
ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਵਿੱਚ ਜੀਐਸਟੀ ਨਿਯਮਾਂ ਦੀ ਉਲੰਘਣਾ ਅਤੇ ਬਿਨਾਂ ਦਸਤਾਵੇਜ਼ਾਂ ਦੇ ਸਾਮਾਨ ਦੀ ਢੋਆ-ਢੁਆਈ ਖ਼ਿਲਾਫ਼ ਆਬਕਾਰੀ ਅਤੇ ਕਰ ਵਿਭਾਗ ਨੇ ਵੱਡੀ ਇਨਫੋਰਸਮੈਂਟ ਮੁਹਿੰਮ ਚਲਾਈ ਹੈ। ਸੂਬੇ ਭਰ ਵਿੱਚ ਕੀਤੀ ਗਈ ਇਸ ਕਾਰਵਾਈ ਦੌਰਾਨ ਸ਼ੱਕੀ ਤਰੀਕੇ ਨਾਲ ਸਾਮਾਨ ਲਿਜਾ ਰਹੇ 170 ਵਾਹਨਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਵਿੱਚੋਂ 5 ਕਰੋੜ ਰੁਪਏ ਤੋਂ ਵੱਧ ਮੁੱਲ ਦਾ ਲੋਹੇ ਦਾ ਸਕਰੈਪ, ਤਿਆਰ ਲੋਹਾ ਅਤੇ ਸਟੀਲ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ।
ਇਹ ਕਾਰਵਾਈ ਸਟੇਟ ਇਨਵੈਸਟੀਗੇਸ਼ਨ ਅਤੇ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਮੁਹਿੰਮ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ’ਤੇ ਖਾਸ ਧਿਆਨ ਕੇਂਦਰਿਤ ਕੀਤਾ ਗਿਆ, ਜਿੱਥੇ ਵੱਡੀ ਮਾਤਰਾ ਵਿੱਚ ਲੋਹੇ ਅਤੇ ਸਟੀਲ ਨਾਲ ਸਬੰਧਤ ਵਪਾਰ ਹੁੰਦਾ ਹੈ।
ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਕਾਰਵਾਈ ਨੂੰ ਟੈਕਸ ਚੋਰੀ ਕਰਨ ਵਾਲਿਆਂ ਲਈ ਸਖ਼ਤ ਚੇਤਾਵਨੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਜੀਐਸਟੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਟੈਕਸ ਚੋਰੀ ਦੀਆਂ ਸੰਭਾਵਨਾਵਾਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਚੀਮਾ ਨੇ ਕਿਹਾ ਕਿ ਜਾਂਚ ਦੌਰਾਨ ਵੱਡੀ ਗਿਣਤੀ ਵਿੱਚ ਵਾਹਨ ਅਜਿਹੇ ਮਿਲੇ, ਜਿਨ੍ਹਾਂ ਕੋਲ ਸਾਮਾਨ ਨਾਲ ਸਬੰਧਤ ਸਹੀ ਬਿੱਲ ਜਾਂ ਲਾਜ਼ਮੀ ਦਸਤਾਵੇਜ਼ ਮੌਜੂਦ ਨਹੀਂ ਸਨ। ਉਨ੍ਹਾਂ ਕਿਹਾ ਕਿ ਬਿਨਾਂ ਦਸਤਾਵੇਜ਼ਾਂ ਦੇ ਸਾਮਾਨ ਦੀ ਆਵਾਜਾਈ ਜੀਐਸਟੀ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ ਅਤੇ ਅਜਿਹੀਆਂ ਗਤੀਵਿਧੀਆਂ ਰਾਹੀਂ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਦਾ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਸਾਮਾਨ ਅਤੇ ਖੇਪਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਜਾਂਚ ਲਗਭਗ ਇੱਕ ਹਫ਼ਤੇ ਵਿੱਚ ਪੂਰੀ ਹੋਣ ਦੀ ਉਮੀਦ ਹੈ। ਜਾਂਚ ਤੋਂ ਬਾਅਦ ਬਣਦੇ ਟੈਕਸ, ਜੁਰਮਾਨੇ ਅਤੇ ਹੋਰ ਕਾਨੂੰਨੀ ਬਕਾਏ ਦੀ ਗਣਨਾ ਕਰਕੇ ਉਨ੍ਹਾਂ ਦੀ ਵਸੂਲੀ ਲਈ ਕਾਰਵਾਈ ਕੀਤੀ ਜਾਵੇਗੀ।
ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ਼ ਇੱਕ ਵਾਰ ਦੀ ਕਾਰਵਾਈ ਨਹੀਂ ਹੈ, ਸਗੋਂ ਪੰਜਾਬ ਵਿੱਚ ਟੈਕਸ ਪਾਲਣਾ ਮਜ਼ਬੂਤ ਕਰਨ ਲਈ ਲਗਾਤਾਰ ਚੱਲਣ ਵਾਲੀ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਵਪਾਰਕ ਗਤੀਵਿਧੀਆਂ ਵਿੱਚ ਅਨੁਸ਼ਾਸਨ ਲਿਆਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਟੈਕਸ ਦਾ ਹਰ ਰੁਪਿਆ ਸਰਕਾਰੀ ਖਜ਼ਾਨੇ ਤੱਕ ਪਹੁੰਚੇ।
ਉਨ੍ਹਾਂ ਟੈਕਸਦਾਤਾਵਾਂ ਨੂੰ ਨਿਯਮਾਂ ਅਨੁਸਾਰ ਕਾਰੋਬਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਦੀ ਢੋਆ-ਢੁਆਈ ਕਰਨ ਵਾਲਿਆਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH