ਰਾਜਾ ਵੜਿੰਗ ਨੇ ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਿਆ, ਹਰਪਾਲ ਚੀਮਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ‘ਵੜਿੰਗ ਵਿਦ ਵਾਰੀਅਰਜ਼’ ਦੇ ਛੇਵੇਂ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ


ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ‘ਵੜਿੰਗ ਵਿਦ ਵਾਰੀਅਰਜ਼’ ਦੇ ਛੇਵੇਂ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ ਹੈ ਅਤੇ ਇਸ ਮੁੱਦੇ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਵੜਿੰਗ ਨੇ ਆਪਣਾ ਇਹ ਸੈਸ਼ਨ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਨੂੰ ਸਮਰਪਿਤ ਕਰਦਿਆਂ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਨੇ ਆਪਣੇ ਪੁੱਤਰ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਕੋਲ ਗੁਹਾਰ ਲਗਾਈ ਸੀ, ਪਰ ਕਥਿਤ ਤੌਰ ’ਤੇ ਧਮਕੀਆਂ ਅਤੇ ਅਪਮਾਨ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ। ਉਨ੍ਹਾਂ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ’ਤੇ ਵੀ ਸਵਾਲ ਚੁੱਕੇ।

ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਸੰਸਕਾਰ ਮੌਕੇ ਨੌਕਰੀ ਦੇਣ ਸਬੰਧੀ ਜੋ ਦਸਤਾਵੇਜ਼ ਦਿੱਤਾ ਗਿਆ, ਉਹ ਅਸਲ ਵਿੱਚ ਨਿਯੁਕਤੀ ਪੱਤਰ ਨਹੀਂ ਸਗੋਂ ਸਰਕਾਰ ਨੂੰ ਕੀਤੀ ਗਈ ਸਿਫ਼ਾਰਸ਼ ਸੀ। ਉਨ੍ਹਾਂ 5 ਲੱਖ ਰੁਪਏ ਦੇ ਮੁਆਵਜ਼ੇ ਨੂੰ ਵੀ ਨਾਕਾਫ਼ੀ ਦੱਸਦਿਆਂ ਸਵਾਲ ਕੀਤਾ ਕਿ ਕੀ ਮਨੁੱਖੀ ਜਾਨ ਦੀ ਕੀਮਤ ਸਿਰਫ਼ 5 ਲੱਖ ਰੁਪਏ ਹੈ।

ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਨਸ਼ਿਆਂ ਦੀ ਸਮੱਸਿਆ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾ ਸਕਦੇ, ਕਿਉਂਕਿ ਉਨ੍ਹਾਂ ਦੀ ਸਰਕਾਰ ਨੂੰ ਕਰੀਬ ਪੰਜ ਸਾਲ ਹੋ ਚੁੱਕੇ ਹਨ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਵੀ ਸਵਾਲ ਉਠਾਉਂਦਿਆਂ ਦਾਅਵਾ ਕੀਤਾ ਕਿ ਸਰਕਾਰ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦੀਆਂ ਖ਼ਬਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਵੜਿੰਗ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਤੋਂ ਜਵਾਬ ਮੰਗਣ ਵਾਲੇ ਲੋਕਾਂ ਨਾਲ ਕਥਿਤ ਤੌਰ ’ਤੇ ਜ਼ਿਆਦਤੀਆਂ ਹੋ ਰਹੀਆਂ ਹਨ। ਉਨ੍ਹਾਂ ਸੰਗਰੂਰ ਦੇ ਮੋਹਨਜੀਤ ਸਿੰਘ ਅਤੇ ਚਮਕੌਰ ਸਿੰਘ ਸਮੇਤ ਕੁਝ ਮਾਮਲਿਆਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।

ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਕਾਂਗਰਸ ਵੱਲੋਂ 15 ਸਤੰਬਰ ਨੂੰ ਏਆਈਸੀਸੀ ਦੇ ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਵੜਿੰਗ ਨੇ ਕਿਹਾ ਕਿ ਕਾਂਗਰਸ ਗੁਲਜ਼ਾਰ ਸਿੰਘ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਬਰਖਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਹੋਣ ਦੇ ਨਾਤੇ ਕਾਂਗਰਸ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਂਦੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande