
ਅੰਮ੍ਰਿਤਸਰ, 12 ਸਤੰਬਰ (ਹਿੰ.ਸ.)| ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸੇਵਾ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਹੋਈ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਾਂਝਾ ਅਧਿਆਤਮਿਕ ਕੇਂਦਰ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਦੀ ਰੰਗ ਰੋਗਨ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਸ. ਇਕਬਾਲ ਸਿੰਘ ਬੰਬੇ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸੇਵਕ ਪਰਿਵਾਰ ਵੱਲੋਂ ਪਹਿਲਾਂ ਵੀ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਯੋਗਦਾਨ ਪਾਇਆ ਗਿਆ ਹੈ। ਇਸ ਮੌਕੇ ਗਿਆਨੀ ਅਮਰਜੀਤ ਸਿੰਘ, ਐਡਵੋਕੇਟ ਧਾਮੀ ਅਤੇ ਗਿਆਨੀ ਟੇਕ ਸਿੰਘ ਵੱਲੋਂ ਸ. ਇਕਬਾਲ ਸਿੰਘ ਬੰਬੇ ਵਾਲੇ, ਸ. ਹਰਿੰਦਰ ਸਿੰਘ, ਸ. ਜਸ਼ਨਪ੍ਰੀਤ ਸਿੰਘ ਅਤੇ ਸ. ਹਰਬੰਸ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਦੇ ਨਾਲ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਲੋੜੀਂਦੀ ਮੁਰੰਮਤ ਅਤੇ ਰੰਗ ਰੋਗਨ ਦੀ ਸੇਵਾ ਆਰੰਭ ਕੀਤੀ ਗਈ। ਅਰਦਾਸ ਉਪਰੰਤ ਹੋਈ ਆਰੰਭਤਾ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਟੇਕ ਸਿੰਘ, ਗਿਆਨੀ ਕੇਵਲ ਸਿੰਘ ਅਤੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਕੇ ਮਹਿਲ ਦੀ ਲੋੜ ਅਨੁਸਾਰ ਮੁਰੰਮਤ ਅਤੇ ਰੰਗ ਰੋਗਨ ਦਾ ਕਾਰਜ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਰੰਮਤ ਉਪਰੰਤ ਰੰਗ ਰੋਗਨ ਦਾ ਕੰਮ ਵੀ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਮੈਂਬਰ, ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕ ਅਤੇ ਕਾਰਸੇਵਾ ਨਾਲ ਜੁੜੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH