ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 15 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰ
ਸਮਾਗਮ ਦੌਰਾਨ ਹਾਜ਼ਰ ਕਮੇਟੀ ਮੈਂਬਰ ਤੇ ਸੰਗਤ।


ਅੰਮ੍ਰਿਤਸਰ, 15 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ ਅਤੇ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭੱਟ ਸਾਹਿਬਾਨ ਵੱਲੋਂ ਉਚਾਰੀ ਪਾਵਨ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਕਰਕੇ ਉਨ੍ਹਾਂ ਨੂੰ ਵੱਡਾ ਮਾਣ ਅਤੇ ਸਤਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਭੱਟ ਸਾਹਿਬਾਨ ਵੱਲੋਂ ਉਚਾਰੇ ਗਏ ਪਾਵਨ ਸਵੱਈਏ ਗੁਰੂ ਪ੍ਰਤੀ ਅਟੁੱਟ ਸ਼ਰਧਾ, ਪ੍ਰੇਮ, ਵਿਸ਼ਵਾਸ ਅਤੇ ਸਮਰਪਣ ਦੀ ਭਾਵਨਾ ਨੂੰ ਦ੍ਰਿੜ੍ਹ ਕਰਵਾਉਂਦੇ ਹਨ। ਇਹ ਬਾਣੀ ਮਨੁੱਖ ਨੂੰ ਆਪਣੇ ਜੀਵਨ ਵਿੱਚ ਗੁਰੂ ਦੇ ਉਪਦੇਸ਼ਾਂ ਨੂੰ ਧਾਰਨ ਕਰਦਿਆਂ ਸੱਚ, ਸੇਵਾ, ਨਿਮਰਤਾ ਅਤੇ ਗੁਰਮਤਿ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ।

ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਵਿਰਾਸਤ, ਗੁਰਬਾਣੀ ਅਤੇ ਗੁਰਸਿੱਖੀ ਜੀਵਨ-ਜਾਚ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਬਾਣੀ ਪੜ੍ਹਨ, ਸੁਣਨ ਅਤੇ ਵਿਚਾਰਨ ਦੇ ਨਾਲ-ਨਾਲ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਉਹ ਗੁਰੂ ਸਾਹਿਬਾਨ ਵੱਲੋਂ ਦਰਸਾਏ ਉੱਚੇ-ਸੁੱਚੇ ਜੀਵਨ ਮਾਰਗ ਦੇ ਧਾਰਨੀ ਬਣ ਸਕਣ।

ਸਮਾਗਮ ਮੌਕੇ ਕਥਾਵਾਚਕ ਭਾਈ ਵਿਸ਼ਾਲ ਸਿੰਘ, ਭਾਈ ਨਿਸ਼ਾਨ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਹਰਪ੍ਰੀਤ ਸਿੰਘ, ਢਾਡੀ ਭਾਈ ਗੁਰਸੇਵਕ ਸਿੰਘ, ਭਾਈ ਗੁਰਭੇਜ ਸਿੰਘ ਚਵਿੰਡਾ ਦੇ ਜਥਿਆਂ ਵੱਲੋਂ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਗਿਆ। ਇਸੇ ਦੌਰਾਨ ਯੂਕੇ ਭਾਟ ਕਾਊਂਸਲ ਦੇ ਪ੍ਰਧਾਨ ਅਮਰੀਕ ਸਿੰਘ ਰਠੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਕੀਤੇ ਜਾਂਦੇ ਸਮਾਗਮ ਲਈ ਧੰਨਵਾਦ ਕੀਤਾ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਹਾਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਮੇਜਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਝੰਗੀ, ਜਸਬੀਰ ਸਿੰਘ, ਲਾਲ ਸਿੰਘ, ਭਾਈ ਅਮਰੀਕ ਸਿੰਘ ਲਤੀਫਪੁਰ, ਭੱਟ ਭਾਈਚਾਰੇ ਵੱਲੋਂ ਅਮਰੀਕ ਸਿੰਘ ਰਠੌਰ ਯੂਕੇ, ਗੁਰਜੀਤ ਸਿੰਘ ਹੀਰਾਪੁਰੀ ਯੂਕੇ, ਪ੍ਰਕਾਸ਼ ਸਿੰਘ ਯੂਕੇ, ਬਲਵਿੰਦਰ ਸਿੰਘ ਰੌਂਦ ਯੂਕੇ, ਰਛਪਾਲ ਸਿੰਘ ਯੂਕੇ, ਮਹਿੰਦਰ ਸਿੰਘ ਰਠੋਰ ਮੁੱਖ ਸੇਵਾਦਾਰ ਲੰਡਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande