
ਵਿਧਾਇਕ ਕੋਹਲੀ ਨੇ ਨਸ਼ਾ ਤਸਕਰੀ ਰੋਕਣ ਅਤੇ ਨਸ਼ਾ ਛੁਡਾਊ ਕੇਂਦਰਾਂ ਦੇ ਫਾਲੋਅਪ ’ਤੇ ਦਿੱਤਾ ਜ਼ੋਰ
ਪਟਿਆਲਾ, 16 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ 551 ਦਿਨ ਪੂਰੇ ਹੋਣ ਮੌਕੇ ਸੂਬੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਹਲਕਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਟਿਆਲਾ ਵਿਧਾਨ ਸਭਾ ਹਲਕੇ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਅਤੇ ਨਸ਼ਾ ਮੁਕਤੀ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਹਲਕਾ ਪ੍ਰਧਾਨ ਦਵਿੰਦਰ ਪਾਲ ਸਿੰਘ ਵਿੱਕੀ, ਡੀਐੱਸਪੀ ਸਿਟੀ ਸੰਜੀਵ ਸਿੰਗਲਾ, ਐੱਸਡੀਐੱਮ ਗੁਰਦੇਵ ਸਿੰਘ ਧੰਮ ਸਮੇਤ ਹੋਰ ਪਤਵੰਤੇ ਅਤੇ ਸਬੰਧਤ ਅਧਿਕਾਰੀ ਮੌਜੂਦ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿਧਾਨ ਸਭਾ ਹਲਕੇ ਵਿੱਚ ਵੀ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਅਤੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਬੀਡੀਸੀ ਅਤੇ ਡਬਲਯੂਡੀਸੀ ਮੈਂਬਰਾਂ ਵੱਲੋਂ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਬਾਰੇ ਦਿੱਤੀ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਕੋਹਲੀ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਉੱਥੇ ਇਲਾਜ ਕਰਵਾ ਰਹੇ ਨੌਜਵਾਨਾਂ ਦੀ ਸਥਿਤੀ ਬਾਰੇ ਵੀ ਲਗਾਤਾਰ ਜਾਣਕਾਰੀ ਲਈ ਜਾ ਰਹੀ ਹੈ। ਨਸ਼ਾ ਮੁਕਤੀ ਮੋਰਚੇ ਵੱਲੋਂ ਮਿਲਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਕਾਰਵਾਈ ਸਬੰਧੀ ਵੀ ਅਪਡੇਟ ਲਏ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਜ ਕਰਵਾ ਕੇ ਵਾਪਸ ਆਉਣ ਵਾਲੇ ਨੌਜਵਾਨਾਂ ਦਾ ਲਗਾਤਾਰ ਫਾਲੋਅਪ ਕਰਨਾ ਜ਼ਰੂਰੀ ਹੈ, ਤਾਂ ਜੋ ਉਨ੍ਹਾਂ ਨੂੰ ਮੁੜ ਨਸ਼ਿਆਂ ਵੱਲ ਜਾਣ ਤੋਂ ਰੋਕਣ ਵਿੱਚ ਮਦਦ ਮਿਲ ਸਕੇ। ਇਸ ਸਬੰਧੀ ਸਬੰਧਤ ਐੱਮਸੀਜ਼ ਨੂੰ ਵੀ ਲਗਾਤਾਰ ਫਾਲੋਅਪ ਕਰਨ ਲਈ ਕਿਹਾ ਗਿਆ ਹੈ।
ਇਸ ਮੌਕੇ ਹਲਕਾ ਪ੍ਰਧਾਨ ਦਵਿੰਦਰ ਪਾਲ ਸਿੰਘ ਵਿੱਕੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੰਬੀ ਹੈ ਅਤੇ ਇਸ ਨੂੰ ਸਾਂਝੇ ਯਤਨਾਂ ਨਾਲ ਜਾਰੀ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਾਰਿਆਂ ਦੇ ਸਹਿਯੋਗ ਨਾਲ ਲਗਾਤਾਰ ਯਤਨ ਕੀਤੇ ਜਾਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH