
ਅੰਮ੍ਰਿਤਸਰ, 13 ਸਤੰਬਰ (ਹਿੰ.ਸ.)| ਅੰਮ੍ਰਿਤਸਰ ਦਿਹਾਤ ਪੁਲਿਸ ਵੱਲੋਂ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਵੱਡੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ। ਘਰਿੰਡਾ ਅਤੇ ਲੋਪੋਕੇ ਇਲਾਕਿਆਂ ਵਿੱਚ ਪੁਲਿਸ ਨੇ ਨਸ਼ਾ ਅਤੇ ਨਾਜਾਇਜ਼ ਹਥਿਆਰ ਬਰਾਮਦ ਕੀਤੇ, ਜਦਕਿ ਰਮਦਾਸ ਖੇਤਰ ਵਿੱਚ ਬੀਐੱਸਐੱਫ ਦੀ ਕਾਰਵਾਈ ਦੌਰਾਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਕਾਬੂ ਕੀਤੀ ਗਈ।
ਘਰਿੰਡਾ ਥਾਣਾ ਪੁਲਿਸ ਨੇ ਪਾਕਿਸਤਾਨ ਬੈਠੇ ਤਸਕਰਾਂ ਨਾਲ ਸੰਪਰਕ ਵਿੱਚ ਦੱਸੇ ਜਾ ਰਹੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਗੁਰਲਾਲ ਸਿੰਘ ਪੁੱਤਰ ਗੰਗਾ ਸਿੰਘ ਵਾਸੀ ਭਿੰਡੀਵਿੰਡ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕਥਿਤ ਤੌਰ ’ਤੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਲਿਆ ਕੇ ਅੱਗੇ ਸਪਲਾਈ ਕਰਦਾ ਸੀ।
ਪੁਲਿਸ ਟੀਮ ਨੇ ਮੁਲਜ਼ਮ ਨੂੰ ਮੋਟਰਸਾਈਕਲ ਹੀਰੋ ਡੀਲਕਸ ’ਤੇ ਆਉਂਦੇ ਹੋਏ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 3 ਕਿਲੋ 10 ਗ੍ਰਾਮ ਹੈਰੋਇਨ ਅਤੇ ਇੱਕ ਮੋਮੀ ਲਿਫਾਫਾ ਬਰਾਮਦ ਕੀਤਾ ਗਿਆ। ਲੋਪੋਕੇ ਥਾਣਾ ਪੁਲਿਸ ਨੇ ਪਿੰਡ ਸ਼ਾਹੂਰਾ ਵੱਲ ਲੰਗਰ ਹਾਲ ਨੇੜੇ ਨਾਕਾਬੰਦੀ ਦੌਰਾਨ ਤਿੰਨ ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਹਾਰਦੋ ਰੱਤਨ, ਸ਼ਮਸ਼ੇਰ ਸਿੰਘ ਅਤੇ ਨਰਾਇਣ ਸਿੰਘ ਵਾਸੀ ਪਿੰਡ ਡੰਡੀ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 3 ਪਿਸਤੌਲ ਅਤੇ 3 ਮੈਗਜ਼ੀਨ ਬਰਾਮਦ ਹੋਏ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹਥਿਆਰਾਂ ਦੀ ਸਪਲਾਈ ਅਤੇ ਵਰਤੋਂ ਨਾਲ ਜੁੜੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਰਮਦਾਸ ਖੇਤਰ ਵਿੱਚ ਬੀਐੱਸਐੱਫ ਵੱਲੋਂ ਕੀਤੀ ਕਾਰਵਾਈ ਦੌਰਾਨ .30 ਬੋਰ ਦੇ 2 ਪਿਸਤੌਲ, 4 ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ 510 ਗ੍ਰਾਮ ਹੈਰੋਇਨ ਅਤੇ 2 ਕਿਲੋ 372 ਗ੍ਰਾਮ ਅਫੀਮ ਵੀ ਬਰਾਮਦ ਹੋਈ।
ਮੌਕੇ ਤੋਂ ਪੈਕਿੰਗ ਸਮੱਗਰੀ, ਦੋ ਡੱਬੇ ਅਤੇ 10 ਮੀਟਰ ਰੱਸੀ ਵੀ ਮਿਲੀ ਹੈ। ਬਰਾਮਦਗੀ ਤੋਂ ਬਾਅਦ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਸੰਭਾਵਿਤ ਨੈੱਟਵਰਕ ਦੀ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਨਸ਼ੀਲੇ ਪਦਾਰਥ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਅਤੇ ਇਨ੍ਹਾਂ ਦੀ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH