
ਡੇਰਾਬੱਸੀ, 12 ਸਤੰਬਰ (ਹਿੰ.ਸ.)| ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਜਾਂਚ ਦੌਰਾਨ ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਇੱਕ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਹਿਰਾਸਤ ’ਚੋਂ ਫਰਾਰ ਹੋ ਗਿਆ। ਹਾਲਾਂਕਿ ਕੁਝ ਹੀ ਸਮੇਂ ਬਾਅਦ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਉਸ ਨੂੰ ਮੁੜ ਕਾਬੂ ਕਰ ਲਿਆ। ਮੁਲਜ਼ਮ ਦੇ ਫਰਾਰ ਹੋਣ ਤੋਂ ਬਾਅਦ ਸ਼ਹਿਰ ਦੀਆਂ ਗਲੀਆਂ ਵਿੱਚ ਕੁਝ ਸਮੇਂ ਲਈ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ।
ਜਾਣਕਾਰੀ ਅਨੁਸਾਰ ਪੁਲਿਸ ਨੇ ਲੁੱਟ ਦੇ ਇੱਕ ਮਾਮਲੇ ਵਿੱਚ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਨਿਯਮਾਂ ਅਨੁਸਾਰ ਮੈਡੀਕਲ ਜਾਂਚ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਸੀ। ਇਸ ਦੌਰਾਨ ਇੱਕ ਮੁਲਜ਼ਮ ਪੁਲਿਸ ਮੁਲਾਜ਼ਮਾਂ ਦੀ ਨਜ਼ਰ ਤੋਂ ਬਚ ਕੇ ਅਚਾਨਕ ਹਸਪਤਾਲ ਕੰਪਲੈਕਸ ਵਿੱਚੋਂ ਭੱਜ ਗਿਆ।
ਮੁਲਜ਼ਮ ਦੇ ਫਰਾਰ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਲੋਕਾਂ ਦੀ ਮਦਦ ਨਾਲ ਉਸ ਨੂੰ ਕੁਝ ਹੀ ਸਮੇਂ ਬਾਅਦ ਮੁੜ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਨੇ ਰਾਹਤ ਦਾ ਸਾਹ ਲਿਆ। ਬਾਅਦ ਵਿੱਚ ਉਸ ਨੂੰ ਮੁੜ ਪੁਲਿਸ ਹਿਰਾਸਤ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਇਸ ਘਟਨਾ ਨੇ ਪੁਲਿਸ ਦੀ ਸੁਰੱਖਿਆ ਅਤੇ ਨਿਗਰਾਨੀ ਪ੍ਰਬੰਧ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਅੰਦਰੂਨੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕਿਹੜੀਆਂ ਹਾਲਾਤਾਂ ਵਿੱਚ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਵਿੱਚ ਕਾਮਯਾਬ ਹੋਇਆ ਅਤੇ ਮੌਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਵੱਲੋਂ ਕੋਈ ਲਾਪਰਵਾਹੀ ਹੋਈ ਜਾਂ ਨਹੀਂ। ਜਾਂਚ ਤੋਂ ਬਾਅਦ ਜ਼ਿੰਮੇਵਾਰੀ ਤੈਅ ਕਰਕੇ ਲੋੜੀਂਦੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH