ਪੰਜਾਬ ’ਚ ਕਿਸਾਨਾਂ ਦਾ ਵਿਆਪਕ ਪ੍ਰਦਰਸ਼ਨ, ਬਿਜਲੀ ਕੱਟਾਂ ਸਮੇਤ 13 ਮੰਗਾਂ ਨੂੰ ਲੈ ਕੇ ਕਈ ਜ਼ਿਲ੍ਹਿਆਂ ’ਚ ਧਰਨੇ
ਬਠਿੰਡਾ, ਸੰਗਰੂਰ, ਮਾਨਸਾ, ਫਰੀਦਕੋਟ ਤੇ ਜਗਰਾਉਂ ’ਚ ਕਿਸਾਨਾਂ ਨੇ ਖੋਲ੍ਹਿਆ ਮੋਰਚਾਡੀਸੀ ਦਫ਼ਤਰਾਂ, ਪਾਵਰਕਾਮ ਦਫ਼ਤਰਾਂ ਅਤੇ ਸੜਕਾਂ ’ਤੇ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਵਿੱਚ ਕਿਸਾਨਾਂ ਨੇ ਸੋਮਵਾਰ ਨੂੰ ਵੱਖ-ਵੱਖ ਮੰਗਾਂ ਅਤੇ ਖੇਤੀਬਾੜੀ ਖੇਤਰ ਵਿੱਚ ਹੋ ਰਹੀ ਅਣਐਲਾਨੀ ਬਿਜ
ਪੰਜਾਬ ’ਚ ਕਿਸਾਨਾਂ ਦਾ ਵਿਆਪਕ ਪ੍ਰਦਰਸ਼ਨ, ਬਿਜਲੀ ਕੱਟਾਂ ਸਮੇਤ 13 ਮੰਗਾਂ ਨੂੰ ਲੈ ਕੇ ਕਈ ਜ਼ਿਲ੍ਹਿਆਂ ’ਚ ਧਰਨੇ


ਬਠਿੰਡਾ, ਸੰਗਰੂਰ, ਮਾਨਸਾ, ਫਰੀਦਕੋਟ ਤੇ ਜਗਰਾਉਂ ’ਚ ਕਿਸਾਨਾਂ ਨੇ ਖੋਲ੍ਹਿਆ ਮੋਰਚਾਡੀਸੀ ਦਫ਼ਤਰਾਂ, ਪਾਵਰਕਾਮ ਦਫ਼ਤਰਾਂ ਅਤੇ ਸੜਕਾਂ ’ਤੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਵਿੱਚ ਕਿਸਾਨਾਂ ਨੇ ਸੋਮਵਾਰ ਨੂੰ ਵੱਖ-ਵੱਖ ਮੰਗਾਂ ਅਤੇ ਖੇਤੀਬਾੜੀ ਖੇਤਰ ਵਿੱਚ ਹੋ ਰਹੀ ਅਣਐਲਾਨੀ ਬਿਜਲੀ ਕਟੌਤੀ ਦੇ ਵਿਰੋਧ ਵਿੱਚ ਕਈ ਜ਼ਿਲ੍ਹਿਆਂ ਵਿੱਚ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ। ਬਠਿੰਡਾ, ਸੰਗਰੂਰ, ਮਾਨਸਾ, ਫਰੀਦਕੋਟ ਅਤੇ ਜਗਰਾਉਂ ਵਿੱਚ ਕਿਸਾਨ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਸਪਲਾਈ, ਕਰਜ਼ਾ ਮੁਆਫ਼ੀ, ਫ਼ਸਲਾਂ ਦੇ ਮੁਆਵਜ਼ੇ, ਨਹਿਰੀ ਪਾਣੀ ਸਮੇਤ ਹੋਰ ਲੰਬਿਤ ਮੰਗਾਂ ਦੇ ਹੱਲ ਦੀ ਮੰਗ ਕੀਤੀ।

ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਰੇ ਗੇਟਾਂ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਸ਼ਿੰਗਾਰ ਸਿੰਘ ਮਾਨ ਨੇ ਕਿਹਾ ਕਿ ਯੂਨੀਅਨ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਡੀਸੀ, ਐਸਐਸਪੀ ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ, ਪਰ ਕਿਸਾਨਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੋਈ।

ਸੰਗਰੂਰ ਵਿੱਚ ਵੀ ਬੀਕੇਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਡੀਸੀ ਦਫ਼ਤਰ ਦੇ ਸਾਰੇ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ 16 ਦਿਨਾਂ ਤੋਂ 13 ਸੂਤਰੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ, ਪਰ ਸਰਕਾਰ ਵੱਲੋਂ ਗੱਲਬਾਤ ਲਈ ਕੋਈ ਠੋਸ ਪਹਿਲ ਨਹੀਂ ਕੀਤੀ ਗਈ।

ਮਾਨਸਾ ਵਿੱਚ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਦਾ ਧਰਨਾ 16ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਭਾਰਤ-ਅਮਰੀਕਾ ਸਮਝੌਤੇ ਦਾ ਵਿਰੋਧ ਕਰਦਿਆਂ ਡਰੋਨ ਸਰਵੇ ਅਤੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਖੇਤਾਂ ਤੱਕ ਲੋੜੀਂਦਾ ਨਹਿਰੀ ਪਾਣੀ ਪਹੁੰਚਾਉਣ ਅਤੇ ਪਰਾਲੀ ਨਾਲ ਸਬੰਧਤ ਮਾਮਲੇ ਵਾਪਸ ਲੈਣ ਦੀ ਮੰਗ ਵੀ ਉਠਾਈ ਗਈ।

ਫਰੀਦਕੋਟ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਦਾ ਘਿਰਾਓ ਕੀਤਾ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਨੂੰ 8 ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਕਈ ਥਾਵਾਂ ’ਤੇ ਸਿਰਫ਼ 3 ਤੋਂ 4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਘੱਟ ਮੀਂਹ ਅਤੇ ਬਿਜਲੀ ਕਟੌਤੀ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ।

ਜਗਰਾਉਂ ਵਿੱਚ ਕਿਸਾਨਾਂ ਨੇ ਸਿੱਧਵਾਂ ਬੇਟ ਰੋਡ ਸਥਿਤ ਪਾਵਰਕਾਮ ਦੇ ਐਕਸੀਅਨ ਦਫ਼ਤਰ ਦੇ ਬਾਹਰ ਕਰੀਬ ਚਾਰ ਘੰਟੇ ਧਰਨਾ ਦਿੱਤਾ। ਮੰਗ ਪੱਤਰ ਲੈਣ ਲਈ ਅਧਿਕਾਰੀ ਦੇ ਮੌਕੇ ’ਤੇ ਨਾ ਪਹੁੰਚਣ ਕਾਰਨ ਪ੍ਰਦਰਸ਼ਨਕਾਰੀਆਂ ਨੇ ਜਗਰਾਉਂ-ਜਲੰਧਰ ਰੋਡ ਜਾਮ ਕਰ ਦਿੱਤੀ। ਬਾਅਦ ਵਿੱਚ ਐਸਡੀਓ ਵੱਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਲਿਖਤੀ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰਕੇ ਸੜਕ ਖੋਲ੍ਹ ਦਿੱਤੀ ਗਈ।

ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਭਰ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ, ਪਾਣੀ ਅਤੇ ਹੋਰ ਖੇਤੀਬਾੜੀ ਨਾਲ ਜੁੜੇ ਮੁੱਦਿਆਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande