
700 ਤੋਂ ਵੱਧ ਭਾਗੀਦਾਰਾਂ ਨੇ ਲਿਆ ਹਿੱਸਾ, ਖਿਡਾਰੀਆਂ ਅਤੇ ਮੈਰਾਥਨ ਪੂਰੀ ਕਰਨ ਵਾਲਿਆਂ ਦਾ ਸਨਮਾਨਅੰਮ੍ਰਿਤਸਰ, 14 ਸਤੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਮੈਰਾਥਨ ਨੂੰ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਆਈ.ਏ.ਐੱਸ. ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਭਾਗੀਦਾਰਾਂ ਦਾ ਉਤਸ਼ਾਹ ਵਧਾਇਆ।ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ਨੂੰ ਸਮਾਨਤਾ, ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਅਤੇ ਮਨੁੱਖਤਾ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੈਰਾਥਨ ਸਿਰਫ਼ ਖੇਡ ਗਤੀਵਿਧੀ ਨਹੀਂ, ਸਗੋਂ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਮਨੁੱਖਤਾਵਾਦੀ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸਾਰਥਕ ਉਪਰਾਲਾ ਹੈ।ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦੇ ਹੋਏ ਸਮਾਜ ਵਿੱਚ ਭਾਈਚਾਰੇ ਅਤੇ ਸਮਾਨਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਨ ਨਾਲ ਵਿਅਕਤੀ ਸਰੀਰਕ ਤੌਰ ’ਤੇ ਤੰਦਰੁਸਤ ਹੋਣ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਹੁੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੈਰਾਥਨ ਵਿੱਚ 700 ਤੋਂ ਵੱਧ ਭਾਗੀਦਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟ, ਮੈਡਲ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਗਈ। ਮੈਰਾਥਨ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਵੀ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਏ.ਡੀ.ਸੀ. ਪੱਲਵੀ ਮਿਸ਼ਰਾ ਆਈ.ਏ.ਐੱਸ. ਅਤੇ ਐੱਸ.ਡੀ.ਐੱਮ.-1 ਅਲਕਾ ਕਾਲੀਆ ਵੱਲੋਂ ਅੰਮ੍ਰਿਤਸਰ ਦੇ ਤਿੰਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ ਖਿਡਾਰੀਆਂ ਤੋਂ ਇਲਾਵਾ ਕਾਮਨਵੈਲਥ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਭਾਗੀਦਾਰਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡਾਂ ਤੇ ਹੋਰ ਸਰੀਰਕ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਮੈਰਾਥਨ ਸਵੇਰੇ 7 ਵਜੇ ਕੰਪਨੀ ਬਾਗ ਤੋਂ ਸ਼ੁਰੂ ਹੋਈ। ਭਾਗੀਦਾਰ ਨੋਵਲਟੀ ਚੌਂਕ, ਕਸਟਮ ਚੌਂਕ, ਰਿਆਲਟੋ ਚੌਂਕ, ਅਸ਼ੋਕਾ ਚੌਂਕ, ਕ੍ਰਿਸਟਲ ਚੌਂਕ, ਹੁਕਮ ਸਿੰਘ ਰੋਡ ਅਤੇ ਸਸਸਸ ਚੌਂਕ ਤੋਂ ਹੁੰਦੇ ਹੋਏ ਮੁੜ ਕੰਪਨੀ ਬਾਗ ਪਹੁੰਚੇ, ਜਿੱਥੇ ਮੈਰਾਥਨ ਦੀ ਸਮਾਪਤੀ ਹੋਈ।ਇਸ ਮੌਕੇ ਜਰਨੈਲ ਸਿੰਘ ਢੋਟ, ਲੋਕ ਸਭਾ ਇੰਚਾਰਜ ਅਤੇ ਸੀਨੀਅਰ ਵਾਈਸ ਚੇਅਰਮੈਨ ਕੰਬੋਜ ਵੈਲਫੇਅਰ ਬੋਰਡ, ਰਵਿੰਦਰ ਹੰਸ, ਡਾਇਰੈਕਟਰ ਐੱਸ.ਈ.ਐੱਲ. ਐਂਡ ਐੱਫ. ਕਾਰਪੋਰੇਸ਼ਨ, ਰਵਲੀਨ ਕੌਰ ਸੰਧੂ, ਵੂਮੈਨ ਯੂਥ ਵਿੰਗ ਅੰਮ੍ਰਿਤਸਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਵੱਖ-ਵੱਖ ਵਾਰਡਾਂ ਦੇ ਕੌਂਸਲਰ, ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH