
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕੀ ਦੂਤਾਵਾਸ ਨੂੰ ਪੱਤਰ ਲਿਖ ਕੇ ਜਤਾਇਆ ਸਖ਼ਤ ਇਤਰਾਜ਼ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਵੀ ਮਾਮਲਾ ਅਮਰੀਕਾ ਸਰਕਾਰ ਕੋਲ ਉਠਾਉਣ ਲਈ ਕਿਹਾਅੰਮ੍ਰਿਤਸਰ, 11 ਸਤੰਬਰ (ਹਿੰ.ਸ.)| ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ‘ਐਕਸ’ (ਪਹਿਲਾਂ ਟਵਿੱਟਰ) ’ਤੇ ਸਾਂਝੇ ਕੀਤੇ ਗਏ ਇੱਕ ਪੋਸਟਰ ਵਿੱਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਸਬੰਧੀ ਦਿੱਲੀ ਸਥਿਤ ਅਮਰੀਕੀ ਦੂਤਾਵਾਸ ਨੂੰ ਪੱਤਰ ਲਿਖ ਕੇ ਆਪਣਾ ਵਿਰੋਧ ਦਰਜ ਕਰਵਾਇਆ ਹੈ। ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਕੂਟਨੀਤਕ ਪੱਧਰ ’ਤੇ ਅਮਰੀਕਾ ਸਰਕਾਰ ਕੋਲ ਉਠਾਉਣ।ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਟਰੱਕਿੰਗ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਅਤੇ ਪੰਜਾਬੀ ਆਪਣੀ ਮਿਹਨਤ ਨਾਲ ਅੱਗੇ ਵਧ ਰਹੇ ਹਨ ਅਤੇ ਅਮਰੀਕੀ ਸਮਾਜ ਦੀ ਸੇਵਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅਮਰੀਕਾ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਪੋਸਟਰ ਵਿੱਚ ‘ਮਿਸਟਰ ਸਿੰਘ’ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਸਲੀ ਅਤੇ ਭਾਈਚਾਰਕ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਵਿਕਸਤ ਅਤੇ ਬਹੁ-ਸੱਭਿਆਚਾਰਕ ਸਮਾਜ ਵਜੋਂ ਪੇਸ਼ ਕਰਨ ਵਾਲੇ ਦੇਸ਼ ਲਈ ਅਜਿਹੀ ਸੋਚ ਦੁਖਦਾਈ ਅਤੇ ਚਿੰਤਾਜਨਕ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਦੇ ਆਧਾਰ ’ਤੇ ਨਿਸ਼ਾਨਾ ਬਣਾਉਣਾ ਸੱਭਿਅਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਰਾਹੀਂ ਪ੍ਰਵਾਸੀ ਭਾਈਚਾਰਿਆਂ ਨੂੰ ਡਰਾਉਣ ਜਾਂ ਨੀਵਾਂ ਦਿਖਾਉਣ ਦੀ ਕੋਸ਼ਿਸ਼ ਅਮਰੀਕਾ ਦੀ ਬਹੁ-ਸੱਭਿਆਚਾਰਕ ਪਛਾਣ ਨਾਲ ਮੇਲ ਨਹੀਂ ਖਾਂਦੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਸ਼ਵ ਭਰ ਵਿੱਚ ਆਪਣੀ ਮਿਹਨਤ ਅਤੇ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਕਿਸੇ ਵਿਅਕਤੀ ਵਿਸ਼ੇਸ਼ ਨਾਲ ਸਬੰਧਤ ਮਾਮਲੇ ਨੂੰ ਪੂਰੇ ਪੰਜਾਬੀ ਜਾਂ ਸਿੱਖ ਭਾਈਚਾਰੇ ਨਾਲ ਜੋੜ ਕੇ ਦੇਖਣਾ ਸਰਾਸਰ ਅਨਿਆਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹਾ ਵਰਤਾਰਾ ਵੱਖ-ਵੱਖ ਭਾਈਚਾਰਿਆਂ ਵਿਚਕਾਰ ਆਪਸੀ ਸਾਂਝ ਅਤੇ ਮਿਲਵਰਤਣ ਲਈ ਵੀ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਸਿੱਖ ਸਮਾਜ ਪ੍ਰਤੀ ਅਜਿਹੇ ਚਿੰਤਾਜਨਕ ਵਰਤਾਰੇ ਦਾ ਮਾਮਲਾ ਅਮਰੀਕਾ ਸਰਕਾਰ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH