ਐਨਐਚਐਮ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣੇਗੀ: ਹਰਪਾਲ ਚੀਮਾ
ਚੰਡੀਗੜ੍ਹ, 15 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦੇ ਹੱਲ ਲਈ ਅਹਿਮ ਕਦਮ ਚੁੱਕਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ
ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਕਰਦੇ ਹੋਏ ਮੰਤਰੀ ਹਰਪਾਲ ਸਿੰਘ ਚੀਮਾ।


ਚੰਡੀਗੜ੍ਹ, 15 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦੇ ਹੱਲ ਲਈ ਅਹਿਮ ਕਦਮ ਚੁੱਕਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਸਾਂਝੀ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਇਸ ਕਮੇਟੀ ਵਿੱਚ ਸਿਹਤ, ਵਿੱਤ ਅਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਕੀਤੇ ਜਾਣਗੇ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਤੋਂ ਇੱਕ ਵਿਸ਼ੇਸ਼ ਇਨਵਾਈਟੀ ਅਤੇ ਐਨਐਚਐਮ ਇੰਪਲਾਈਜ਼ ਯੂਨੀਅਨ ਦੇ ਦੋ ਮੈਂਬਰ ਵੀ ਕਮੇਟੀ ਦਾ ਹਿੱਸਾ ਹੋਣਗੇ।

ਹਰਪਾਲ ਚੀਮਾ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਐਨਐਚਐਮ ਅਧੀਨ ਕੰਮ ਕਰ ਰਹੀਆਂ ਹੋਰ ਯੂਨੀਅਨਾਂ ਨਾਲ ਵੀ ਵਿਚਾਰ-ਵਟਾਂਦਰਾ ਕਰਕੇ ਇੱਕ ਵਿਆਪਕ ਏਜੰਡਾ ਤਿਆਰ ਕੀਤਾ ਜਾਵੇ। ਇਸ ਏਜੰਡੇ ਦੇ ਆਧਾਰ 'ਤੇ ਸਾਂਝੀ ਕਮੇਟੀ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਵਿਹਾਰਕ ਹੱਲ ਲੱਭੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਕਮੇਟੀ ਨੂੰ ਯੂਨੀਅਨਾਂ ਦੀਆਂ ਮੰਗਾਂ ਨਾਲ ਜੁੜੀਆਂ ਵਿੱਤੀ ਦੇਣਦਾਰੀਆਂ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਦਾ ਵੀ ਵਿਸਥਾਰ ਨਾਲ ਅਧਿਐਨ ਕਰਨਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਅਗਲੇਰੀ ਕਾਰਵਾਈ ਲਈ ਅੰਤਿਮ ਤਜਵੀਜ਼ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਵਿੱਤ ਮੰਤਰੀ ਨੇ ਵੱਖ-ਵੱਖ ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ। 4161 ਮਾਸਟਰ ਕਾਡਰ ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ, ਕੰਪਿਊਟਰ ਟੀਚਰਜ਼ ਯੂਨੀਅਨ ਅਤੇ 180 ਈਟੀਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਵਿੱਤ ਮੰਤਰੀ ਦੇ ਸਾਹਮਣੇ ਰੱਖੀਆਂ।

ਅਧਿਆਪਕ ਯੂਨੀਅਨਾਂ ਦੇ ਜ਼ਿਆਦਾਤਰ ਮਸਲੇ ਤਨਖਾਹਾਂ ਅਤੇ ਬਦਲੀਆਂ ਨਾਲ ਸਬੰਧਤ ਸਨ। ਚੀਮਾ ਨੇ ਸਿੱਖਿਆ ਵਿਭਾਗ ਨੂੰ ਇਨ੍ਹਾਂ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਧਿਆਪਕ ਸੂਬੇ ਦੇ ਭਵਿੱਖ ਦੀ ਨੀਂਹ ਤਿਆਰ ਕਰਦੇ ਹਨ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਚਿੰਤਾਵਾਂ ਦਾ ਹੱਲ ਕਰਨਾ ਸਰਕਾਰ ਦੀ ਤਰਜੀਹ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਨਾਲ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਮੀਟਿੰਗਾਂ ਵਿੱਚ ਐਨਐਚਐਮ ਇੰਪਲਾਈਜ਼ ਯੂਨੀਅਨ ਸਮੇਤ ਵੱਖ-ਵੱਖ ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਸਰਕਾਰ ਅੱਗੇ ਆਪਣਾ ਪੱਖ ਰੱਖਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande