ਸੋਮਵਾਰ ਤੋਂ ਪੰਜ ਦਿਨ ਮੰਤਰੀਆਂ ਦੇ ਘਰਾਂ ਅੱਗੇ ਧਰਨਾ ਦੇਵੇਗਾ ਕਿਸਾਨ ਮਜ਼ਦੂਰ ਮੋਰਚਾ
ਚੰਡੀਗੜ੍ਹ, 13 ਸਤੰਬਰ (ਹਿੰ.ਸ.)| ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚਾਲੇ ਤਣਾਅ ਇੱਕ ਵਾਰ ਮੁੜ ਵਧਦਾ ਨਜ਼ਰ ਆ ਰਿਹਾ ਹੈ। ਕਿਸਾਨ ਮਜ਼ਦੂਰ ਮੋਰਚਾ ਸੋਮਵਾਰ ਤੋਂ ਪੰਜ ਦਿਨਾਂ ਦਾ ਧਰਨਾ-ਪ੍ਰਦਰਸ਼ਨ ਸ਼ੁਰੂ ਕਰਨ ਜਾ ਰਿਹਾ ਹੈ। ਇਸ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸ
ਸੋਮਵਾਰ ਤੋਂ ਪੰਜ ਦਿਨ ਮੰਤਰੀਆਂ ਦੇ ਘਰਾਂ ਅੱਗੇ ਧਰਨਾ ਦੇਵੇਗਾ ਕਿਸਾਨ ਮਜ਼ਦੂਰ ਮੋਰਚਾ


ਚੰਡੀਗੜ੍ਹ, 13 ਸਤੰਬਰ (ਹਿੰ.ਸ.)| ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚਾਲੇ ਤਣਾਅ ਇੱਕ ਵਾਰ ਮੁੜ ਵਧਦਾ ਨਜ਼ਰ ਆ ਰਿਹਾ ਹੈ। ਕਿਸਾਨ ਮਜ਼ਦੂਰ ਮੋਰਚਾ ਸੋਮਵਾਰ ਤੋਂ ਪੰਜ ਦਿਨਾਂ ਦਾ ਧਰਨਾ-ਪ੍ਰਦਰਸ਼ਨ ਸ਼ੁਰੂ ਕਰਨ ਜਾ ਰਿਹਾ ਹੈ। ਇਸ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਸੱਤ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਵੀ ਸ਼ਾਮਲ ਹਨ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ਨੀਵਾਰ ਤੋਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੁਣ ਕਿਸਾਨ ਮਜ਼ਦੂਰ ਮੋਰਚਾ ਵੀ ਸਿੱਧੇ ਤੌਰ ’ਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨੇ ਦੇਣ ਜਾ ਰਿਹਾ ਹੈ। ਇਸ ਨਾਲ ਪੰਜਾਬ ਸਰਕਾਰ ’ਤੇ ਕਿਸਾਨਾਂ ਦਾ ਦਬਾਅ ਹੋਰ ਵਧਣ ਦੀ ਸੰਭਾਵਨਾ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਗੱਲਬਾਤ ਸ਼ੁਰੂ ਨਹੀਂ ਕਰਦੀ ਤਾਂ 16 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਅੰਦੋਲਨ ਨੂੰ ਹੋਰ ਤਿੱਖਾ ਕਰਨ ਬਾਰੇ ਫੈਸਲਾ ਲਿਆ ਜਾਵੇਗਾ।ਕਿਸਾਨ ਮਜ਼ਦੂਰ ਮੋਰਚੇ ਮੁਤਾਬਕ ਮੌਜੂਦਾ ਅੰਦੋਲਨ ਦੀਆਂ ਮੁੱਖ ਵਜ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਅਤੇ ਖਾਦ ਦੀ ਉਪਲਬਧਤਾ ਨਾਲ ਜੁੜੀਆਂ ਸਮੱਸਿਆਵਾਂ ਹਨ। ਹਾਲਾਂਕਿ ਮੋਰਚੇ ਵੱਲੋਂ ਐੱਮਐੱਸਪੀ, ਖੇਤੀਬਾੜੀ ਕਰਜ਼ਾ, ਦਰਿਆਈ ਪਾਣੀਆਂ, ਜ਼ਮੀਨ ਐਕਵਾਇਰ, ਨਸ਼ਿਆਂ, ਬੇਰੁਜ਼ਗਾਰੀ ਅਤੇ ਕੇਂਦਰ-ਰਾਜ ਸਬੰਧਾਂ ਸਮੇਤ ਕਈ ਹੋਰ ਮੁੱਦੇ ਵੀ ਚੁੱਕੇ ਜਾ ਰਹੇ ਹਨ।ਕਿਸਾਨ ਜਥੇਬੰਦੀਆਂ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਐੱਮਐੱਸਪੀ ’ਤੇ ਸਰਕਾਰੀ ਖਰੀਦ ਦੀ ਮੰਗ ਕਰ ਰਹੀਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਪੂਰੀ ਕਰਜ਼ਾ ਮੁਆਫ਼ੀ, ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਰੁਜ਼ਗਾਰ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਮੋਰਚੇ ਵੱਲੋਂ ਹੜ੍ਹਾਂ, ਡਿੱਗਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਅਤੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਢੁਕਵੀਂ ਨੀਤੀ ਬਣਾਉਣ ਦੀ ਮੰਗ ਵੀ ਰੱਖੀ ਗਈ ਹੈ।ਕਿਸਾਨਾਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਪਾਕਿਸਤਾਨ ਨਾਲ ਵਾਹਗਾ ਵਪਾਰ ਮਾਰਗ ਖੋਲ੍ਹਣ ਅਤੇ ਭਾਰਤਮਾਲਾ ਪ੍ਰਾਜੈਕਟ ਲਈ ਕਥਿਤ ਜਬਰੀ ਜ਼ਮੀਨ ਐਕਵਾਇਰ ਕਰਨ ’ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਹੈ।ਕਿਸਾਨ ਮਜ਼ਦੂਰ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ’ਤੇ ਮੰਤਰੀਆਂ ਅਤੇ ਵਿਧਾਨ ਸਭਾ ਸਪੀਕਰ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ। ਜੰਡਿਆਲਾ ਵਿੱਚ ਹਰਭਜਨ ਸਿੰਘ ਈਟੀਓ, ਸੁਨਾਮ ਵਿੱਚ ਅਮਨ ਅਰੋੜਾ, ਭੋਆ ਵਿੱਚ ਲਾਲ ਚੰਦ ਕਟਾਰੂਚੱਕ, ਹੁਸ਼ਿਆਰਪੁਰ ਵਿੱਚ ਰਵਜੋਤ ਸਿੰਘ, ਮੁਕਤਸਰ ਵਿੱਚ ਗੁਰਮੀਤ ਸਿੰਘ ਖੁੱਡੀਆਂ, ਜਲੰਧਰ ਵਿੱਚ ਮੋਹਿੰਦਰ ਭਗਤ ਅਤੇ ਲੁਧਿਆਣਾ ਵਿੱਚ ਹਰਦੀਪ ਸਿੰਘ ਮੁੰਡੀਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਹੋਵੇਗਾ। ਇਸ ਤੋਂ ਇਲਾਵਾ ਫਰੀਦਕੋਟ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਵੀ ਕਿਸਾਨ ਅੰਦੋਲਨ ਦਾ ਕੇਂਦਰ ਬਣੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande