ਮਿਡ-ਡੇ ਮੀਲ ਵਰਕਰਾਂ ਤੇ ਸਫ਼ਾਈ ਸੇਵਕਾਂ ਦਾ ਰੁਜ਼ਗਾਰ ਬੱਚਿਆਂ ਦੀ ਗਿਣਤੀ ਨਾਲ ਜੋੜਨਾ ਨਿੰਦਣਯੋਗ: ਸੀਟੂ
ਬਠਿੰਡਾ, 11 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਮਿਡ-ਡੇ ਮੀਲ ਵਰਕਰਾਂ, ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦੇ ਰੁਜ਼ਗਾਰ ਨੂੰ ਬੱਚਿਆਂ ਦੀ ਗਿਣਤੀ ਨਾਲ ਜੋੜਨ ਦੇ ਫ਼ੈਸਲੇ ਦਾ ਸੀਟੂ ਆਗੂਆਂ ਨੇ ਤਿੱਖਾ ਵਿਰੋਧ ਕੀਤਾ ਹੈ। ਸੀਟੂ ਆਗੂ ਬਲਕਾਰ ਸਿੰਘ ਨੇ ਇਸ ਨੂੰ ਅਤਿ ਨਿੰਦਣਯੋ
ਮਿਡ-ਡੇ ਮੀਲ ਵਰਕਰਾਂ ਤੇ ਸਫ਼ਾਈ ਸੇਵਕਾਂ ਦਾ ਰੁਜ਼ਗਾਰ ਬੱਚਿਆਂ ਦੀ ਗਿਣਤੀ ਨਾਲ ਜੋੜਨਾ ਨਿੰਦਣਯੋਗ: ਸੀਟੂ


ਬਠਿੰਡਾ, 11 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਮਿਡ-ਡੇ ਮੀਲ ਵਰਕਰਾਂ, ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦੇ ਰੁਜ਼ਗਾਰ ਨੂੰ ਬੱਚਿਆਂ ਦੀ ਗਿਣਤੀ ਨਾਲ ਜੋੜਨ ਦੇ ਫ਼ੈਸਲੇ ਦਾ ਸੀਟੂ ਆਗੂਆਂ ਨੇ ਤਿੱਖਾ ਵਿਰੋਧ ਕੀਤਾ ਹੈ। ਸੀਟੂ ਆਗੂ ਬਲਕਾਰ ਸਿੰਘ ਨੇ ਇਸ ਨੂੰ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਕਾਰਨ ਪਹਿਲਾਂ ਹੀ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਵਰਕਰਾਂ ਵਿੱਚ ਰੁਜ਼ਗਾਰ ਖੁੱਸਣ ਦਾ ਡਰ ਪੈਦਾ ਹੋ ਗਿਆ ਹੈ।

ਬਲਕਾਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਹੁਣ ਚੌਕੀਦਾਰਾਂ, ਮਿਡ-ਡੇ ਮੀਲ ਵਰਕਰਾਂ ਅਤੇ ਸਫ਼ਾਈ ਸੇਵਕਾਂ ਦਾ ਰੁਜ਼ਗਾਰ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਗਿਣਤੀ ’ਤੇ ਨਿਰਭਰ ਕਰੇਗਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਇਨ੍ਹਾਂ ਵਰਗਾਂ ਵਿੱਚ ਭਾਰੀ ਰੋਸ ਹੈ।

ਮਿਡ-ਡੇ ਮੀਲ ਵਰਕਰ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਵਿੱਤ ਸਕੱਤਰ ਕੁਲਵਿੰਦਰ ਕੌਰ ਆਦਮਪੁਰਾ ਨੇ ਕਿਹਾ ਕਿ ਮਿਡ-ਡੇ ਮੀਲ ਵਰਕਰਾਂ ਨੂੰ ਸਿਰਫ਼ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਮਿਲਦਾ ਹੈ, ਜੋ ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਬੇਹੱਦ ਘੱਟ ਹੈ। ਉਨ੍ਹਾਂ ਦੱਸਿਆ ਕਿ ਵਰਕਰਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਜਾ ਚੁੱਕੇ ਹਨ। ਮੰਗਾਂ ਦਾ ਹੱਲ ਨਾ ਹੋਣ ’ਤੇ ਦਿੜ੍ਹਬਾ ਵਿਖੇ ਪੱਕਾ ਧਰਨਾ ਲਗਾਉਣ ਦਾ ਅਲਟੀਮੇਟਮ ਵੀ ਦਿੱਤਾ ਗਿਆ ਸੀ।

ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਹਿਲਾਂ 9 ਸਤੰਬਰ ਨੂੰ ਯੂਨੀਅਨ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ, ਪਰ ਇਹ ਮੀਟਿੰਗ ਰੱਦ ਕਰ ਦਿੱਤੀ ਗਈ। ਹੁਣ ਅਗਲੀ ਮੀਟਿੰਗ 15 ਸਤੰਬਰ ਨੂੰ ਸੱਦੀ ਗਈ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗਾਂ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸਿੱਖਿਆ ਵਿਭਾਗ ਰਾਹੀਂ ਅਜਿਹੇ ਹੁਕਮ ਜਾਰੀ ਕੀਤੇ ਜਾ ਰਹੇ ਹਨ, ਜਿਨ੍ਹਾਂ ਨਾਲ ਵਰਕਰਾਂ ਦਾ ਰੁਜ਼ਗਾਰ ਬੱਚਿਆਂ ਦੀ ਗਿਣਤੀ ਨਾਲ ਜੋੜਿਆ ਜਾ ਰਿਹਾ ਹੈ।

ਕੁਲਵਿੰਦਰ ਕੌਰ ਆਦਮਪੁਰਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਰਕਰਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਮੁੱਖ ਮੰਤਰੀ ਦੇ ਪ੍ਰੋਗਰਾਮਾਂ ਦਾ ਘਿਰਾਓ ਵੀ ਕੀਤਾ ਜਾਵੇਗਾ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿਡ-ਡੇ ਮੀਲ ਵਰਕਰਾਂ, ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦੇ ਰੁਜ਼ਗਾਰ ਨੂੰ ਬੱਚਿਆਂ ਦੀ ਗਿਣਤੀ ਨਾਲ ਜੋੜਨ ਵਾਲਾ ਫ਼ੈਸਲਾ ਵਾਪਸ ਲਿਆ ਜਾਵੇ ਅਤੇ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande