
ਮੋਹਾਲੀ, 12 ਸਤੰਬਰ (ਹਿੰ.ਸ.)| ਧੰਨ-ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।
ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਦੇ ਰਹੇ। ਅੰਤਰਰਾਸ਼ਟਰੀ ਢਾਡੀ ਜਥੇ ਭਾਈ ਜਤਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਇਸ ਵਿੱਚ ਦਰਜ ਛੇ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ।
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਭੇਜ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਕਥਾ ਅਤੇ ਵਿਚਾਰਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨਾਲ ਸਬੰਧਤ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰਵਾਇਆ ਸੀ ਅਤੇ ਉਸ ਮੌਕੇ ਬਾਬਾ ਬੁੱਢਾ ਜੀ ਨੇ ਪਹਿਲਾ ਹੁਕਮਨਾਮਾ ਲਿਆ ਸੀ।
ਇਸ ਤੋਂ ਇਲਾਵਾ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਅਤੇ ਹੋਰ ਪ੍ਰਚਾਰਕਾਂ ਤੇ ਰਾਗੀ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਿੰਘ ਸ਼ਹੀਦਾਂ ਦੇ ਜਥਿਆਂ ਵੱਲੋਂ ਵੀ ਸਾਰਾ ਦਿਨ ਹਰਿ ਜਸ ਸੁਣਾਇਆ ਗਿਆ। ਸਮਾਗਮ ਵਿੱਚ ਸ਼ਾਮਲ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਨੂੰ ਅੰਦਰੋਂ ਫੁੱਲਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਦਕਿ ਬਾਹਰਲੇ ਹਿੱਸੇ ਅਤੇ ਮੁੱਖ ਗੇਟ ਤੱਕ ਦੇ ਰਸਤੇ ਨੂੰ ਵੀ ਵਿਸ਼ੇਸ਼ ਸਜਾਵਟ ਨਾਲ ਸ਼ਿੰਗਾਰਿਆ ਗਿਆ। ਇਸ ਮੌਕੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਫ਼ਤ ਮੁਆਇਨਾ ਕੀਤਾ ਗਿਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਹਿੰਦੂਸਥਾਨ ਸਮਾਚਾਰ / GURSHARAN SINGH