
ਪਟਿਆਲਾ, 11 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੁੱਚੇ ਖਾਲਸਾ ਪੰਥ ਨੂੰ ਵਧਾਈ ਦਿੰਦਿਆਂ ਨੌਜੁਆਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਦੋਂ ਸੁਦੀ ਏਕਮ ਸੰਨ 1604 ਈਸਵੀ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਵਿੱਚ ਇੱਕ ਇਨਕਲਾਬੀ ਕਾਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਪੰਥ ਦੀ ਮਹਾਨ ਧਾਰਮਿਕ ਸ਼ਖਸੀਅਤ ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਥਾਪ ਕੇ ਭਵਿੱਖ ਲਈ ਗ੍ਰੰਥੀ ਸਿੰਘਾਂ ਦੀ ਸੰਸਥਾ ਦੀ ਨੀਂਹ ਵੀ ਰੱਖੀ।ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਚਾਰ ਦਰਵਾਜ਼ੇ ਸਾਂਝੀਵਾਲਤਾ ਅਤੇ ਸਰਬਸਾਂਝੀ ਪਹੁੰਚ ਦਾ ਸੰਦੇਸ਼ ਦਿੰਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪੰਜ ਗੁਰੂ ਸਾਹਿਬਾਨ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਖੇਤਰਾਂ, ਧਰਮਾਂ ਅਤੇ ਵਿਚਾਰਧਾਰਾਵਾਂ ਨਾਲ ਸਬੰਧਤ 15 ਭਗਤਾਂ, 11 ਭੱਟਾਂ ਅਤੇ 4 ਗੁਰਸਿੱਖਾਂ ਦੀ ਬਾਣੀ ਦਰਜ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਸਾਂਝਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਜਾਤ-ਪਾਤ ਅਤੇ ਊਚ-ਨੀਚ ਦੇ ਵਖਰੇਵਿਆਂ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਰਾਹ ਦਿਖਾਇਆ।ਉਨ੍ਹਾਂ ਕਿਹਾ ਕਿ ਅੱਜ ਦੀ ਨੌਜੁਆਨ ਪੀੜ੍ਹੀ ਪਤਿਤਪੁਣੇ, ਨੰਗੇਜਵਾਦ ਅਤੇ ਆਧੁਨਿਕਵਾਦ ਦੇ ਪ੍ਰਭਾਵ ਹੇਠ ਆ ਰਹੀ ਹੈ। ਉਨ੍ਹਾਂ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨ, ਗੁਰਬਾਣੀ ਅਨੁਸਾਰ ਜੀਵਨ ਜਿਊਣ ਅਤੇ ਬਾਣੇ ਦੇ ਧਾਰਨੀ ਬਣਨ। ਉਨ੍ਹਾਂ ਕਿਹਾ ਕਿ ਨੌਜੁਆਨ ‘ਅੰਮ੍ਰਿਤ ਦੀ ਦਾਤ’ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਅਤੇ ਆਪਣੇ ਜੀਵਨ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਢਾਲਣ।
ਹਿੰਦੂਸਥਾਨ ਸਮਾਚਾਰ / GURSHARAN SINGH