
ਮਲੋਟ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਜ ਪੱਧਰੀ ਸਮਾਗਮ; 100 ਤੋਂ ਵੱਧ ਖੇਡ ਕਿੱਟਾਂ ਵੰਡੀਆਂ, ‘ਨਸ਼ਾ ਮੁਕਤੀ ਮਿੱਤਰਾਂ’ ਦਾ ਸਨਮਾਨ
ਮਲੋਟ, 16 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਪੇਂਡੂ ਅਤੇ ਸ਼ਹਿਰੀ ਪੱਧਰ ’ਤੇ ਨਸ਼ਾ ਰੋਕੂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾ ਰਹੀ ਹੈ।
ਉਨ੍ਹਾਂ ਮੁਤਾਬਕ ਨਸ਼ਾ ਤਸਕਰੀ ਨਾਲ ਜੁੜੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਨਾਲ-ਨਾਲ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਗਈਆਂ ਗੈਰ-ਕਾਨੂੰਨੀ ਇਮਾਰਤਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ।
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਕਰੀਬ 3000 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ‘ਮੁੱਖ ਮੰਤਰੀ ਜਿੰਮ’ ਮੁਹਿੰਮ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਨੂੰ ਹਾਕੀ, ਫੁੱਟਬਾਲ, ਵਾਲੀਬਾਲ ਅਤੇ ਕ੍ਰਿਕਟ ਦੀਆਂ 100 ਤੋਂ ਵੱਧ ਖੇਡ ਕਿੱਟਾਂ ਵੰਡੀਆਂ ਗਈਆਂ।
ਇਸ ਤੋਂ ਇਲਾਵਾ ਨਸ਼ਿਆਂ ਦੀ ਰੋਕਥਾਮ ਲਈ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਨੂੰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ‘ਆਓ ਕੋਸ਼ਿਸ਼ ਕਰੀਏ’ ਨਾਟਕ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਲਵਈ ਗਿੱਧਾ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਮਾਰੀਆ ਵੱਲੋਂ ਸੋਲੋ ਡਾਂਸ ਵੀ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਨੇ ਸਮਾਗਮ ਵਿੱਚ ਸ਼ਾਮਲ ਨੌਜਵਾਨਾਂ, ਖੇਡ ਕਲੱਬਾਂ, ਖਿਡਾਰੀਆਂ ਅਤੇ ਪਤਵੰਤੇ ਵਿਅਕਤੀਆਂ ਨੂੰ ਨਸ਼ਾ ਵਿਰੋਧੀ ਸਹੁੰ ਚੁਕਵਾਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੁਲਿਸ ਪ੍ਰਸ਼ਾਸਨ ਦੇ ਨੁਮਾਇੰਦੇ, ਸਮਾਜਿਕ ਸੰਸਥਾਵਾਂ ਦੇ ਮੈਂਬਰ, ਖਿਡਾਰੀ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH