
ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲਈ ਹੈ। ਮਾਨਸੂਨ ਸਰਗਰਮ ਹੋਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣਗੇ।
ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਦੇ ਨਾਲ ਗਰਜ-ਚਮਕ ਹੋਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
ਤਰਣਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੱਡੀ ਗਿਰਾਵਟ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ 37.5 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਮਾਨਸੂਨ ਟਰਫ਼ ਇਸ ਸਮੇਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਤੋਂ ਹੁੰਦੀ ਹੋਈ ਬੰਗਾਲ ਦੀ ਖਾੜੀ ਤੱਕ ਬਣੀ ਹੋਈ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਆਸ-ਪਾਸ ਪੱਛਮੀ ਵਿਗਾੜ ਵੀ ਸਰਗਰਮ ਹੈ। ਇਨ੍ਹਾਂ ਦੋਵੇਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਤਬਦੀਲੀ ਜਾਰੀ ਰਹੇਗੀ ਅਤੇ ਕਈ ਥਾਵਾਂ ’ਤੇ ਮੀਂਹ ਦੇ ਨਾਲ ਗਰਜ-ਚਮਕ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH