
ਪਟਿਆਲਾ, 12 ਸਤੰਬਰ (ਹਿੰ.ਸ.)| ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੰਜਾਬ ਵਿੱਚ ਚੱਲ ਰਹੀ ਐਸਆਈਆਰ-2026 ਅਧੀਨ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਨਿਯੁਕਤ ਰੋਲ ਆਬਜ਼ਰਵਰ ਵਿਨੈ ਬੁਬਲਾਨੀ, ਆਈਏਐਸ., ਕਮਿਸ਼ਨਰ ਪਟਿਆਲਾ ਮੰਡਲ ਨੇ ਜਾਇਜ਼ਾ ਲਿਆ। ਉਨ੍ਹਾਂ ਵਿਧਾਨ ਸਭਾ ਹਲਕਾ 110-ਪਟਿਆਲਾ ਦਿਹਾਤੀ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।
ਰੋਲ ਆਬਜ਼ਰਵਰ ਨੇ ਬੂਥ ਨੰਬਰ 102, ਪ੍ਰੇਮ ਨਗਰ ਵਿਖੇ ਨਵੇਂ ਵੋਟਰਾਂ ਦੇ ਘਰ ਜਾ ਕੇ ਖੁਦ ਵੋਟਰਾਂ ਦੀ ਪੁਸ਼ਟੀ ਕੀਤੀ। ਇਸ ਦੌਰਾਨ ਉਨ੍ਹਾਂ ਵੋਟਰਾਂ ਨਾਲ ਗੱਲਬਾਤ ਕੀਤੀ ਅਤੇ ਬੂਥ ਲੈਵਲ ਅਫ਼ਸਰ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨਾਭਾ ਵਿਧਾਨ ਸਭਾ ਹਲਕੇ ਦਾ ਦੌਰਾ ਕਰਕੇ ਉੱਥੇ ਵੀ ਐਸਆਈਆਰ-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਜਾਇਜ਼ਾ ਲਿਆ।
ਵਿਨੈ ਬੁਬਲਾਨੀ ਨੇ ਪਟਿਆਲਾ ਦਿਹਾਤੀ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਸੁਪਰਵਾਈਜ਼ਰ ਅਧਿਕਾਰੀਆਂ ਅਤੇ ਚੋਣ ਅਮਲੇ ਨਾਲ ਮੀਟਿੰਗ ਕੀਤੀ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਉਨ੍ਹਾਂ ਨੂੰ ਹਲਕੇ ਵਿੱਚ ਐਸਆਈਆਰ-2026 ਤਹਿਤ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ।
ਰੋਲ ਆਬਜ਼ਰਵਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਨੋਟਿਸ ਪੜਾਅ, ਦਾਅਵਿਆਂ ਅਤੇ ਇਤਰਾਜ਼ਾਂ, ਉਨ੍ਹਾਂ ਦੇ ਨਿਪਟਾਰੇ ਅਤੇ ਵੋਟਰ ਸੂਚੀਆਂ ਦੀ ਤਸਦੀਕ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।
ਵਿਨੈ ਬੁਬਲਾਨੀ ਨੇ ਕਿਹਾ ਕਿ ਐਸਆਈਆਰ-2026 ਦਾ ਮੁੱਖ ਉਦੇਸ਼ ਸ਼ੁੱਧ, ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਵੇ ਅਤੇ ਕਿਸੇ ਅਯੋਗ ਵਿਅਕਤੀ ਦਾ ਨਾਮ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਤੋਂ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਦਸਤਾਵੇਜ਼ਾਂ ਦੀ ਸੂਚੀ ਅਨੁਸਾਰ ਹੀ ਦਸਤਾਵੇਜ਼ ਪ੍ਰਾਪਤ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਐਸਆਈਆਰ-2026 ਜਾਂ ਵੋਟਰ ਸੇਵਾਵਾਂ ਸਬੰਧੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH