
ਕਿਹਾ—ਪੰਜਾਬ ਨੂੰ ਮੁੜ ਬਿਜਲੀ ਸਰਪਲੱਸ ਸੂਬਾ ਬਣਾਵਾਂਗੇ, ਨਵਾਂਸ਼ਹਿਰ ਵਿੱਚ ਮੈਡੀਕਲ ਤੇ ਵੈਟਰਨਰੀ ਕਾਲਜ ਖੋਲ੍ਹਣ ਦਾ ਐਲਾਨ
ਬਲਾਚੌਰ, 12 ਸਤੰਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਢੀ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਵੱਖਰਾ ਕੰਢੀ ਵਿਕਾਸ ਮੰਤਰਾਲਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪਠਾਨਕੋਟ ਤੋਂ ਰੋਪੜ ਤੱਕ ਚਹੁੰ-ਮਾਰਗੀ ਐਕਸਪ੍ਰੈੱਸਵੇਅ ਬਣਾਉਣ ਦਾ ਵੀ ਐਲਾਨ ਕੀਤਾ ਗਿਆ। ਉਹ ਪੰਜਾਬ ਬਚਾਓ ਮੁਹਿੰਮ ਤਹਿਤ ਬਲਾਚੌਰ ਵਿੱਚ ਪਾਰਟੀ ਆਗੂ ਹਨੀ ਟੋਂਸਾ ਦੀ ਅਗਵਾਈ ਹੇਠ ਹੋਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਸਵਾਲ ਕੀਤਾ ਕਿ ਮੋਟਰਾਂ ਲਈ ਦਿਨ ਵੇਲੇ 12 ਘੰਟੇ ਬਿਜਲੀ ਦੇਣ ਦੇ ਕੀਤੇ ਵਾਅਦੇ ਦਾ ਕੀ ਬਣਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਰੋਜ਼ਾਨਾ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਬਿਜਲੀ ਸਰਪਲੱਸ ਸੂਬਾ ਬਣਾਇਆ ਜਾਵੇਗਾ।
ਕੰਢੀ ਇਲਾਕੇ ਦੀਆਂ ਸਿੰਚਾਈ ਲੋੜਾਂ ਦਾ ਜ਼ਿਕਰ ਕਰਦਿਆਂ ਬਾਦਲ ਨੇ ਡੂੰਘੇ ਟਿਊਬਵੈੱਲ ਲਗਾਉਣ, ਕੰਢੀ ਨਹਿਰ ਰਾਹੀਂ ਸਿੰਚਾਈ ਸਹੂਲਤਾਂ ਦੇਣ ਅਤੇ ਤੁਪਕਾ ਸਿੰਚਾਈ ਤੇ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ। ਉਨ੍ਹਾਂ ਨਵਾਂਸ਼ਹਿਰ ਵਿੱਚ ਮੈਡੀਕਲ ਕਾਲਜ ਅਤੇ ਵੈਟਰਨਰੀ ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਨਿਕ ਨਾਕਾਮੀ ਦੇ ਦੋਸ਼ ਲਗਾਏ। ਉਨ੍ਹਾਂ ਮੁੱਖ ਮੰਤਰੀ ਦਫ਼ਤਰ ’ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਦੇ ਦੌਰ ਵਿੱਚ ਅਫਸਰਾਂ ਦੀਆਂ ਤਾਇਨਾਤੀਆਂ, ਤਬਾਦਲਿਆਂ, ਸੀਐਲਯੂ ਮਾਮਲਿਆਂ ਅਤੇ ਠੇਕਿਆਂ ਵਿੱਚ ਭ੍ਰਿਸ਼ਟਾਚਾਰ ਹੋ ਰਿਹਾ ਹੈ। ਉਨ੍ਹਾਂ ਗੈਂਗਸਟਰਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ।
ਬਾਦਲ ਨੇ ਕਿਹਾ ਕਿ ਲੋਕਤੰਤਰੀ ਢੰਗ ਨਾਲ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਮੁੱਦਿਆਂ ਦਾ ਹਿਸਾਬ ਲੈਣਾ ਚਾਹੀਦਾ ਹੈ।
ਉਨ੍ਹਾਂ ਅਕਾਲੀ ਦਲ ਦੀ ਭਵਿੱਖੀ ਕਾਰਜ ਯੋਜਨਾ ਦੱਸਦਿਆਂ ਕਿਹਾ ਕਿ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਨੂੰ 4 ਰੁਪਏ ਕਿਲੋ ਦੀ ਦਰ ਨਾਲ 50 ਕਿਲੋ ਕਣਕ, ਸ਼ਗਨ ਸਕੀਮ ਤਹਿਤ 1 ਲੱਖ ਰੁਪਏ ਅਤੇ ਬੁਢਾਪਾ ਪੈਨਸ਼ਨ 3,100 ਰੁਪਏ ਮਹੀਨਾ ਕੀਤੀ ਜਾਵੇਗੀ। ਐਸਸੀ ਸਕਾਲਰਸ਼ਿਪ ਸਕੀਮ ਮੁੜ ਚਾਲੂ ਕਰਨ, ਪਸ਼ੂ ਪਾਲਣ ਪ੍ਰਾਜੈਕਟਾਂ ’ਤੇ 75 ਫੀਸਦੀ ਸਬਸਿਡੀ ਅਤੇ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਦੁੱਧ ਲਈ ਐਮਐਸਪੀ ਤੈਅ ਕਰਨ ਦਾ ਵਾਅਦਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਲਈ ਖੜ੍ਹਾ ਰਿਹਾ ਹੈ। ਰੈਲੀ ਨੂੰ ਡਾ. ਦਲਜੀਤ ਸਿੰਘ ਚੀਮਾ, ਸੁਖਦੀਪ ਸਿੰਘ ਸ਼ੂਕਰ ਅਤੇ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH