇ ਇੱਕ ਸਾਲ ਵਿੱਚ ਵੱਧ ਤੋਂ ਵੱਧ ਪੰਜ ਵਾਰ ਮਾਨਤਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਕੀਮ ਦਾ ਉਦੇਸ਼ ਸਿਰਫ਼ ਵਿੱਤੀ ਪ੍ਰੋਤਸਾਹਨ ਨਹੀਂ, ਸਗੋਂ ਲੋਕਾਂ ਵਿੱਚ ਮਨੁੱਖੀ ਹਮਦਰਦੀ, ਹਿੰਮਤ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ‘ਗੋਲਡਨ ਆਵਰ’ ਦੀ ਮਹੱਤਤਾ ਉਜਾਗਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਹਾਦਸੇ ਦੀ ਸਥਿਤੀ ਵਿੱਚ ਡਰ ਜਾਂ ਝਿਜਕ ਤੋਂ ਬਿਨਾਂ ਪੀੜਤ ਦੀ ਮਦਦ ਲਈ ਅੱਗੇ ਆਉਣ ਅਤੇ ਉਸ ਨੂੰ ਬਿਨਾਂ ਦੇਰੀ ਤੁਰੰਤ ਡਾਕਟਰੀ ਸਹਾਇਤਾ ਦਿਵਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH