
ਗੁਰਕੀਰਤ ਕਿਰਪਾਲ ਸਿੰਘ ਨੂੰ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ, ਸਰਕਾਰ ਦਾ ਦਾਅਵਾ-ਮੰਗਲਵਾਰ ਤੋਂ ਨਹੀਂ ਲੱਗਣਗੇ ਪਾਵਰ ਕੱਟ
ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਵਿੱਚ ਲਗਾਤਾਰ ਬਿਜਲੀ ਕੱਟਾਂ ਅਤੇ ਵਧਦੀ ਬਿਜਲੀ ਮੰਗ ਦਰਮਿਆਨ ਸੂਬਾ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪ੍ਰਸ਼ਾਸਨਿਕ ਸਕੱਤਰ ਅਤੇ ਸੀਐਮਡੀ ਡਾ. ਬਸੰਤ ਗਰਗ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਸੀਨੀਅਰ ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
ਸਰਕਾਰ ਵੱਲੋਂ ਗੁਰਕੀਰਤ ਕਿਰਪਾਲ ਸਿੰਘ ਕੋਲ ਮੌਜੂਦ ਉਦਯੋਗ ਵਿਭਾਗ ਦੇ ਸਾਰੇ ਚਾਰਜ ਡਾ. ਬਸੰਤ ਗਰਗ ਨੂੰ ਸੌਂਪ ਦਿੱਤੇ ਗਏ ਹਨ। ਇਹ ਪ੍ਰਸ਼ਾਸਨਿਕ ਫੇਰਬਦਲ ਉਸ ਸਮੇਂ ਹੋਇਆ ਹੈ, ਜਦੋਂ ਪੰਜਾਬ ਦੇ ਕਿਸਾਨ ਅਤੇ ਉਦਯੋਗਪਤੀ ਬੇਤਰਤੀਬ ਅਤੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਵਿਰੋਧ ਜਤਾ ਰਹੇ ਹਨ।
ਜਾਣਕਾਰੀ ਮੁਤਾਬਕ ਪੰਜਾਬ ਵਿੱਚ ਬਿਜਲੀ ਦੀ ਮੰਗ ਪਿਛਲੇ ਸਾਲ ਦੇ ਮੁਕਾਬਲੇ ਕਰੀਬ 3,500 ਮੈਗਾਵਾਟ ਵਧ ਕੇ ਲਗਭਗ 16,000 ਮੈਗਾਵਾਟ ਤੱਕ ਪਹੁੰਚ ਗਈ ਹੈ। ਦੂਜੇ ਪਾਸੇ ਕੋਲੇ ਦੀ ਅਨਿਯਮਿਤ ਸਪਲਾਈ ਕਾਰਨ ਸੂਬੇ ਦੇ ਥਰਮਲ ਪਾਵਰ ਪਲਾਂਟਾਂ ਤੋਂ ਉਤਪਾਦਨ ਕਰੀਬ 6,000 ਮੈਗਾਵਾਟ ਤੱਕ ਸੀਮਤ ਰਹਿਣ ਦੀ ਗੱਲ ਕਹੀ ਜਾ ਰਹੀ ਹੈ।
ਬਿਜਲੀ ਸੰਕਟ ਕਾਰਨ ਵੱਖ-ਵੱਖ ਇਲਾਕਿਆਂ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਉਦਯੋਗਪਤੀਆਂ ਦਾ ਕਹਿਣਾ ਹੈ ਕਿ ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਲੁਧਿਆਣਾ ਦੇ ਉਦਯੋਗਪਤੀਆਂ ਨੇ ਬਿਜਲੀ ਪ੍ਰਬੰਧ ਵਿੱਚ ਸੁਧਾਰ ਨਾ ਹੋਣ ’ਤੇ ਲੁਧਿਆਣਾ-ਚੰਡੀਗੜ੍ਹ ਮਾਰਗ ਜਾਮ ਕਰਨ ਦੀ ਚਿਤਾਵਨੀ ਵੀ ਦਿੱਤੀ ਸੀ।
ਸੂਬਾ ਸਰਕਾਰ ਦਾ ਕਹਿਣਾ ਹੈ ਕਿ ਥਰਮਲ ਪਾਵਰ ਪਲਾਂਟਾਂ ਨੂੰ ਲੋੜੀਂਦੀ ਮਾਤਰਾ ਵਿੱਚ ਕੋਲਾ ਨਾ ਮਿਲਣ ਕਾਰਨ ਬਿਜਲੀ ਕੱਟ ਲਗਾਉਣੇ ਪਏ। ਸਰਕਾਰ ਨੇ ਇਸ ਸਥਿਤੀ ਲਈ ਕੇਂਦਰ ਤੋਂ ਮਿਲਣ ਵਾਲੀ ਕੋਲਾ ਸਪਲਾਈ ਵਿੱਚ ਕਮੀ ਨੂੰ ਮੁੱਖ ਕਾਰਨ ਦੱਸਿਆ ਹੈ।
ਇਸ ਦੌਰਾਨ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਲੁਧਿਆਣਾ ਵਿੱਚ ਐਲਾਨ ਕੀਤਾ ਕਿ ਮੰਗਲਵਾਰ ਤੋਂ ਸੂਬੇ ਵਿੱਚ ਬਿਜਲੀ ਕੱਟ ਨਹੀਂ ਲਗਾਏ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸਾਰੇ ਸਰਕਾਰੀ ਅਤੇ ਨਿੱਜੀ ਥਰਮਲ ਪਾਵਰ ਪਲਾਂਟ ਹੁਣ ਚਾਲੂ ਹੋ ਚੁੱਕੇ ਹਨ।
ਉਦਯੋਗ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਹਰ ਰੋਜ਼ 10 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਦਯੋਗਿਕ ਖੇਤਰ ਨੂੰ ਵੀ ਪਾਵਰ ਕੱਟਾਂ ਤੋਂ ਰਾਹਤ ਮਿਲਣ ਦਾ ਦਾਅਵਾ ਕੀਤਾ ਗਿਆ ਹੈ।
ਹੁਣ ਬਿਜਲੀ ਵਿਭਾਗ ਦੀ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੇ ਗੁਰਕੀਰਤ ਕਿਰਪਾਲ ਸਿੰਘ ਦੇ ਸਾਹਮਣੇ ਬਿਜਲੀ ਸਪਲਾਈ ਨੂੰ ਸਥਿਰ ਕਰਨਾ ਅਤੇ ਲਗਾਤਾਰ ਵਧ ਰਹੀ ਮੰਗ ਨੂੰ ਪੂਰਾ ਕਰਨਾ ਵੱਡੀ ਚੁਣੌਤੀ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦਾ ਇਹ ਦਾਅਵਾ ਕਿ ਬਿਜਲੀ ਕੱਟ ਨਹੀਂ ਲੱਗਣਗੇ, ਜ਼ਮੀਨੀ ਪੱਧਰ ’ਤੇ ਕਿੰਨਾ ਪ੍ਰਭਾਵੀ ਹੁੰਦਾ ਹੈ, ਇਸ ’ਤੇ ਸਭ ਦੀ ਨਜ਼ਰ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH