
ਚੰਡੀਗੜ੍ਹ, 13 ਸਤੰਬਰ (ਹਿੰ.ਸ.)| ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਸਰਗਰਮ ਹੋ ਗਿਆ ਹੈ। ਐਤਵਾਰ ਨੂੰ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਜ਼ੋਰਦਾਰ ਮੀਂਹ ਪੈਣ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ। ਇਸ ਤੋਂ ਪਹਿਲਾਂ ਮੌਸਮ ਵਿਭਾਗ ਵੱਲੋਂ 17 ਸਤੰਬਰ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। ਇਸ ਸਬੰਧੀ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਅਜੇ ਵੀ ਆਮ ਤਾਪਮਾਨ ਨਾਲੋਂ 1.8 ਡਿਗਰੀ ਵੱਧ ਹੈ। ਭਾਖੜਾ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ 36.8 ਡਿਗਰੀ ਤਾਪਮਾਨ ਰਿਕਾਰਡ ਹੋਇਆ, ਜੋ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨਾਲੋਂ ਵੱਧ ਰਿਹਾ।
ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ਵਿੱਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸੂਬੇ ਵਿੱਚ 0.6 ਐੱਮਐੱਮ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਮੁਤਾਬਕ ਜੇਕਰ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੁੰਦੀ ਹੈ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮਾਨਸੂਨ ਸੀਜ਼ਨ ਦੌਰਾਨ ਦਰਜ ਕੀਤੀ ਜਾ ਰਹੀ ਮੀਂਹ ਦੀ ਘਾਟ ਕੁਝ ਹੱਦ ਤੱਕ ਪੂਰੀ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਪੰਜਾਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪੱਛਮੀ ਵਿਗਾੜ ਸਰਗਰਮ ਹੈ। ਉੱਤਰੀ ਪਾਕਿਸਤਾਨ ਅਤੇ ਇਸ ਨਾਲ ਲੱਗਦੇ ਜੰਮੂ ਖੇਤਰ ਵਿੱਚ ਬਣਿਆ ਚੱਕਰਵਾਤੀ ਸਰਕੂਲੇਸ਼ਨ ਹੁਣ ਉੱਤਰੀ ਪੰਜਾਬ ਅਤੇ ਨੇੜਲੇ ਇਲਾਕਿਆਂ ਵਿੱਚ 3.1 ਤੋਂ 5.8 ਕਿਲੋਮੀਟਰ ਦੀ ਉਚਾਈ ’ਤੇ ਸਥਿਤ ਹੈ। ਇਸ ਮੌਸਮੀ ਪ੍ਰਣਾਲੀ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਬੱਦਲਵਾਈ ਅਤੇ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਕਈ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋਣ ਦੇ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH