ਪੰਜਾਬ ਪਹਿਲੀ ਵਾਰ ਕਰੇਗਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, 1 ਨਵੰਬਰ ਨੂੰ ਜਲੰਧਰ ’ਚ ਹੋਵੇਗਾ ਭਾਰਤ-ਪਾਕਿ ਮੁਕਾਬਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਟੂਰਨਾਮੈਂਟ ਦਾ ਲੋਗੋ, ਸਾਰੇ ਮੈਚਾਂ ਦੀ ਐਂਟਰੀ ਹੋਵੇਗੀ ਮੁਫ਼ਤ ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਪਹਿਲੀ ਵਾਰ ‘ਮੈਨਜ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਏਸ਼ੀਅਨ
पुरुष एशियन चैंपियंस ट्रॉफी हॉकी टूर्नामेंट पोस्टर जारी करते हुए मुख्यमंत्री भगवंत मान और हॉकी इंडिया के अधिकारी


ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਟੂਰਨਾਮੈਂਟ ਦਾ ਲੋਗੋ, ਸਾਰੇ ਮੈਚਾਂ ਦੀ ਐਂਟਰੀ ਹੋਵੇਗੀ ਮੁਫ਼ਤ

ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਪਹਿਲੀ ਵਾਰ ‘ਮੈਨਜ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਏਸ਼ੀਅਨ ਹਾਕੀ ਫੈਡਰੇਸ਼ਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਟੂਰਨਾਮੈਂਟ ਦਾ ਲੋਗੋ ਜਾਰੀ ਕੀਤਾ। ਵੱਕਾਰੀ ਅੰਤਰਰਾਸ਼ਟਰੀ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਟੂਰਨਾਮੈਂਟ ਦੇ ਲੀਗ ਪੜਾਅ ਦੇ ਮੁਕਾਬਲੇ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹੋਣਗੇ, ਜਦਕਿ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਖੇਡੇ ਜਾਣਗੇ। ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਸਮੇਤ ਏਸ਼ੀਆ ਦੀਆਂ ਪ੍ਰਮੁੱਖ ਹਾਕੀ ਟੀਮਾਂ ਹਿੱਸਾ ਲੈਣਗੀਆਂ।

ਇਸ ਚੈਂਪੀਅਨਸ਼ਿਪ ਦਾ ਸਭ ਤੋਂ ਵੱਡਾ ਆਕਰਸ਼ਣ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਸ਼ਾਮ 7 ਵਜੇ ਜਲੰਧਰ ਵਿੱਚ ਹੋਣ ਵਾਲਾ ਭਾਰਤ-ਪਾਕਿਸਤਾਨ ਮੁਕਾਬਲਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੀ ਸ਼ਮੂਲੀਅਤ ਕਾਰਨ ਇਹ ਟੂਰਨਾਮੈਂਟ ਹਾਕੀ ਪ੍ਰੇਮੀਆਂ ਲਈ ਹੋਰ ਵੀ ਖ਼ਾਸ ਬਣ ਜਾਵੇਗਾ।

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟੂਰਨਾਮੈਂਟ ਲਈ ₹25.40 ਕਰੋੜ ਦਾ ਬਜਟ ਮਨਜ਼ੂਰ ਕੀਤਾ ਹੈ। ਇਸ ਵਿੱਚੋਂ ₹22.96 ਕਰੋੜ ਦੋਵੇਂ ਮੁੱਖ ਸਟੇਡੀਅਮਾਂ ਨੂੰ ਅਪਗ੍ਰੇਡ ਕਰਨ ’ਤੇ ਖ਼ਰਚ ਕੀਤੇ ਜਾ ਰਹੇ ਹਨ। ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਲਈ ₹14 ਕਰੋੜ ਅਤੇ ਮੋਹਾਲੀ ਦੇ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਲਈ ₹8.96 ਕਰੋੜ ਰੱਖੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਾਕੀ ਸਿਰਫ਼ ਇੱਕ ਖੇਡ ਨਹੀਂ, ਸਗੋਂ ਸੂਬੇ ਦੀ ਪਛਾਣ ਦਾ ਅਹਿਮ ਹਿੱਸਾ ਹੈ। ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਸਮੇਤ ਪੰਜਾਬ ਦੇ ਕਈ ਪਿੰਡਾਂ ਨੇ ਦੇਸ਼ ਨੂੰ ਓਲੰਪੀਅਨ, ਕੌਮੀ ਚੈਂਪੀਅਨ ਅਤੇ ਕਪਤਾਨ ਦਿੱਤੇ ਹਨ।

ਨੌਜਵਾਨਾਂ ਅਤੇ ਹਾਕੀ ਪ੍ਰੇਮੀਆਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਸਰਕਾਰ ਨੇ ਸਾਰੇ ਮੈਚਾਂ ਲਈ ਐਂਟਰੀ ਬਿਲਕੁਲ ਮੁਫ਼ਤ ਰੱਖਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸਕੂਲਾਂ, ਕਾਲਜਾਂ, ਹਾਕੀ ਅਕੈਡਮੀਆਂ, ਨੌਜਵਾਨ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵੱਡੀ ਗਿਣਤੀ ਵਿੱਚ ਸਟੇਡੀਅਮਾਂ ਵਿੱਚ ਪਹੁੰਚ ਕੇ ਮੁਕਾਬਲੇ ਦੇਖਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਲਈ ਤਿਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੇਂਡੂ ਖੇਡ ਮੈਦਾਨ ਅਤੇ ਆਧੁਨਿਕ ਜਿੰਮ ਵੀ ਵਿਕਸਤ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸਫ਼ਲ ਮੇਜ਼ਬਾਨੀ ਪੰਜਾਬ ਦੀ ਅੰਤਰਰਾਸ਼ਟਰੀ ਖੇਡਾਂ ਵਿੱਚ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ, ਡਾਇਰੈਕਟਰ ਜਨਰਲ ਕਮਾਂਡਰ ਆਰ.ਕੇ. ਸ਼੍ਰੀਵਾਸਤਵ, ਆਰ.ਪੀ. ਸਿੰਘ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਸਮੇਤ ਕਈ ਅਧਿਕਾਰੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande