
ਸੰਗਰੂਰ, 11 ਸਤੰਬਰ (ਹਿੰ.ਸ.)| ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ। ਵੜਿੰਗ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਪਰਿਵਾਰ ਨੂੰ ਨੌਕਰੀ ਦਾ ਅਸਲ ਆਫ਼ਰ ਲੈਟਰ ਦੇਣ ਦੀ ਬਜਾਏ ਸਿਰਫ਼ ਡਿਪਟੀ ਕਮਿਸ਼ਨਰ ਵੱਲੋਂ ਸਰਕਾਰ ਨੂੰ ਭੇਜਿਆ ਗਿਆ ਸਿਫ਼ਾਰਸ਼ੀ ਪੱਤਰ ਦਿੱਤਾ ਗਿਆ।
ਵੜਿੰਗ ਨੇ ਕਿਹਾ ਕਿ ਪਰਿਵਾਰ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਇਹ ਨੌਕਰੀ ਦਾ ਆਫ਼ਰ ਲੈਟਰ ਹੈ ਅਤੇ ਇਹ ਪੱਤਰ ਗੁਲਜ਼ਾਰ ਸਿੰਘ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਪਰਿਵਾਰ ਨੂੰ ਸੌਂਪਿਆ ਗਿਆ। ਉਨ੍ਹਾਂ ਇਸ ਨੂੰ ਦੁਖੀ ਪਰਿਵਾਰ ਨਾਲ ਧੋਖਾਧੜੀ ਕਰਾਰ ਦਿੱਤਾ।
ਕਾਂਗਰਸ ਪ੍ਰਧਾਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਆਪਣੀ ਪਾਰਟੀ ਦੀ ਮੰਗ ਮੁੜ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਚੀਮਾ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਦੀ ਵੀ ਮੰਗ ਕੀਤੀ।
ਵੜਿੰਗ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ’ਤੇ ਡਰਾਇਆ-ਧਮਕਾਇਆ ਅਤੇ ਜ਼ਲੀਲ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਆਖ਼ਰਕਾਰ ਕਾਰਵਾਈ ਕਰਨੀ ਹੀ ਪਵੇਗੀ।
ਮੀਡੀਆ ਨਾਲ ਗੱਲਬਾਤ ਦੌਰਾਨ ਵੜਿੰਗ ਨੇ ਸਰਕਾਰ ਵੱਲੋਂ ਵਿਰੋਧੀ ਧਿਰ ’ਤੇ ਮਾਮਲੇ ਨੂੰ ਸਿਆਸੀ ਰੰਗ ਦੇਣ ਦੇ ਦੋਸ਼ਾਂ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਗਰੀਬ ਅਤੇ ਬੇਵੱਸ ਵਿਅਕਤੀ ਨੇ ਖੁਦਕੁਸ਼ੀ ਤੋਂ ਪਹਿਲਾਂ ਆਪਣੇ ਬਿਆਨ ਵਿੱਚ ਮੰਤਰੀ ਦਾ ਨਾਮ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਦੇ ਆਗੂ ਵਜੋਂ ਪੀੜਤ ਪਰਿਵਾਰ ਦੇ ਨਾਲ ਖੜ੍ਹਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।
ਵੜਿੰਗ ਨੇ ਪਰਿਵਾਰ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਕਾਂਗਰਸ ਇਸ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਪੂਰੀ ਤਾਕਤ ਨਾਲ ਲੜੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਵੜਿੰਗ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੋਂ ਲੈ ਕੇ ਕਾਂਗਰਸ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਤੱਕ ਪੂਰੀ ਪਾਰਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਰਪਾਲ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕਾਂਗਰਸੀ ਵਰਕਰਾਂ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਕਾਂਗਰਸ ਨੇ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH