
ਪੰਚਕੂਲਾ, 11 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਲਗਭਗ 55 ਸਾਲ ਦੇਸ਼ ’ਤੇ ਰਾਜ ਕੀਤਾ, ਪਰ ਉਹ ਅੱਜ ਤੱਕ ਇਹ ਨਹੀਂ ਦੱਸ ਸਕੀ ਕਿ ਉਸ ਦੇ ਸ਼ਾਸਨਕਾਲ ਦੌਰਾਨ ਕਿੰਨੇ ਲੋਕਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗਰੀਬ ਭਲਾਈ ਦੀਆਂ ਨੀਤੀਆਂ ਅਤੇ ਯੋਜਨਾਵਾਂ ਦੇ ਨਤੀਜੇ ਵਜੋਂ ਲਗਭਗ 25 ਕਰੋੜ ਲੋਕ ਗਰੀਬੀ ਰੇਖਾ ਤੋਂ ਬਾਹਰ ਆਏ ਹਨ।
ਪੰਚਕੂਲਾ ਵਿੱਚ ‘ਸੇਵਾ ਸੰਕਲਪ ਮੁਹਿੰਮ’ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੈਣੀ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਸੇਵਾ, ਸੁਸ਼ਾਸਨ, ਗਰੀਬ ਭਲਾਈ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਯਾਤਰਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਸਰਕਾਰ ਦੀਆਂ ਨੀਤੀਆਂ ਨਾਲ ਆਏ ਬਦਲਾਅ ਨੂੰ ਖੁਦ ਮਹਿਸੂਸ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਕੋਲ ਮੋਦੀ ਸਰਕਾਰ ਦੇ ਕੰਮਾਂ ਦਾ ਮੁਕਾਬਲਾ ਕਰਨ ਲਈ ਨਾ ਕੋਈ ਨੀਤੀ ਹੈ, ਨਾ ਮੁੱਦਾ ਅਤੇ ਨਾ ਹੀ ਠੋਸ ਏਜੰਡਾ। ਇਸੇ ਕਾਰਨ ਕਾਂਗਰਸ ਆਗੂ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾਉਣ ਲਈ ਅਪਸ਼ਬਦਾਂ ਦੀ ਵਰਤੋਂ ਕਰਦੇ ਹਨ। ਉਨ੍ਹਾਂ ਕਾਂਗਰਸ ਨੂੰ ਆਪਣੇ ਲੰਬੇ ਸ਼ਾਸਨਕਾਲ ਦੌਰਾਨ ਗਰੀਬਾਂ, ਮਹਿਲਾਵਾਂ ਅਤੇ ਨੌਜਵਾਨਾਂ ਲਈ ਕੀਤੇ ਕੰਮਾਂ ਬਾਰੇ ਆਤਮ-ਮੰਥਨ ਕਰਨ ਦੀ ਨਸੀਹਤ ਦਿੱਤੀ।
ਸੈਣੀ ਨੇ ਕਿਹਾ ਕਿ ਗਰੀਬਾਂ ਨੂੰ ਪੱਕੀ ਛੱਤ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਗਰੀਬ ਪਰਿਵਾਰਾਂ ਨੂੰ ਲਗਭਗ 1.60 ਲੱਖ ਮਕਾਨ ਬਣਾਕੇ ਦਿੱਤੇ ਗਏ ਹਨ। ਇਸੇ ਤਰ੍ਹਾਂ, ਦੇਸ਼ ਵਿੱਚ ਲਗਭਗ 12 ਕਰੋੜ ਪਖਾਨੇ ਬਣਾਏ ਜਾਣ ਨੂੰ ਉਨ੍ਹਾਂ ਨੇ ਮਹਿਲਾਵਾਂ ਦੇ ਸਨਮਾਨ ਨਾਲ ਜੋੜਦਿਆਂ ਕਿਹਾ ਕਿ ਇਸ ਨਾਲ ਗਰੀਬ ਪਰਿਵਾਰਾਂ ਨੂੰ ਬੁਨਿਆਦੀ ਸਹੂਲਤ ਅਤੇ ਸੁਰੱਖਿਆ ਮਿਲੀ ਹੈ।
ਕੋਰੋਨਾ ਮਹਾਮਾਰੀ ਦੌਰਾਨ ਵੈਕਸੀਨ ਨੂੰ ਲੈ ਕੇ ਕਾਂਗਰਸ ਵੱਲੋਂ ਉਠਾਏ ਸਵਾਲਾਂ ’ਤੇ ਵੀ ਸੈਣੀ ਨੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਲੋਕਾਂ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ, ਜਦਕਿ ਸਰਕਾਰ ਨੇ ਮਹਾਮਾਰੀ ਦੌਰਾਨ ਲੋਕਾਂ ਦੀ ਸਿਹਤ ਅਤੇ ਜੀਵਨ ਦੀ ਸੁਰੱਖਿਆ ਲਈ ਕੰਮ ਕੀਤਾ।
ਨੌਜਵਾਨਾਂ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ‘ਖੇਲੋ ਇੰਡੀਆ’, ‘ਮੇਕ ਇਨ ਇੰਡੀਆ’ ਅਤੇ ‘ਫਿੱਟ ਇੰਡੀਆ’ ਵਰਗੀਆਂ ਪਹਿਲਕਦਮੀਆਂ ਨੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਇਸ ਸਮੇਂ 12,500 ਤੋਂ ਵੱਧ ਸਟਾਰਟਅੱਪ ਕੰਮ ਕਰ ਰਹੇ ਹਨ ਅਤੇ 19 ਯੂਨੀਕਾਰਨ ਉੱਭਰੇ ਹਨ।
ਸੈਣੀ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਅਹਿਮ ਭੂਮਿਕਾ ਹੁੰਦੀ ਹੈ, ਪਰ ਕਾਂਗਰਸ ਕੋਲ ਇਸ ਸਮੇਂ ਨਾ ਕੋਈ ਠੋਸ ਮੁੱਦਾ ਹੈ ਅਤੇ ਨਾ ਹੀ ਨੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਪਸ਼ਬਦ ਕਹਿਣ ਨਾਲ ਕਾਂਗਰਸ ਨੂੰ ਜਨਤਾ ਦਾ ਵਿਸ਼ਵਾਸ ਨਹੀਂ ਮਿਲੇਗਾ। ਜਨਤਾ ਇਹ ਦੇਖ ਰਹੀ ਹੈ ਕਿ ਕੌਣ ਕੰਮ ਕਰ ਰਿਹਾ ਹੈ ਅਤੇ ਕੌਣ ਸਿਰਫ਼ ਵਿਰੋਧ ਦੀ ਰਾਜਨੀਤੀ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH