
ਪਟਿਆਲਾ, 13 ਸਤੰਬਰ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਮਾਣਯੋਗ ਜੱਜ ਜਸਟਿਸ ਅਲਕਾ ਸਰੀਨ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕਰਕੇ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਭਲਾਈ ਕਾਰਜਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਜਸਟਿਸ ਅਲਕਾ ਸਰੀਨ ਨੇ ਮਹਿਲਾ ਵਾਰਡ, ਕ੍ਰੈਚ-ਕਮ-ਹੁਨਰ ਵਿਕਾਸ ਕੇਂਦਰ, ਜੇਲ੍ਹ ਫੈਕਟਰੀ, ਆਈ.ਟੀ.ਆਈ., ਕਲਾਸ ਰੂਮ, ਜੇਲ੍ਹ ਹਸਪਤਾਲ, ਕਾਨੂੰਨੀ ਸਹਾਇਤਾ ਕਮਰਾ, ਜੇਲ੍ਹ ਨਰਸਰੀ, ਵੀ.ਸੀ. ਰੂਮ, ਸਾਂਝੀ ਰਸੋਈ ਅਤੇ ਹਾਈ ਸਕਿਓਰਿਟੀ ਜ਼ੋਨ ਦਾ ਦੌਰਾ ਕੀਤਾ। ਉਨ੍ਹਾਂ ਨੇ ਇਨ੍ਹਾਂ ਥਾਵਾਂ ’ਤੇ ਚੱਲ ਰਹੇ ਕੰਮਕਾਜ ਅਤੇ ਕੈਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਜਸਟਿਸ ਅਲਕਾ ਸਰੀਨ ਨੇ ਕੈਦੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸਿਹਤ ਸੰਭਾਲ, ਕਾਨੂੰਨੀ ਸਹਾਇਤਾ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਪੁੱਛਗਿੱਛ ਕੀਤੀ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਕੈਦੀਆਂ ਨੂੰ ਉਨ੍ਹਾਂ ਦੇ ਹੱਕਾਂ ਅਨੁਸਾਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਰਾਖੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿੱਚ ਚੱਲ ਰਹੇ ਵੱਖ-ਵੱਖ ਭਲਾਈ ਉਪਰਾਲਿਆਂ ਦੀ ਵੀ ਸਮੀਖਿਆ ਕੀਤੀ ਅਤੇ ਜੇਲ੍ਹ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਨਿਰੀਖਣ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਅਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਸ਼ਿਲਪੀ ਗੁਪਤਾ ਵੀ ਮੌਜੂਦ ਸਨ।
ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਜਸਟਿਸ ਅਲਕਾ ਸਰੀਨ ਨੂੰ ਕੇਂਦਰੀ ਜੇਲ੍ਹ ਦੇ ਸਮੁੱਚੇ ਕੰਮਕਾਜ, ਸੁਰੱਖਿਆ ਪ੍ਰਬੰਧਾਂ, ਸਿਹਤ ਸਹੂਲਤਾਂ, ਕਿੱਤਾਮੁਖੀ ਗਤੀਵਿਧੀਆਂ ਅਤੇ ਕੈਦੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।
ਹਿੰਦੂਸਥਾਨ ਸਮਾਚਾਰ / GURSHARAN SINGH